Punjab

ਨਰਾਜ਼ ਹੋ ਕੇ ‘ਕੇਂਦਰ ਸਰਕਾਰ’ ਦੀ ਮੀਟਿੰਗ ਤੋਂ ਬਾਹਰ ਆਏ ਕਿਸਾਨ, ਵੱਡੇ ਸੰਘਰਸ਼ ਦਾ ਐਲਾਨ

‘ਦ ਖ਼ਾਲਸ ਬਿਊਰੋ:- ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ ਬੇਸਿੱਟਾ ਰਹੀ ਹੈ। ਕਿਸਾਨਾਂ ਨੇ ਨਰਾਜ਼ ਹੋ ਕੇ ਮੀਟਿੰਗ ਦਾ ਬਾਈਕਾਟ ਕਰ ਦਿੱਤਾ ਹੈ। ਇਸ ਮੀਟਿੰਗ ਵਿੱਚ ਕਿਸਾਨਾਂ ਦੀ ਕੇਂਦਰ ਨਾਲ ਕੋਈ ਸਹਿਮਤੀ ਨਹੀਂ ਬਣੀ। ਮੀਟਿੰਗ ਤੋਂ ਬਾਅਦ ਕਿਸਾਨਾਂ ਵੱਲੋਂ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਨੇ ਖੇਤੀ ਕਾਨੂੰਨ ਦੀਆਂ ਕਾਪੀਆਂ ਪਾੜ ਕੇ ਸੁੱਟ ਦਿੱਤੀਆਂ ਅਤੇ ਨਾਅਰੇਬਾਜ਼ੀ ਕਰਦੇ ਹੋਏ ਮੀਟਿੰਗ ਤੋਂ ਬਾਹਰ ਨਿਕਲ ਆਏ। ਕਿਸਾਨਾਂ ਨੇ ਕਿਹਾ ਕਿ ਕੇਂਦਰ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। ਸਾਨੂੰ ਦਿੱਲੀ ਬੁਲਾ ਕੇ ਮੰਤਰੀ ਪੰਜਾਬ ਵਿੱਚ ਮੀਟਿੰਗ ਕਰ ਰਹੇ ਹਨ। ਕਿਸਾਨਾਂ ਵੱਲੋਂ ਕੱਲ੍ਹ ਬੈਠਕ ਕਰਕੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।

ਇਸ ਮੌਕੇ ਕਿਸਾਨ ਆਗੂਆਂ ਨੇ ਰੋਸ ਜਤਾਇਆ ਕਿ ਇਸ ਮੀਟਿੰਗ ‘ਚ ਕੋਈ ਵੀ ਮੰਤਰੀ ਮੌਜੂਦ ਨਹੀਂ ਸੀ, ਸਿਰਫ ਕ੍ਰਿਸ਼ੀ ਭਵਨ ਦੇ ਕੁੱਝ ਅਧਿਕਾਰੀ ਮੌਜੂਦ ਸਨ ਜਿਨ੍ਹਾਂ ਨੂੰ ਕਿਸਾਨਾਂ ਦੀ ਕਿਸੇ ਗੱਲ ਬਾਰੇ ਪਤਾ ਤੱਕ ਨਹੀਂ ਸੀ। ਕਿਸਾਨ ਲੀਡਰਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਮੁੱਦਿਆਂ ਬਾਰੇ ਸੰਜੀਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਗੱਲਬਾਤ ਦੇ ਨਾਂ ‘ਤੇ ਕਿਸਾਨਾਂ ਨਾਲ ਮਜ਼ਾਕ ਕੀਤਾ ਗਿਆ ਹੈ। ਮੀਟਿੰਗ ਵਿੱਚ ਕੋਈ ਵੀ ਮੰਤਰੀ ਜਾਂ ਸਰਕਾਰ ਦਾ ਸਿਆਸੀ ਨੁਮਾਇੰਦਾ ਨਹੀਂ ਸੀ। ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਕਿਸੇ ਵੀ ਮੰਤਰੀ ਨੂੰ ਪੰਜਾਬ ਨਹੀਂ ਵੜ੍ਹਨ ਦਿੱਤਾ ਜਾਵੇਗਾ। ਉਨ੍ਹਾਂ ਨੇ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਦੱਸਿਆ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਨੇ ਬੈਠਕ ਵਿੱਚ ਜਾ ਕੇ ਸਵਾਲ ਕੀਤਾ ਕਿ ਇੱਕ ਪਾਸੇ ਕੇਂਦਰ ਗੱਲਾਬਤ ਲਈ ਬੁਲਾ ਰਹੀ ਹੈ ਤਾਂ ਦੂਜੇ ਪਾਸੇ 7 ਮੰਤਰੀਆਂ ਨੂੰ ਪੰਜਾਬ ਵਿੱਚ ਵਰਚੂਅਲ ਬੈਠਕਾਂ ਕਰਨ ਲਈ ਭੇਜਿਆ ਗਿਆ ਹੈ। ਇਹ ਕੇਂਦਰ ਸਰਕਾਰ ਦੀ ਦੋਗਲੀ ਨੀਤੀ ਹੈ।

ਜਗਮੋਹਨ ਸਿੰਘ ਮੁਤਾਬਕ 28 ਜਥੇਬੰਦੀਆਂ ਦੇ 7 ਮੈਂਬਰੀ ਵਫ਼ਦ ਨੇ ਅਤੇ ਬੀਕੇਯੂ ਉਗਰਾਹਾਂ ਦੇ ਆਗੂਆਂ ਨੇ ਆਪੋ ਆਪਣੀਆਂ ਮੰਗਾਂ ਦੇ ਮੰਗ ਪੱਤਰ ਸੌਂਪੇ ਤੇ ਇਕੱਠਿਆਂ ਬੈਠਕ ਤੋਂ ਬਾਹਰ ਆ ਗਏ। ਕਿਸਾਨਾਂ ਨੇ ਵਾਪਿਸ ਜਾਣ ਦੀ ਬਜਾਏ ਕ੍ਰਿਸ਼ੀ ਭਵਨ ਦੇ ਬਾਹਰ ਹੀ ਧਰਨਾ ਲਾ ਦਿੱਤਾ ਹੈ। ਕਿਸਾਨ ਕੱਲ੍ਹ ਮੀਟਿੰਗ ਤੈਅ ਕਰਕੇ ਅਗਲੀ ਰਣਨੀਤੀ ਦਾ ਐਲਾਨ ਕਰਨਗੇ।