International

ਇਮਰਾਨ ਖਾਨ ਦਾ ਵੱਡਾ ਫੈਸਲਾ, 15 ਸਤੰਬਰ ਤੋਂ ਪਾਕਿਸਤਾਨ ‘ਚ ਸਾਰੇ ਸਕੂਲ-ਕਾਲਜ ਖੋਲ੍ਹੇ ਜਾਣ ਦੇ ਦਿੱਤੇ ਆਦੇਸ਼

‘ਦ ਖ਼ਾਲਸ ਬਿਊਰੋ :- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪਾਕਿਸਤਾਨ ਸਰਕਾਰ ਸਾਰੇ ਵਿੱਦਿਅਕ ਅਦਾਰੇ ਖੋਲ੍ਹਣ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਖੁਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ 28 ਅਗਸਤ ਨੂੰ ਦਿੱਤੀ ਹੈ। ਉਨ੍ਹਾਂ ਕਿਹਾ ਕਿ 15 ਸਤੰਬਰ ਤੱਕ ਪਾਕਿਸਤਾਨ ਦੇ ਸਾਰੇ ਵਿੱਦਿਅਕ ਅਦਾਰੇ ਖੋਲ੍ਹ ਦਿੱਤੇ ਜਾਣਗੇ। ਇਸ ਸਬੰਧ ਵਿੱਚ ਸਾਰੇ ਸੂਬਿਆਂ ਨੂੰ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਕਿਹਾ ਗਿਆ ਹੈ।

ਪਾਕਿਸਤਾਨ ਸਰਕਾਰ ਨੇ ਪਹਿਲਾਂ ਹੀ 15 ਸਤੰਬਰ ਨੂੰ ਸਾਰੇ ਸਕੂਲ-ਕਾਲਜ ਨੂੰ ਖੋਲ੍ਹਣ ਦਾ ਫੈਸਲਾ ਕਰ ਲਿਆ ਸੀ, ਪਰ ਇਮਰਾਨ ਖਾਨ ਨੇ 28 ਅਗਸਤ ਨੂੰ ਇਸ ਫੈਸਲੇ ‘ਤੇ ਇੱਕ ਵਾਰ ਫਿਰ ਮੋਹਰ ਲਾ ਦਿੱਤੀ। ਪ੍ਰਧਾਨ ਮੰਤਰੀ ਨੇ ਕੋਵਿਡ -19 ਨਾਲ ਸਬੰਧਤ ਰਾਸ਼ਟਰੀ ਤਾਲਮੇਲ ਕਮੇਟੀ (NCC) ਦੀ ਬੈਠਕ ਦੀ ਅਗਵਾਈ ਕਰਦੇ ਹੋਏ ਲੋਕਾਂ ਨੂੰ ਕਿਹਾ ਕਿ ਮੁਹੱਰਰਮ ਤਿਉਹਾਰ ਮੌਕੇ ਲੋੜੀਂਦੀਆਂ ਸਾਵਧਾਨੀਆਂ ਵਰਤੀਆਂ ਜਾਣ। ਇਸ ਬੈਠਕ ਵਿੱਚ ਘਰੇਲੂ ਉਡਾਣਾਂ ਲਈ ਜ਼ਰੂਰੀ ਸਿਹਤ ਨਿਰਦੇਸ਼ਾਂ ਦੀ ਸਮੀਖਿਆ ਕਰਨ ਦਾ ਫੈਸਲਾ ਵੀ ਕੀਤਾ ਗਿਆ। ਮੀਟਿੰਗ ‘ਚ ਦੱਸਿਆ ਗਿਆ ਕਿ ਪਾਕਿਸਤਾਨ ‘ਚ ਕੋਰੋਨਾ ਵਾਇਰਸ ਦੀ ਲਾਗ ਦੇ ਕੇਸਾਂ ‘ਚ ਤੇਜ਼ੀ ਨਾਲ ਸੁਧਾਰ ਆ ਰਿਹਾ ਹੈ।

ਪਾਕਿਸਤਾਨ ‘ਚ ਕੋਰੋਨਾ ਮਹਾਂਮਾਰੀ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ, ਜ਼ਰੂਰੀ ਸਾਵਧਾਨੀਆਂ ਨਾਲ ਸਕੂਲ-ਕਾਲਜ ਖੋਲ੍ਹਣ ਤੇ ਸਾਰੀਆਂ ਵਿੱਦਿਅਕ ਗਤੀਵਿਧੀਆਂ ਸ਼ੁਰੂ ਕਰਨ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ। ਇਸ ਮੀਟਿੰਗ ‘ਚ ਸੀਨੀਅਰ ਮੰਤਰੀ ਤੇ ਪਾਕਿਸਤਾਨ ਸਰਕਾਰ ਦੇ ਅਧਿਕਾਰੀ ਸਣੇ ਸਿਹਤ ਸਲਾਹਕਾਰ ਵੀ ਸ਼ਾਮਲ ਹੋਏ। ਇਸ ਤੋਂ ਇਲਾਵਾ ਸੈਰ-ਸਪਾਟਾ ਖੇਤਰ ਨੂੰ ਮੁੜ ਚਾਲੂ ਕਰਨਾ, ਹਵਾਬਾਜ਼ੀ ਖੇਤਰ ਵਿੱਚ ਮੌਜੂਦਾ ਨਿਯਮਾਂ ਦੀ ਸਮੀਖਿਆ ਕਰਨ, ਟੈਸਟਿੰਗ ਤੇ ਮਾਈਕ੍ਰੋ ਸਮਾਰਟ ਲਾਕਡਾਊਨ ਵਰਗੇ ਕਈ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਕੀਤੇ ਗਏ।

ਇਮਰਾਨ ਖਾਨ ਨੇ ਕਿਹਾ ਕਿ ਘਰੇਲੂ ਉਡਾਣਾਂ ਲਈ ਹੈਲਥ ਪ੍ਰੋਟੋਕੋਲ ਦੀ ਸਮੀਖਿਆ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਯੋਜਨਾ ਮੰਤਰੀ ਅਸਦ ਉਮਰ ਨੇ ਮੀਟਿੰਗ ਵਿੱਚ ਪਾਕਿਸਤਾਨ ਤੇ ਗੁਆਂਢੀ ਦੇਸ਼ਾਂ ਦੀ ਤੁਲਨਾ ਕਰਦਿਆਂ ਕੋਰੋਨਾ ਮਹਾਂਮਾਰੀ ਦੀ ਸਥਿਤੀ ਦਾ ਜਾਇਜ਼ਾ ਲਿਆ, ਜਿਸ ਤੋਂ ਇਹ ਪਤਾ ਲੱਗਿਆ ਹੈ ਕਿ ਮਹਾਂਮਾਰੀ ਵਿਰੁੱਧ ਲੜਨ ਲਈ ਪਾਕਿਸਤਾਨ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਮਾਨਤਾ ਮਿਲੀ ਹੈ ਅਤੇ ਗੁਆਂਢੀ ਦੇਸ਼ਾਂ ਦੇ ਮੁਕਾਬਲੇ ਸਥਿਤੀ ‘ਚ ਕਾਫੀ ਸੁਧਾਰ ਆਇਆ ਹੈ।

ਜਿੱਥੇ ਪਾਕਿਸਤਾਨ ਵਿੱਚ ਸਕੂਲ-ਕਾਲਜ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ, ਉੱਥੇ ਭਾਰਤ ਵਿੱਚ ਹਜ਼ਾਰਾਂ ਵਿਦਿਆਰਥੀ ਮੈਡੀਕਲ ਤੇ ਇੰਜੀਨੀਅਰਿੰਗ ਦਾਖ਼ਲਾ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦੀ ਮੰਗ ਵਿੱਚ ਸੜਕਾਂ ‘ਤੇ ਮੋਰਚੇ ਕਰ ਰਹੇ ਹਨ।

ਪਿਛਲੇ ਕੁੱਝ ਦਿਨਾਂ ਤੋਂ ਭਾਰਤ ਵਿੱਚ ਹਰ ਰੋਜ਼ ਕੋਰੋਨਾ ਦੀ ਲਾਗ ਦੇ 75 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ, ਅਤੇ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਦੇਸ਼ ਵਿੱਚ ਅਨਲਾਕ -4 ‘ਚ ਸਕੂਲ-ਕਾਲਜ, ਜਿਮ ਤੇ ਸਿਨੇਮਾ ਹਾਲ ਖੋਲ੍ਹਣ ਦਾ ਫੈਸਲਾ ਨਹੀਂ ਲਿਆ ਗਿਆ ਹੈ।