India

ਖੇਤੀ ਕਾਨੂੰਨਾਂ ਵਿਰੁੱਧ ਦੋ ਕਰੋੜ ਦਸਤਖਤਾਂ ਵਾਲਾ ਮੰਗ ਪੱਤਰ ਰਾਸ਼ਟਰਪਤੀ ਨੂੰ ਸੌਂਪਣ ਜਾ ਰਹੇ ਕਾਂਗਰਸੀ ਲੀਡਰਾਂ ਨੂੰ ਪੁਲਿਸ ਨੇ ਰਸਤੇ ‘ਚ ਰੋਕਿਆ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਬਾਰੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲਣ ਜਾ ਰਹੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ ਸਮੇਤ ਪੁਲਿਸ ਨੇ ਕਈ ਹੋਰ ਕਾਂਗਰਸੀ ਲੀਡਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਉਨ੍ਹਾਂ ਨੂੰ ਅੱਧੇ ਘੰਟੇ ਬਾਅਦ ਰਿਹਾ ਕਰ ਦਿੱਤਾ ਗਿਆ। ਇਸ ਤੋਂ ਬਾਅਦ ਕਾਂਗਰਸੀ ਲੀਡਰ ਰਾਹੁਲ ਗਾਂਧੀ ਸਮੇਤ ਕੁੱਝ ਹੋਰ ਕਾਂਗਰਸ ਦੇ ਲੀਡਰਾਂ ਨੂੰ ਰਾਸ਼ਟਰਪਤੀ ਨਾਲ ਮਿਲਣ ਦਿੱਤਾ ਗਿਆ।

ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੇ ਰਾਸ਼ਟਰਪਤੀ ਨੂੰ ਕਿਹਾ ਕਿ ” ਜੋ ਖੇਤੀ ਕਾਨੂੰਨ ਬਣਾਏ ਗਏ ਹਨ, ਉਹ ਕਿਸਾਨ ਵਿਰੋਧੀ ਹਨ। ਇਨ੍ਹਾਂ ਕਾਨੂੰਨਾਂ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਦਾ ਨੁਕਸਾਨ ਹੋਣ ਵਾਲਾ ਹੈ। ਮੈਂ ਪ੍ਰਧਾਨ ਮੰਤਰੀ ਨੂੰ ਕਹਿਣਾ ਚਾਹੁੰਦਾ ਹਾਂ ਕਿ ਕਿਸਾਨ ਹਟੇਗਾ ਨਹੀਂ, ਪ੍ਰਧਾਨ ਮੰਤਰੀ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਕਿਸਾਨ, ਮਜ਼ਦੂਰ ਘਰ ਚਲੇ ਜਾਣਗੇ।”

ਰਾਹੁਲ ਗਾਂਧੀ ਨੇ ਵਿਜੇ ਚੌਂਕ ਲਈ ਨਿਕਲਣ ਤੋਂ ਪਹਿਲਾਂ ਕਾਂਗਰਸ ਦੇ ਮੁੱਖ ਦਫ਼ਤਰ ਵਿੱਚ ਸੀਨੀਅਰ ਪਾਰਟੀ ਲੀਡਰਾਂ ਨਾਲ ਮੁਲਾਕਾਤ ਕੀਤੀ। ਕਾਂਗਰਸੀ ਲੀਡਰ ਅਤੇ ਤਿਰੁਵਨੰਥਪੁਰਮ ਤੋਂ ਸਾਂਸਦ ਡਾ. ਸ਼ਸ਼ੀ ਥਰੂਰ ਨੇ ਕਿਹਾ ਕਿ ਰਾਸ਼ਟਰਪਤੀ ਦੀ ਵੱਡੀ ਨੈਤਿਕ ਭੂਮਿਕਾ ਬਣਦੀ ਹੈ ਕਿ ਉਹ ਸਰਕਾਰ ਨੂੰ ਸਮਝਾਉਣ ਕਿ ਉਹ ਆਪਣੇ ਵਿਧਾਨਕ ਹੰਕਾਰ ਦੀ ਅੜੀ ਨਾ ਕਰੇ।

ਸਾਬਕਾ ਕਾਂਗਰਸ ਮੁਖੀ ਰਾਹੁਲ ਗਾਂਧੀ ਨੇ ਅੱਜ ਵਿਜੇ ਚੌਕ ਤੋਂ ਰਾਸ਼ਟਰਪਤੀ ਭਵਨ ਤੱਕ ਪਾਰਟੀ ਦੇ ਸੰਸਦ ਮੈਂਬਰਾਂ ਨਾਲ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕਰਨ ਅਤੇ ਸਤੰਬਰ ਮਹੀਨੇ ਵਿੱਚ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਦੋ ਕਰੋੜ ਦਸਤਖਤਾਂ ਵਾਲਾ ਮੰਗ ਪੱਤਰ ਸੌਂਪਣ ਲਈ ਮਾਰਚ ਦੀ ਸ਼ੁਰੂਆਤ ਕੀਤੀ ਸੀ।