Punjab

ਪੰਜਾਬ ‘ਚ 15 ਅਕਤੂਬਰ ਤੋਂ ਨਹੀਂ ਖੁੱਲਣਗੇ ਸਕੂਲ

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਨੇ ਸੂਬੇ ਵਿੱਚ 15 ਅਕਤੂਬਰ ਤੋਂ ਸਕੂਲ ਖੋਲ੍ਹਣ ਦੇ ਫੈਸਲੇ ਨੂੰ ਵਾਪਿਸ ਲੈ ਲਿਆ ਹੈ, ਹੁਣ 15 ਅਕਤੂਬਰ ਤੋਂ ਸਕੂਲ ਨਹੀਂ ਖੋਲ੍ਹੇ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ 15 ਅਕਤੂਬਰ ਤੋਂ ਸਕੂਲ ਮੁੜ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਸੀ। ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ‘ਪੰਜਾਬ ਸਰਕਾਰ ਵੱਲੋਂ ਸਕੂਲ ਖੋਲ੍ਹਣ ਬਾਰੇ ਅਜੇ ਕੋਈ ਵੀ ਫੈਸਲਾ ਨਹੀਂ ਲਿਆ ਗਿਆ। ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹੀ ਫੈਸਲਾ ਲਿਆ ਜਾਵੇਗਾ ਤੇ ਹਰ ਸਰਕਾਰੀ ਹਦਾਇਤ ਦੀ ਪਾਲਣਾ ਕਰਦੇ ਹੋਏ ਸਕੂਲ ਖੋਲ੍ਹੇ ਜਾਣਗੇ’।

ਉਨ੍ਹਾਂ ਕਿਹਾ ਕਿ ‘ਹਾਲੇ ਤੱਕ ਕੈਪਟਨ ਅਮਰਿੰਦਰ ਸਿੰਘ ਨੇ 15 ਅਕਤੂਬਰ ਤੋਂ ਸਕੂਲ ਖੋਲ੍ਹਣ ਬਾਰੇ ਕੋਈ ਮੋਹਰ ਨਹੀਂ ਲਾਈ।  ਇਹ ਸਿਰਫ ਸਿੱਖਿਆ ਮੰਤਰਾਲੇ ਵੱਲੋਂ ਗ੍ਰਹਿ ਮੰਤਰਾਲੇ ਨੂੰ ਦਿੱਤੇ ਗਏ ਸੁਝਾਅ ਹਨ।  ਬੱਚਿਆਂ ਦੀ ਸੁਰੱਖਿਆ ਨੂੰ ਵੇਖਦਿਆਂ ਹੀ ਮੁੱਖ ਮੰਤਰੀ ਵੱਲੋਂ ਕੋਈ ਫੈਸਲਾ ਲਿਆ ਜਾਵੇਗਾ’।

ਕੀ ਹਨ ਨਵੀਆਂ ਹਦਾਇਤਾਂ

ਕੇਂਦਰ ਸਰਕਾਰ ਵੱਲੋਂ ਸਕੂਲ ਮੁੜ ਖੋਲ੍ਹਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।  ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ‘ ਗ੍ਰਹਿ ਮਾਮਲਿਆਂ ‘ਤੇ ਨਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਸੂਬੇ ਵਿੱਤ ਸਕੂਲ ਖੋਲ੍ਹਣ ਦੀ ਸਥਿਤੀ ਦੌਰਾਨ ਵਿਚਾਰੀ ਜਾਣ ਵਾਲੀ ਕਾਰਜ ਪ੍ਰਣਾਲੀ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ ਜਿਸ ਤਹਿਤ ਦੱਸਿਆ ਗਿਆ ਹੈ ਕਿ ਸਕੂਲ ਨੌਂਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਕੇਵਲ ਤਿੰਨ ਘੰਟਿਆਂ ਤੱਕ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਸਕੂਲ ਖੋਲ੍ਹਣ ਸਮੇਂ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਇੱਕ ਕਲਾਸ ਵਿੱਚ 20 ਤੋਂ ਵੱਧ ਵਿਦਿਆਰਥੀ ਨਹੀਂ ਬੈਠਣਗੇ ਅਤੇ ਦੋ ਵਿਦਿਆਰਥੀਆਂ ਨੂੰ ਇੱਕੋ ਬੈਂਚ ‘ ਤੇ ਬੈਠਣ ਦੀ ਆਗਿਆ ਨਹੀਂ ਹੋਵੇਗੀ।