ਚੰਡੀਗੜ੍ਹ ਬਿਊਰੋ- ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਆਫ਼ਤ ਮੌਕੇ ਗੁਰੂ-ਘਰਾਂ ਤੋਂ ਲੰਗਰ ਸੇਵਾਵਾਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਹਰ ਗੁਰਦੁਆਰਾ ਸਾਹਿਬ ਤੋਂ ਲੰਗਰ ਤਿਆਰ ਕਰਕੇ ਬੰਦ ਦੌਰਾਨ ਫਸੇ ਤੇ ਲੋੜਵੰਦ ਲੋਕਾਂ ਲਈ ਭੇਜਿਆ ਜਾ ਰਿਹਾ ਹੈ। ਇਸ ਨੂੰ ਲਾਜ਼ਮੀ ਬਣਾਉਣ ਲਈ ਹਰ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਆਦੇਸ਼ ਦਿੱਤੇ ਗਏ ਹਨ।

ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ਼੍ਰੀ ਗੁਰੂ ਰਾਮਦਾਸ ਜੀ ਤੋਂ ਵੀ ਅੰਮ੍ਰਿਤਸਰ ਸ਼ਹਿਰ ਅੰਦਰ ਵੱਖ-ਵੱਖ ਇਲਾਕਿਆਂ ਲਈ ਗੁਰੂ ਕਾ ਲੰਗਰ ਭੇਜਿਆ ਜਾ ਰਿਹਾ ਹੈ। ਅੱਜ ਕਰਫ਼ਿਊ ਦੇ ਤੀਜੇ ਦਿਨ ਵੀ ਲੰਗਰ ਸੇਵਾਦਾਰ ਰਵਾਨਾ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਇਸ ਸੰਕਟ ਸਮੇਂ ਸ਼੍ਰੋਮਣੀ ਕਮੇਟੀ ਮਨੁੱਖੀ ਭਲਾਈ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਹੀ ਲੋੜਵੰਦਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਸ਼੍ਰੀ ਗੁਰੂ ਰਾਮਦਾਸ ਲੰਗਰ ਤੋਂ ਪੂਰੀ ਸਾਵਧਾਨੀ ਅਤੇ ਸਾਫ਼ ਸਫ਼ਾਈ ਨਾਲ ਲੰਗਰ ਤਿਆਰ ਕਰਕੇ ਪ੍ਰਸ਼ਾਸਨ ਦੀ ਸਹਿਮਤੀ ਨਾਲ ਲੋੜਵੰਦਾਂ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ। ਬੰਦ ਦੌਰਾਨ ਫਸੇ ਲੋਕਾਂ ਤੋਂ ਇਲਾਵਾ ਹਸਪਤਾਲਾਂ ਵਿੱਚ ਇਲਾਜ ਅਧੀਨ ਲੋਕਾਂ ਲਈ ਵੀ ਇਹ ਸੇਵਾ ਜਾਰੀ ਹੈ। ਇਸ ਦੇ ਨਾਲ ਹੀ ਬੰਦ ਦੌਰਾਨ ਡਿਊਟੀਆਂ ਨਿਭਾਉਣ ਵਾਲੇ ਮੁਲਾਜ਼ਮਾਂ ਲਈ ਵੀ ਲੰਗਰ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਤੋਂ ਗੱਡੀਆਂ ਰਾਹੀਂ ਵੱਖ ਵੱਖ ਇਲਾਕਿਆਂ ਲਈ ਲੰਗਰ ਭੇਜਣ ਦਾ ਪ੍ਰਬੰਧ ਕੀਤਾ ਹੈ। ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਗੁਰੂ ਘਰਾਂ ਦੇ ਮੈਨੇਜਰਾਂ ਨੂੰ ਵੀ ਆਦੇਸ਼ ਦਿੱਤੇ ਗਏ ਹਨ ਕਿ ਆਪੋ-ਆਪਣੇ ਇਲਾਕੇ ਅੰਦਰ ਲੋੜਵੰਦਾਂ ਤੱਕ ਲੰਗਰ ਪਹੁੰਚਾਉਣ ਲਈ ਕਾਰਜ ਕੀਤੇ ਜਾਣ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਵਿਸ਼ਵ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਗੁਰ-ਮਰਯਾਦਾ ਨਿਰੰਤਰ ਚੱਲ ਰਹੀ ਹੈ ਅਤੇ ਜਿਹੜੀ ਵੀ ਸੰਗਤ ਕਿਸੇ ਵੀ ਤਰ੍ਹਾਂ ਇਥੇ ਪੁੱਜ ਰਹੀ ਹੈ ਉਸ ਨੂੰ ਨਸਮਸਤਕ ਹੋਣ ਵਿੱਚ ਕੋਈ ਰੋਕ ਟੋਕ ਨਹੀਂ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਕਰਫਿਊ ਕਾਰਨ ਸੰਗਤ ਦੀ ਆਮਦ ਪ੍ਰਭਾਵਿਤ ਹੋਈ ਹੈ ਪਰ ਇਥੇ ਪੁੱਜਣ ਵਾਲੀ ਸੰਗਤ ਆਪਣੀ ਸ਼ਰਧਾ ਪ੍ਰਗਟਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਲਈ ਹੁਣ ਵੀ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ ਤੇ ਸੰਗਤ ਦੀ ਮੁੱਢਲੀ ਜਾਂਚ ਦੇ ਨਾਲ ਨਾਲ ਸੈਨੀਟਾਈਜ਼ਰ ਨਾਲ ਹੱਥ ਸਾਫ ਕਰਵਾਈ ਜਾ ਰਹੇ ਹਨ।