Punjab

ਸ਼੍ਰੋਮਣੀ ਅਕਾਲੀ ਦਲ ਨੇ ਮਨਾਇਆ ਪਾਰਟੀ ਦਾ 100ਵਾਂ ਸਥਾਪਨਾ ਦਿਵਸ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਵਿਖੇ ਪਾਰਟੀ ਦਾ 100ਵਾਂ ਸਥਾਪਨਾ ਦਿਵਸ ਮਨਾਇਆ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਇਤਹਾਸ ’ਤੇ ਸੰਖੇਪ ਰੂਪ ਵਿੱਚ ਚਾਨਣਾ ਪਾਇਆ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਪਾਰਟੀ ਨੇ ਦੇਸ਼ ਵਿੱਚ ਸੰਘੀ ਢਾਂਚਾ ਸਥਾਪਤ ਕਰਨ ਦਾ ਟੀਚਾ ਮਿੱਥਿਆ ਹੈ। ਇਸ ਲਈ ਵੱਖ-ਵੱਖ ਸੂਬਿਆਂ ਦੀਆਂ ਖੇਤਰੀ ਪਾਰਟੀਆਂ ਦਾ ਸਹਿਯੋਗ ਲੈ ਕੇ ਇੱਕ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵੇਲੇ ਦੇਸ਼ ਵਿੱਚ ਸੰਘੀ ਢਾਂਚਾ ਸਥਾਪਤ ਕਰਨ ਦੀ ਵੱਡੀ ਲੋੜ ਹੈ।

ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਤਾਕਤਾਂ ਦਾ ਕੇਂਦਰੀਕਰਨ ਕਰ ਰਹੀ ਹੈ ਅਤੇ ਸੂਬਿਆਂ ਕੋਲੋਂ ਤਾਕਤਾਂ ਖੋਹੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਸਭ ਧਰਮਾਂ ਦਾ ਇੱਕੋ ਜਿਹਾ ਸਤਿਕਾਰ ਹੋਣਾ ਚਾਹੀਦਾ ਹੈ ਅਤੇ ਸਾਰਿਆਂ ਨੂੰ ਮਾਣ-ਸਨਮਾਨ ਮਿਲਣਾ ਚਾਹੀਦਾ ਹੈ।

ਸਥਾਪਨਾ ਦਿਵਸ ਸਮਾਗਮ ਵਿੱਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਿਕਰਮਜੀਤ ਸਿੰਘ ਮਜੀਠੀਆ, ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਗਗਨਜੀਤ ਸਿੰਘ ਬਰਨਾਲਾ, ਗੋਬਿੰਦ ਸਿੰਘ ਲੌਂਗੋਵਾਲ, ਗੁਲਜ਼ਾਰ ਸਿੰਘ ਰਣੀਕੇ ਅਤੇ ਹੋਰ ਸੀਨੀਅਰ ਲੀਡਰ ਹਾਜ਼ਰ ਸੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਦੇ ਗੋਲਡਨ ਗੇਟ ਵਿੱਚ ਕਿਸਾਨਾਂ ਦੇ ਹੱਕ ਵਿੱਚ ਧਰਨਾ ਵੀ ਦਿੱਤਾ ਗਿਆ, ਜਿਸ ਦੀ ਅਗਵਾਈ ਸੁਖਬੀਰ ਸਿੰਘ ਬਾਦਲ ਨੇ ਕੀਤੀ।