Punjab

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਰੀ ਕੀਤਾ ਨਾਨਕਸ਼ਾਹੀ ਕੈਲੰਡਰ ਸੰਮਤ 553

‘ਦ ਖ਼ਾਲਸ ਬਿਊਰੋ :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿੱਚ ਨਾਨਕਸ਼ਾਹੀ ਸੰਮਤ 553 (ਸੰਨ 2021-22) ਦਾ ਕੈਲੰਡਰ ਜਾਰੀ ਕੀਤਾ। ਇਸ ਵਾਰ ਨਾਨਕਸ਼ਾਹੀ ਕੈਲੰਡਰ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ ਹੈ। ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਤ ਕੀਤੇ ਗਏ ਇਸ ਕੈਲੰਡਰ ਵਿੱਚ ਨੌਵੇਂ ਪਾਤਸ਼ਾਹ ਨਾਲ ਸਬੰਧਤ ਪਾਵਨ ਅਸਥਾਨਾਂ ਦੀਆਂ ਤਸਵੀਰਾਂ ਅੰਕਿਤ ਹਨ।

ਜਥੇਦਾਰ ਹਰਪ੍ਰੀਤ ਸਿੰਘ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੈਲੰਡਰ ਜਾਰੀ ਕਰਦਿਆਂ ਸਿੱਖ ਜਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਇਸ ਕੈਲੰਡਰ ਅਨੁਸਾਰ ਮਨਾਉਣ। ਉਨ੍ਹਾਂ ਨਵੇਂ ਨਾਨਕਸ਼ਾਹੀ ਵਰ੍ਹੇ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਸਿੱਖ ਪਰੰਪਰਾ ਅਨੁਸਾਰ ਹਰ ਸਾਲ ਨਾਨਕਸ਼ਾਹੀ ਵਰ੍ਹੇ ਦੀ ਆਮਦ ਮੌਕੇ ਗੁਰਮਤਿ ਸਮਾਗਮ ਕਰਕੇ ਖ਼ੁਸ਼ੀ ਦਾ ਪ੍ਰਗਟਾਵਾ ਕਰਨ।

ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ 400 ਸਾਲਾ ਪ੍ਰਕਾਸ਼ ਪੁਰਬ 1 ਮਈ, 2021 ਨੂੰ ਸਮੁੱਚੇ ਸਿੱਖ ਜਗਤ ਵੱਲੋਂ ਖ਼ਾਲਸਈ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ। ਉਨ੍ਹਾਂ ਸਿੱਖ ਸੰਸਥਾਵਾਂ, ਸੰਪ੍ਰਦਾਵਾਂ ਸਮੇਤ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਜੀ ਦੇ ਇਤਿਹਾਸਕ ਪੁਰਬ ਨੂੰ ਮਨਾਉਣ ਲਈ ਕਾਰਜਸ਼ੀਲ ਹੋਣ ਅਤੇ ਕੀਤੇ ਜਾਣ ਵਾਲੇ ਸਮਾਗਮਾਂ ਵਿੱਚ ਭਰਵੀਂ ਸ਼ਮੂਲੀਅਤ ਕਰਨ। ਉਨ੍ਹਾਂ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੀ ਮਨੁੱਖਤਾ ਲਈ ਵੱਡੀ ਦੇਣ ਹੈ, ਜਿਸ ਨੂੰ ਘਰ-ਘਰ ਤੱਕ ਪਹੁੰਚਾਉਣਾ ਲਾਜ਼ਮੀ ਹੈ।