Punjab

ਖੇਤੀ ਬਿੱਲਾਂ ਖਿਲਾਫ ਰੋਸ ਵਜੋਂ ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਦਾ ਕੀਤਾ ਘਿਰਾਓ

‘ਦ ਖ਼ਾਲਸ ਬਿਊਰੋ ( ਪਠਾਨਕੋਟ ) :- ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਬਿੱਲਾਂ ਖਿਲਾਫ ਕਿਸਾਨ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਨੇ ਮਿਲ ਕੇ ਸੰਘਰਸ਼ ਕੀਤਾ, ਪਰ ਕੇਂਦਰ ਸਰਕਾਰ ਦੀ ਅੜੀ ਬਰਕਰਾਰ ਹੈ। ਕਿਸਾਨਾਂ ਨੇ ਪੰਜਾਬ ਦੇ ਭਵਿੱਖ ਨੂੰ ਵੇਖਦੇ ਹੋਏ ਅੱਜ ਇਹਨਾਂ ਕਾਨੂੰਨਾਂ ਦੇ ਖਿਲਾਫ ਲੋਕ ਇਨਸਾਫ ਪਾਰਟੀ ਵਲੋਂ ਆਵਾਜ ਬੁਲੰਦ ਕਰਦੇ ਹੋਏ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਘਰ ਦਾ ਘਿਰਾਉ ਕੀਤਾ ਗਿਆ ਅਤੇ ਇਸ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ।

ਇਸ ਮੌਕੇ ਜਦੋਂ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਨਜੀਤ ਸਿੰਘ ਬੈਂਸ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਕਿਸਾਨੀ ਕਾਨੂੰਨਾਂ ਨੂੰ ਲੈ ਕੇ ਅੱਜ ਉਹਨਾਂ ਵਲੋਂ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਕੋਠੀ ਦਾ ਘਿਰਾਉ ਕੀਤਾ ਜਾ ਰਿਹਾ ਹੈ ਅਤੇ ਅਸ਼ਵਨੀ ਸ਼ਰਮਾ ਨੂੰ ਅਸੀਂ ਕਹਿਣਾ ਚਾਹੁੰਦੇ ਹਾਂ ਕਿ ਉਹ ਪੰਜਾਬ ਦੇ ਜਮਪਲ ਹਨ, ਇਸ ਲਈ ਪੰਜਾਬ ਹਿੱਤ ਵਿੱਚ ਆਵਾਜ ਬੁਲੰਦ ਕਰਨ ਅਤੇ ਇਸ ਕਿਸਾਨੀ ਕਾਨੂੰਨ ਨੂੰ ਵਾਪਸ ਕਰਵਾਉਣ ਲਈ ਭਾਰਤ ਸਰਕਾਰ ਨਾਲ ਗੱਲ ਕਰਨ। ਉਹਨਾਂ ਕਿਹਾ ਕਿ ਕਾਲੇ ਕਾਨੂੰਨ ਸਬੰਧੀ ਪੰਜਾਬ ਦੀ ਹਾਕਮ ਧਿਰ ਕਾਂਗਰਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਚਿੱਠੀ ਲਿਖੀ ਗਈ ਹੈ ਜਿਸ ਵਿੱਚ ਇਸ ਕਾਨੂੰਨ ਨੂੰ ਲੈ ਕੇ ਸਲਾਹ ਦਿੱਤੀ ਗਈ ਹੈ।

ਉਹਨਾਂ ਵਲੋਂ ਚਿੱਠੀ ਵਿੱਚ ਲਿਖਿਆ ਗਿਆ ਹੈ ਕਿ ਜੇਕਰ ਕੋਈ ਬਾਹਰੀ ਸ਼ਖ਼ਸ ਇਥੇ ਆ ਕੇ ਫਸਲ ਖਰੀਦਦਾ ਹੈ ਅਤੇ ਐਮ.ਐਸ.ਪੀ ਤੋਂ ਘੱਟ ਮੁਲ ਕਿਸਾਨ ਨੂੰ ਦਿੰਦਾ ਹੈ ਤਾਂ ਉਸ ਖਿਲਾਫ ਗੈਰ ਜਮਾਨਤੀ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾਵੇ ਅਤੇ ਜੋ ਸ਼ਖਸ ਪੰਜਾਬ ਦਾ ਨਹੀਂ ਹੈ, ਉਸ ਨੂੰ ਖੇਤੀ ਲਈ ਜ਼ਮੀਨ ਖਰੀਦਣ ਦੀ ਆਜ਼ਾਦੀ ਨਾ ਦਿੱਤੀ ਜਾਵੇ ਤਾਂ ਜੋ ਪੰਜਾਬ ਦੀ ਕਿਸਾਨੀ ਨੂੰ ਬਚਾਇਆ ਜਾ ਸਕੇ।