Punjab

ਸਿੱਖ ਜਥੇਬੰਦੀਆਂ ਨੇ ਲਾਪਤਾ ਸਰੂਪ ਮਾਮਲੇ ‘ਚ ਲੌਂਗੋਵਾਲ ਨੂੰ ਦੋਸ਼ੀ ਕਰਾਰ ਦਿੰਦਿਆ ਅਸਤੀਫਾ ਦੇਣ ਦੀ ਕੀਤੀ ਮੰਗ

‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :-  ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਅੱਜ 17 ਸਤੰਬਰ ਨੂੰ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੀ ਅਕਾਲ ਤਖ਼ਤ ਨੇੜੇ ਮੀਟਿੰਗ ਕਰਕੇ ਇਸ ਮਾਮਲੇ ‘ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਅੰਤ੍ਰਿਗ ਕਮੇਟੀ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ ਅਸਤੀਫੇ ਦੀ ਮੰਗ ਕੀਤੀ ਹੈ।

ਸਿੱਖ ਜਥੇਬੰਦੀਆਂ ਦੀ ਲੰਬੀ ਚੱਲੀ ਇਸ ਮੀਟਿੰਗ ਵਿੱਚ ਬੁਲਾਰਿਆਂ ਨੇ ਆਪੋ-ਆਪਣੇ ਵਿਚਾਰ ਪੇਸ਼ ਕਰਦਿਆਂ ਇਸ ਮਤੇ ਨੂੰ ਪਾਸ ਕੀਤਾ ਹੈ। ਅਕਾਲ ਫੈਡਰੇਸ਼ਨ ਦੇ ਆਗੂ ਨਰੈਣ ਸਿੰਘ ਤੇ ਦਲ ਖਾਲਸਾ ਦੇ ਕੰਵਰਪਾਲ ਸਿੰਘ ਨੇ ਦੱਸਿਆ ਕਿ ਪਾਸ ਕੀਤੇ ਮਤੇ ਲਾਗੂ ਕਰਾਉਣ ਲਈ 22 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਪਿੰਡ ਲੌਂਗੋਵਾਲ ਸਥਿਤ ਘਰ ਦੇ ਬਾਹਰ ਧਰਨਾ ਸ਼ੁਰੂ ਕੀਤਾ ਜਾਵੇਗਾ।

ਸਿੱਖ ਜਥੇਬੰਦੀਆਂ ਨੇ ਧਰਨਾ ਸਮਰਥਕਾਂ ਦੀ ਕੁੱਟਮਾਰ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੇ ਕਰਮਚਾਰੀਆਂ ਨੂੰ ਮੁਅੱਤਲ ਕਰਨ ਤੇ ਪੁਲੀਸ ਕੇਸ ਦਰਜ ਕਰਾਉਣ ਦੀ ਵੀ ਮੰਗ ਕੀਤੀ ਹੈ। ਮੀਟਿੰਗ ਵਿੱਚ ਦਲ ਖ਼ਾਲਸਾ,.. ਅਕਾਲੀ ਦਲ(ਅ) ਅਕਾਲੀ ਦਲ ਯੂਨਾਈਟਿਡ, ਅਕਾਲੀ ਦਲ ਡੈਮੋਕ੍ਰੇਟਿਕ, ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਤੇ ਹੋਰ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਸਨ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਦੇ ਬਾਹਰ ਧਰਨੇ ਤੇ ਬੈਠੇ ਸਿੱਖ ਜਥੇਬੰਦੀਆਂ ਦੇ ਕਾਰਕੁਨ ਵੀ ਸ਼ਾਮਲ ਹੋਏ।