Punjab

ਮੋਦੀ ਖਿਲਾਫ਼ ਜੇ ਪੁਲਿਸ ਨੇ ਕੇਸ ਦਰਜ ਨਾ ਕੀਤਾ ਤਾਂ ਸਿੱਖ ਵਕੀਲ ਅਦਾਲਤੀ ਕਾਰਵਾਈ ਲਈ ਤਿਆਰ ਰਹਿਣ- ਮੁਤਵਾਜ਼ੀ ਜਥੇਦਾਰ ਮੰਡ

‘ਦ ਖ਼ਾਲਸ ਬਿਊਰੋ:- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਅੱਜ ਸਿੱਖ ਕੌਮ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਯੁੱਧਿਆ ਰਾਮ ਮੰਦਿਰ ਸਮਾਗਮ ਵਿੱਚ ਗੋਬਿੰਦ ਰਮਾਇਣ ਬਾਰੇ ਦਿੱਤਾ ਗਿਆ ਬਿਆਨ ਵਾਪਸ ਨਹੀਂ ਲਿਆ ਗਿਆ ਅਤੇ ਨਾ ਹੀ ਸਿੱਖ ਕੌਮ ਕੋਲੋਂ ਮੁਆਫੀ ਮੰਗੀ ਗਈ ਹੈ। ਇਸ ਕਰ ਕੇ ਸਿੱਖ ਕੌਮ ਉਨ੍ਹਾਂ ਖਿਲਾਫ਼ IPC ਦੀ ਧਾਰਾ 295-A ਹੇਠ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਪੁਲਿਸ ਕੋਲ ਕੇਸ ਦਰਜ ਕਰਵਾਏ।

ਮੁਤਵਾਜ਼ੀ ਜਥੇਦਾਰ ਵੱਲੋਂ ਜਾਰੀ ਕੀਤੇ ਹੁਕਮਾਂ ਤੋਂ ਬਾਅਦ ਸਿੱਖ ਕਾਰਕੁੰਨਾਂ ਨੇ ਅੰਮ੍ਰਿਤਸਰ ਦੇ ਥਾਣਾ E ਡਿਵੀਜ਼ਨ (ਕੋਤਵਾਲੀ) ਵਿੱਚ ਪ੍ਰਧਾਨ ਮੰਤਰੀ ਖਿਲਾਫ ਕੇਸ ਦਰਜ ਕਰਨ ਲਈ ਸ਼ਿਕਾਇਤ ਪੱਤਰ ਦਿੱਤਾ। ਦਰਬਾਰ ਸਾਹਿਬ ਸਮੂਹ ਦੇ ਬਾਹਰ ਮੀਡੀਆ ਨਾਲ ਗੱਲ ਕਰਦਿਆਂ ਮੁਤਵਾਜ਼ੀ ਜਥੇਦਾਰ ਨੇ ਕਿਹਾ ਕਿ ਅਯੁੱਧਿਆ ਵਿੱਚ ਰਾਮ ਮੰਦਰ ਨਿਰਮਾਣ ਲਈ ਭੂਮੀ ਪੂਜਨ ਵੇਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ਵਿੱਚ ਦਾਅਵਾ ਕੀਤਾ ਸੀ ਕਿ ਸਿੱਖ ਧਰਮ ਦੇ ਦਸਵੇਂ ਗੁਰੂ ਸ਼੍ਰੀ ਗੋਬਿੰਦ ਸਿੰਘ ਜੀ ਨੇ ‘ਗੋਬਿੰਦ ਰਮਾਇਣ’ ਲਿਖੀ ਸੀ।

ਇਹ ਬਿਆਨ ਦੇ ਕੇ ਸਿੱਖ ਕੌਮ ਨੂੰ ਹਿੰਦੂ ਧਰਮ ਦਾ ਹਿੱਸਾ ਬਣਾਉਣ ਦਾ ਯਤਨ ਕੀਤਾ ਗਿਆ ਜਿਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਆਖਿਆ ਕਿ ਇਸ ਮਾਮਲੇ ਵਿੱਚ ਪੰਜ ਸਿੰਘਾਂ ਨਾਲ ਵਿਚਾਰ-ਵਟਾਂਦਰੇ ਮਗਰੋਂ ਗੁਰਮਤਾ ਜਾਰੀ ਕਰਕੇ ਪ੍ਰਧਾਨ ਮੰਤਰੀ ਨੂੰ 15 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਸੀ। ਉਨ੍ਹਾਂ ਨੂੰ ਆਪਣੇ ਸ਼ਬਦ ਵਾਪਸ ਲੈਣ ਅਤੇ ਸਿੱਖ ਕੌਮ ਕੋਲੋਂ ਮੁਆਫੀ ਮੰਗਣ ਲਈ ਆਖਿਆ ਗਿਆ ਸੀ ਪਰ ਪ੍ਰਧਾਨ ਮੰਤਰੀ ਨੇ ਇਸ ਮਾਮਲੇ ’ਤੇ ਚੁੱਪੀ ਧਾਰ ਲਈ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਮੇਤ ਸਾਰੀਆਂ ਸਿੱਖ ਜਥੇਬੰਦੀਆਂ, ਪੰਥਕ ਸੰਸਥਾਵਾਂ, ਸਿੱਖ ਸੰਪਰਦਾਵਾਂ, ਪ੍ਰਚਾਰਕ, ਸਿੱਖ ਰਾਜਸੀ ਪਾਰਟੀਆਂ, ਪਿੰਡਾਂ ਦੇ ਗੁਰਦੁਆਰਿਆਂ ਦੀਆਂ ਕਮੇਟੀਆਂ ਤੇ ਹੋਰ ਧਿਰਾਂ 15 ਸਤੰਬਰ ਤੱਕ ਨੇੜਲੇ ਥਾਣਿਆਂ ਵਿੱਚ ਇਸ ਸਬੰਧੀ ਸ਼ਿਕਾਇਤ ਪੱਤਰ ਦੇਣ ਅਤੇ ਧਾਰਾ 295 ਹੇਠ ਕੇਸ ਦਰਜ ਕਰਾਉਣ।

ਵਿਦੇਸ਼ ਵਿੱਚ ਵੱਸਦੀਆਂ ਸਿੱਖ ਸੰਗਤਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਵੀ ਕੌਮਾਂਤਰੀ ਅਦਾਲਤ ਵਿੱਚ ਇਸ ਸਬੰਧੀ ਕੇਸ ਦਰਜ ਕਰਾਉਣ ਅਤੇ ਯੂਐੱਨਓ ਕੋਲ ਵੀ ਇਸ ਬਾਰੇ ਸ਼ਿਕਾਇਤ ਕੀਤੀ ਜਾਵੇ। ਇਸ ਤੋਂ ਇਲਾਵਾ ਵਿਦੇਸ਼ਾਂ ਵਿੱਚ ਭਾਰਤੀ ਸਫਾਰਤਖਾਨਿਆਂ ਨੂੰ ਇਸ ਸਬੰਧੀ ਰੋਸ ਪੱਤਰ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਜੇ ਸਰਕਾਰੀ ਦਬਾਅ ਕਾਰਨ ਪੁਲਿਸ ਇਸ ਮਾਮਲੇ ਵਿੱਚ ਕੇਸ ਦਰਜ ਨਹੀਂ ਕਰਦੀ ਤਾਂ ਸਿੱਖ ਵਕੀਲ ਅਦਾਲਤੀ ਕਾਰਵਾਈ ਲਈ ਤਿਆਰ ਰਹਿਣ।