‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਤੋਂ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਜੈਕਾਰਿਆਂ ਦੀ ਗੂੰਜ ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ ਹੋ ਗਿਆ ਹੈ। ਇਹ ਜਥਾ ਅੰਮ੍ਰਿਤਸਰ ਦੇ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਜਾਵੇਗਾ। ਜਾਣਕਾਰੀ ਮੁਤਾਬਕ ਭਾਰਤ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਵੱਲੋਂ ਇਸ ਵਾਰ ਕਰੀਬ 1100 ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਵਾਸਤੇ ਵੀਜ਼ੇ ਦਿੱਤੇ ਗਏ ਹਨ।

ਪਹਿਲੇ ਦਿਨ ਇਹ ਜਥਾ ਗੁਰਦੁਆਰਾ ਪੰਜਾ ਸਾਹਿਬ, ਹਸਨ ਅਬਦਾਲ ਵਿਖੇ ਜਾਵੇਗਾ, ਜਿੱਥੇ ਵਿਸਾਖੀ ਸਬੰਧੀ ਮੁੱਖ ਸਮਾਗਮ ਹੋਵੇਗਾ। ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਮਗਰੋਂ ਸ਼ਰਧਾਲੂਆਂ ਦਾ ਜਥਾ 22 ਅਪ੍ਰੈਲ ਨੂੰ ਭਾਰਤ ਵਾਪਸ ਪਰਤੇਗਾ। ਸ਼੍ਰੋਮਣੀ ਕਮੇਟੀ ਨੇ ਵੀਜ਼ਿਆਂ ਲਈ 750 ਤੋਂ ਵੱਧ ਸ਼ਰਧਾਲੂਆਂ ਦੀ ਸੂਚੀ ਭੇਜੀ ਸੀ, ਜਿਸ ਵਿੱਚੋਂ ਸਿਰਫ 437 ਸ਼ਰਧਾਲੂਆਂ ਨੂੰ ਹੀ ਵੀਜ਼ੇ ਮਿਲੇ ਹਨ। ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ 72 ਘੰਟੇ ਪਹਿਲਾਂ ਕਰੋਨਾ ਟੈਸਟ ਦੀ ਨੈਗੇਟਿਵ ਰਿਪੋਰਟ ਲੈ ਕੇ ਆਉਣੀ ਲਾਜ਼ਮੀ ਕੀਤੀ ਗਈ ਸੀ।

5 ਸ਼ਰਧਾਲੂਆਂ ਦੀ ਕਰੋਨਾ ਰਿਪੋਰਟ ਆਈ ਸੀ ਪਾਜ਼ੀਟਿਵ

ਪਾਕਿਸਤਾਨ ‘ਚ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਜਾ ਰਹੇ ਸਿੱਖਾਂ ਦੇ ਜਥੇ ਵਿੱਚੋਂ 5 ਯਾਤਰੀਆਂ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ 437 ਸ਼ਰਧਾਲੂਆਂ ਦਾ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਕਰੋਨਾ ਟੈਸਟ ਕਰਵਾਇਆ ਗਿਆ ਸੀ।

ਸ਼੍ਰੋਮਣੀ ਕਮੇਟੀ ਨੇ ਕੱਲ੍ਹ ਪਾਕਿਸਤਾਨ ਜਾਣ ਵਾਲਿਆਂ ਨੂੰ ਵੰਡੇ ਸਨ ਪਾਸਪੋਰਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੱਲ੍ਹ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਪਾਸਪੋਰਟ ਵੰਡੇ ਸਨ। ਕੇਂਦਰ ਸਰਕਾਰ ਨੇ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਦਿੱਤੇ, ਉਨ੍ਹਾਂ ਨੂੰ ਪਾਸਪੋਰਟ ਜਲਦੀ ਵਾਪਸ ਕਰ ਦਿੱਤੇ ਜਾਣਗੇ।

ਪਾਕਿਸਤਾਨ ਨੇ ਪਾਕਿਸਤਾਨੀ ਸਿੱਖਾਂ ਦੇ ਗੁਰਦੁਆਰਾ ਸਾਹਿਬ ਜਾਣ ਤੇ ਲਾਈ ਹੈ ਰੋਕ

ਪਾਕਿਸਤਾਨ ਸਥਿਤ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਦੇ ਮੱਦੇਨਜ਼ਰ ਵਿਸਾਖੀ ਸਮਾਗਮ ਲਈ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਨ੍ਹਾਂ ਤਹਿਤ ਪਾਕਿਸਤਾਨ ਦੇ ਸਥਾਨਕ ਸਿੱਖਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਨਾ ਹੋਣ ਲਈ ਕਿਹਾ ਗਿਆ ਹੈ। ਇਹ ਰੋਕ ਭਾਰਤ ਤੋਂ ਆਏ ਸਿੱਖ ਸ਼ਰਧਾਲੂਆਂ ਦੇ ਰੁਕਣ ਤੱਕ ਰਹੇਗੀ। ਹਾਲਾਂਕਿ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਸੀ ਕਿ ਸਿੱਖਾਂ ਨੂੰ ਗੁਰਦੁਆਰਾ ਸਾਹਿਬ ਜਾਣ ਤੋਂ ਰੋਕਣਾ ਮੰਦਭਾਗਾ ਹੈ।

Leave a Reply

Your email address will not be published. Required fields are marked *