Punjab

SGPC ਪ੍ਰਧਾਨ ਲੌਂਗੋਵਾਲ ਨੇ ਚੁੱਕੇ ਅਹਿਮ ਮੁੱਦੇ, ਅਫ਼ਗਾਨ ਰਹਿੰਦੇ ਸਿੱਖਾਂ ਦੀ ਕੀਤੀ ਜਾਵੇਗੀ ਖਾਸ ਮਦਦ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫ਼ਗਾਨਿਸਤਾਨ ’ਚ ਰਹਿੰਦੇ ਸਿੱਖਾਂ ਨੂੰ ਭਾਰਤ ਲਿਆਉਣ ਵਿੱਚ ਮਦਦ ਕਰਨ ਦਾ ਐਲਾਨ ਕੀਤਾ ਹੈ। SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ SGPC ਅਫ਼ਗਾਨਿਸਤਾਨ ਵਿੱਚ ਰਹਿੰਦੇ ਸਿੱਖਾਂ ਦੇ ਭਾਰਤ ਆਉਣ ਦਾ ਖ਼ਰਚਾ ਖੁਦ ਕਰੇਗੀ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਫ਼ਗਾਨਿਸਤਾਨ ਵੱਸਦੇ ਸਿੱਖਾਂ ਦਾ ਜੀਵਨ ਅਤੇ ਇੱਜ਼ਤ ਸੁਰੱਖਿਅਤ ਨਹੀਂ ਹੈ। ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਫ਼ਗਾਨ ਸਿੱਖਾਂ ਨੂੰ ਭਾਰਤ ਵਾਪਿਸ ਆਉਣ ’ਚ ਮਦਦ ਕੀਤੀ ਜਾਵੇਗੀ।

SGPC ਵੱਲੋਂ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਦੇ ਗੁਰਦੁਆਰਾ ਸ਼੍ਰੀ ਕਲਗੀਧਰ ਨਿਵਾਸ ’ਚ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਪੰਜਾਬ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਨੂੰ UAPA ਕਾਨੂੰਨ ਤਹਿਤ ਜੇਲ੍ਹਾਂ ’ਚ ਡੱਕਣ ਦੀ ਨਿੰਦਾ ਕਰਦਿਆਂ ਇਸ ਕਾਨੂੰਨ ਦੀ ਦੁਰਵਰਤੋਂ ’ਤੇ ਰੋਕ ਲਾਉਣ ਦੀ ਮੰਗ ਕੀਤੀ ਗਈ।

ਉਨ੍ਹਾਂ ਕਿਹਾ ਕਿ UAPA ਦੀ ਆੜ ਹੇਠ ਜਾਣਬੁੱਝ ਕੇ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿੱਚ ਕਾਨੂੰਨੀ ਮਦਦ ਵੀ ਕਰੇਗੀ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਹੋਣ ਸਬੰਧੀ ਸੋਸ਼ਲ ਮੀਡੀਆ ’ਤੇ ਮਨਘੜਤ ਬਿਆਨਬਾਜ਼ੀ ਦੀ ਵੀ ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਅਜਿਹੇ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਫ਼ੈਸਲਾ ਲਿਆ ਹੈ।

ਉਨ੍ਹਾਂ ਕਿਹਾ ਕਿ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਦੀ ਅਗਵਾਈ ਹੇਠ ਜਾਂਚ ਜਾਰੀ ਹੈ ਅਤੇ ਜੋ ਵੀ ਰਿਪੋਰਟ ਆਵੇਗੀ, ਉਸ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੌਰਾਨ ਲੌਂਗੋਵਾਲ ਨੇ ਪਟਿਆਲਾ ਨੇੜੇ ਪਿੰਡ ਦੇ ਗੁਰਦੁਆਰੇ ਵਿੱਚੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੁਰਾਤਨ ਸਰੂਪ ਚੋਰੀ ਹੋਣ ਦੇ ਮਾਮਲੇ ’ਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ। ਉਨ੍ਹਾਂ ਕਿਹਾ ਕਿ ਕਈ ਹਫ਼ਤੇ ਬੀਤਣ ਮਗਰੋਂ ਵੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਲੋਕਾਂ ਦੀ ਪਛਾਣ ਨਹੀਂ ਕੀਤੀ ਜਾ ਸਕੀ ਹੈ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਅੱਜ ਧਰਨਾ ਦਿੱਤਾ ਜਾਵੇਗਾ ਅਤੇ ਉਹ 8 ਅਗਸਤ ਨੂੰ ਧਰਨੇ ਦੀ ਅਗਵਾਈ ਕਰਨਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਗੁਰੂ ਸਾਹਿਬਾਨ ਨੂੰ ਲਵ-ਕੁਸ਼ ਦੇ ਵੰਸ਼ ਵਿੱਚੋਂ ਕਹਿਣ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਵਿਗਾੜਨਾ ਸਾਬਕਾ ਜਥੇਦਾਰ ਨੂੰ ਸ਼ੋਭਾ ਨਹੀਂ ਦਿੰਦਾ ਹੈ। ਅੰਤ੍ਰਿੰਗ ਕਮੇਟੀ ਵੱਲੋਂ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਜਥੇਦਾਰ ਦਲੀਪ ਸਿੰਘ ਮੱਲੂਨੰਗਲ, ਸ਼ਹੀਦ ਭਾਈ ਜੰਗ ਸਿੰਘ ਕਰਨਾਲ, ਸੰਤ ਕਰਤਾਰ ਸਿੰਘ ਬਰਿਆਰਾਂ ਵਾਲੇ, ਸੰਤ ਬਾਬਾ ਹਰਦੇਵ ਸਿੰਘ ਲੂਲੋਂ ਵਾਲੇ, ਸੰਤ ਹਾਕਮ ਸਿੰਘ ਵਸਾਊਕੋਟ ਅਤੇ ਦਲੀਪ ਸਿੰਘ ਤਲਵੰਡੀ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਵੀ ਫ਼ੈਸਲਾ ਲਿਆ ਗਿਆ ਹੈ। ਇਸ ਮੀਟਿੰਗ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਸਾਰੇ ਅੰਤ੍ਰਿੰਗ ਕਮੇਟੀ ਮੈਂਬਰਾਂ ਨੇ ਹਿੱਸਾ ਲਿਆ।