‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਬਗ਼ੈਰ ਆਗਿਆ ਛਾਪਣ ਦੇ ਮਾਮਲੇ ‘ਚ ਆਪਣੀ ਚੁੱਪੀ ਤੋੜਦਿਆਂ ਕਿਹਾ ਕਿ ਕੈਨੇਡਾ ਵਿੱਚ ਪਾਵਨ ਸਰੂਪ ਛਾਪਣ ਬਾਰੇ ਕਿਸੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ। ਕੈਨੇਡਾ ਵਿੱਚ ਸਤਨਾਮ ਐਜੂਕੇਸ਼ਨ ਟਰੱਸਟ ਵੱਲੋਂ ਆਪਣੇ ਤੌਰ ’ਤੇ ਪਾਵਨ ਸਰੂਪ ਛਾਪਣ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਨੇ ਇਸ ਸਬੰਧੀ ਕਿਸੇ ਨੂੰ ਵੀ ਪ੍ਰਵਾਨਗੀ ਨਹੀਂ ਦਿੱਤੀ ਹੈ।

ਸਤਨਾਮ ਟਰੱਸਟ ਦੇ ਨੁਮਾਇੰਦਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀ ਹੋਈ ਲਿਖਤੀ ਪ੍ਰਵਾਨਗੀ ਹੈ ਪਰ ਇਹ ਦਾਅਵਾ ਬਿਲਕੁਲ ਝੂਠ ਹੈ ਕਿਉਂਕਿ ਅਜੇ ਤੱਕ ਟਰੱਸਟ ਵੱਲੋਂ ਲਿਖਤੀ ਪ੍ਰਵਾਨਗੀ ਜਨਤਕ ਨਹੀਂ ਕੀਤੀ ਗਈ। ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪਣ ਦਾ ਅਧਿਕਾਰ ਸਿਰਫ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਗਿਆ ਹੈ।

ਬ੍ਰਿਟਿਸ਼ ਕੋਲੰਬੀਆ ਗੁਰਦੁਆਰਾ ਕੌਂਸਲ ਨੇ ਵੀ ਸਤਨਾਮ ਟਰੱਸਟ ਨੂੰ ਪੱਤਰ ਭੇਜ ਕੇ ਆਖਿਆ ਕਿ ਇਹ ਕਾਰਵਾਈ ਹੁਕਮਨਾਮੇ ਦੀ ਉਲੰਘਣਾ ਹੈ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਚੁਣੌਤੀ ਹੈ, ਜਿਸ ਕਾਰਨ ਸਿੱਖ ਸੰਗਤ ਵਿੱਚ ਰੋਸ ਹੈ। ਉਨ੍ਹਾਂ ਆਖਿਆ ਕਿ ਗੁਰਦੁਆਰਾ ਕੌਂਸਲ ਵੱਲੋਂ ਮੀਟਿੰਗ ਕਰਕੇ ਫੈਸਲਾ ਕੀਤਾ ਗਿਆ ਹੈ ਕਿ ਜਿੰਨੇ ਵੀ ਸਰੂਪ ਹੁਣ ਤੱਕ ਛਾਪੇ ਗਏ ਹਨ, ਉਨ੍ਹਾਂ ਨੂੰ 22 ਅਗਸਤ ਦੀ ਸ਼ਾਮ ਤੱਕ ਗੁਰੂ ਨਾਨਕ ਸਿੱਖ ਗੁਰਦੁਆਰਾ ਵਿਖੇ ਪਹੁੰਚਾ ਦਿੱਤਾ ਜਾਵੇ। ਛਪਾਈ ਨਾਲ ਸਬੰਧਤ ਸਾਰਾ ਸਮਾਨ ਵੀ ਉੱਥੇ ਪਹੁੰਚਾਇਆ ਜਾਵੇ। ਕੈਨੇਡਾ ਦੇ ਟਰਸੱਟ ਵੱਲੋਂ ਹੁਣ ਤੱਕ 20 ਸਰੂਪ ਛਾਪੇ ਗਏ ਹਨ। ਟਰੱਸਟ ਨੇ ਅਤਿ ਆਧੁਨਿਕ ਮਸ਼ੀਨਰੀ ਅਤੇ ਛਪਾਈ ਤਕਨੀਕ ਹੋਣ ਦਾ ਦਾਅਵਾ ਕੀਤਾ।

Leave a Reply

Your email address will not be published. Required fields are marked *