Punjab

ਕੈਪਟਨ ਨੇ ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਪੁਲਿਸ ਨੂੰ ਕਤਲ ਕੇਸ ਦਰਜ ਕਰਨ ਦੇ ਦਿੱਤੇ ਹੁਕਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਸਪੱਸ਼ਟ ਤੌਰ ‘ਤੇ ਪੁਲਿਸ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਵੀ ਢਿੱਲ ਨਾ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ ਜਿਸ ‘ਤੇ ਵੀ ਪੁਲਿਸ ਨੂੰ ਸ਼ੱਕ ਹੈ, ਉਸਨੂੰ ਫੜ੍ਹ ਕੇ ਪੁੱਛ-ਪੜਤਾਲ ਕਰੇ, ਮੈਨੂੰ ਇਹ ਮਾਮਲਾ ਜਲਦੀ ਸੁਲਝਿਆ ਹੋਇਆ ਮਿਲਣਾ ਚਾਹੀਦਾ ਹੈ। ਇਸ ਮਾਮਲੇ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਰਾਜਨੀਤਿਕ ਦਖਲ-ਅੰਦਾਜ਼ੀ ਨਹੀਂ ਹੋਵੇਗੀ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡੀਜੀਪੀ ਨੂੰ ਜ਼ਹਿਰੀਲੀ ਸ਼ਰਾਬ ਕਾਂਡ ’ਚ ਸਿੱਧੀ ਸ਼ਮੂਲੀਅਤ ਵਾਲੇ ਲੋਕਾਂ ਖ਼ਿਲਾਫ਼ ਧਾਰਾ 302 ਤਹਿਤ ਕਤਲ ਦਾ ਕੇਸ ਦਰਜ ਕਰਨ ਲਈ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨਕਲੀ ਸ਼ਰਾਬ ਦੇ ਕੇਸ ’ਚ ਸਿਆਸੀ ਦਖ਼ਲਅੰਦਾਜ਼ੀ ਨੂੰ ਕਿਸੇ ਵੀ ਸੂਰਤ ’ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਨਕਲੀ/ਨਾਜਾਇਜ਼ ਸ਼ਰਾਬ ਬਣਾਉਣ ਤੇ ਤਸਕਰੀ ਲਈ ਐਕਸਾਈਜ਼ ਐਕਟ ਵਿੱਚ ਸਜ਼ਾ ਵਧਾਉਣ ਦਾ ਵਿਚਾਰ ਪੇਸ਼ ਕੀਤਾ ਤਾਂ ਜੋ ਅਪਰਾਧੀ ਛੇਤੀ ਸਲਾਖ਼ਾਂ ਤੋਂ ਬਾਹਰ ਨਾ ਆ ਸਕਣ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਡੀਸੀ ਅਤੇ ਐੱਸਐੱਸਪੀਜ਼ ਨਾਲ ਇੱਕ ਵਿਸਥਾਰਪੂਰਵਕ ਸਮੀਖਿਆ ਕੀਤੀ ਸੀ ਜਿੱਥੇ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਸਾਨੂੰ ਨਜਾਇਜ਼ ਸ਼ਰਾਬ ਨੂੰ ਜੜ੍ਹੋਂ ਖਤਮ ਕਰਨਾ ਚਾਹੀਦਾ ਹੈ ਅਤੇ ਬਿਨਾਂ ਕਿਸੇ ਡਰ ਜਾਂ ਪੱਖਪਾਤ ਦੇ ਇਸ ਮਾਮਲੇ ਨਾਲ ਸਬੰਧਿਤ ਸਾਰਿਆਂ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਕੈਪਟਨ ਨੇ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਪੁਲਿਸ ਮੈਨੂੰ ਇਹ ਜਾਣਕਾਰੀ ਦੇਵੇ ਕਿ ਉਨ੍ਹਾਂ ਦਾ ਜ਼ਿਲ੍ਹਾ ਸਾਫ਼ ਹੈ।