‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕੀਤੀ। ਮੀਡੀਆ ਨਾਲ ਮੁਖਾਤਿਬ ਹੁੰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਪਿਛਲੇ ਦਿਨੀਂ ਡੇਰਾ ਪ੍ਰੇਮਣ ਵੀਰਪਾਲ ਇੰਸਾ ਵੱਲੋਂ ਪੁਸ਼ਾਕ ਮਾਮਲੇ ‘ਚ ਲਾਏ ਇਲਜ਼ਾਮਾਂ ਦਾ ਸਖਤ ਸ਼ਬਦਾਂ ਵਿੱਚ ਖੰਡਨ ਕੀਤਾ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੇਰੇ ਖਿਲਾਫ ਸਰਾਸਰ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਸਿੱਖ ਮਨਾਂ ਵਿੱਚ ਗਲਤ ਗੱਲ ਪਾਉਣ ਦਾ ਯਤਨ ਕੀਤਾ ਗਿਆ। ਸੁਖਬੀਰ ਬਾਦਲ ਨੇ ਕਿਹਾ ਕਿ ਵੀਰਪਾਲ ਇੰਸਾ ਵੱਲੋਂ ਭੇਜੀ ਗਈ ਮੁਆਫੀ ਵਿੱਚ ਵੀ ਗੁਰੂ ਸਾਹਿਬਾਨਾਂ ਦੀ ਤੁਲਨਾ ਰਾਮ ਰਹੀਮ ਨਾਲ ਕਰਕੇ ਬਹੁਤ ਵੱਡਾ ਗੁਨਾਹ ਕੀਤਾ ਗਿਆ ਹੈ ਅਤੇ ਇਹ ਜਾਣਬੁੱਝ ਕੇ ਗੁਰੂ ਸਾਹਿਬਾਨਾਂ ਖਿਲਾਫ ਪ੍ਰਚਾਰ ਸ਼ੁਰੂ ਕੀਤਾ ਜਾ ਰਿਹਾ ਹੈ।

ਸੁਖਬੀਰ ਬਾਦਲ ਨੇ SSP ਚੰਡੀਗੜ੍ਹ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਪਿੱਛੇ ਕੰਮ ਕਰ ਰਹੀਆਂ ਰਾਜਨੀਤਿਕ ਪਾਰਟੀਆਂ ਬਾਰੇ ਜਾਂਚ ਕੀਤੀ ਜਾਵੇ, ਜਿਹੜੀਆਂ ਜਾਣਬੁੱਝ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਸੋਚੀ ਸਮਝੀ ਸਾਜਿਸ਼ ਤਹਿਤ ਗੁਰੂ ਸਾਹਿਬਾਨਾਂ ਦੀ ਤੁਲਨਾਂ ਰਾਮ ਰਹੀਮ ਨਾਲ ਕਰਕੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਮੰਗ ਕੀਤੀ ਕਿ ਵੀਰਪਾਲ ਇੰਸਾਂ ਖਿਲਾਫ 295 ਤਹਿਤ ਕੇਸ ਦਰਜ ਕਰਕੇ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਉਸ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਦਾ ਪਤਾ ਲੱਗ ਸਕੇ।

ਸੁਖਬੀਰ ਬਾਦਲ ਨੇ ਵਿਰੋਧੀ ਪਾਰਟੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕੋਈ ਵੀ ਰਾਜਨੀਤਿਕ ਪਾਰਟੀ ਸਾਡੇ ਨਾਲ ਮਰਦਾਂ ਵਾਂਗੂੰ ਲੜੇ, ਪਰ ਗੁਰੂ ਸਾਹਿਬਾਨਾਂ ਨੂੰ ਵਿੱਚ ਨਾ ਲਿਆਂਦਾ ਜਾਵੇ। ਉਹਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਆਪਣੀ ਹੋਂਦ ਖਤਮ ਹੁੰਦੀ ਦਿਖਾਈ ਦੇ ਰਹੀ ਹੈ, ਇਸੇ ਕਾਰਨ ਹੀ ਉਹ ਸ਼੍ਰੋਮਣੀ ਅਕਾਲੀ ਦਲ ਖਿਲਾਫ ਝੂਠਾ ਪ੍ਰਚਾਰ ਕਰ ਰਹੇ ਹਨ। ਬਾਦਲ ਨੇ ਦਾਅਵਾ ਕੀਤਾ ਕਿ ਆਉਂਦੀਆਂ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ।

Leave a Reply

Your email address will not be published. Required fields are marked *