Punjab

ਸੈਣੀ ਦੀ ਪਤਨੀ ਤੇ ਪੁੱਤ ਤੋਂ ਪੁੱਛ-ਪੜਤਾਲ, ਕਹਿੰਦੇ ਸਾਡੇ ਸੰਪਰਕ ‘ਚ ਨਹੀਂ ਹੈ ਸੁਮੇਧ ਸੈਣੀ

‘ਦ ਖ਼ਾਲਸ ਬਿਊਰੋ:- ਸਿਟਕੋ ਦੇ ਜੂਨੀਅਰ ਇੰਜਨੀਅਰ (JE) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਆਪਣੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਲਗਾਤਾਰ ਗ੍ਰਿਫ਼ਤਾਰੀ ਤੋਂ ਬਚ ਰਿਹਾ ਹੈ। ਇਸ ਦੌਰਾਨ ਮੁਹਾਲੀ ਪੁਲਿਸ ਦੀ ਵਿਸ਼ੇਸ਼ ਟੀਮ ਨੇ ਸਾਬਕਾ ਡੀਜੀਪੀ ਦੀ ਪਤਨੀ ਅਤੇ ਪੁੱਤ ਤੋਂ ਪੁੱਛ-ਪੜਤਾਲ ਕੀਤੀ ਹੈ।

SIT ਦੇ ਮੈਂਬਰ ਨੇ ਦੱਸਿਆ ਕਿ ਮੁਹਾਲੀ ਪੁਲਿਸ ਦੀ ਟੀਮ ਸੈਣੀ ਦੀ ਭਾਲ ਵਿੱਚ ਦਿੱਲੀ ਗਈ ਸੀ। ਇਸ ਦੌਰਾਨ ਪੁਲਿਸ ਨੇ ਸੈਣੀ ਦੇ ਪਰਿਵਾਰ ਤੋਂ ਪੁੱਛ-ਪੜਤਾਲ ਕੀਤੀ। ਪਰਿਵਾਰ ਦਾ ਕਹਿਣਾ ਹੈ ਕਿ ਸੈਣੀ ਕਾਫੀ ਦਿਨਾਂ ਤੋਂ ਉਨ੍ਹਾਂ ਦੇ ਸੰਪਰਕ ਵਿੱਚ ਨਹੀਂ ਹੈ।  ਸੈਣੀ ਨੇ ਅਗਾਊਂ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ ਹੈ। ਸੈਣੀ ਨੇ ਆਪਣੇ ਵਕੀਲਾਂ ਰਾਹੀਂ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ।

ਪਿਛਲੇ ਦਿਨੀਂ ਹਾਈ ਕੋਰਟ ਦੇ ਜੱਜ ਜਸਟਿਸ ਫਤਿਹਦੀਪ ਸਿੰਘ ਦੀ ਅਗਵਾਈ ਵਾਲੇ ਸਿੰਗਲ ਬੈਂਚ ਨੇ ਸਾਬਕਾ ਡੀਜੀਪੀ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਮੁਹਾਲੀ ਅਦਾਲਤ ਨੇ ਵੀ ਸੈਣੀ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਕੋਰਾ ਜਵਾਬ ਦੇ ਦਿੱਤਾ ਸੀ।