Punjab

ਸੁਮੇਧ ਸੈਣੀ ਨੂੰ ਪੁਲਿਸ ਨੇ ਚੌਥੀ ਵਾਰ ਕੀਤਾ ਤਲਬ

‘ਦ ਖ਼ਾਲਸ ਬਿਊਰੋ:- ਸਿਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਗਾਇਬ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਮੁਹਾਲੀ ਪੁਲਿਸ ਵੱਲੋਂ ਦੁਬਾਰਾ ਸੰਮਨ ਜਾਰੀ ਕੀਤੇ ਗਏ ਹਨ।  ਸੈਣੀ ਨੂੰ 26 ਅਕਤੂਬਰ ਨੂੰ ਸਵੇਰੇ 11 ਵਜੇ ਮਟੌਰ ਥਾਣੇ ਵਿੱਚ SIT ਕੋਲ ਤਫ਼ਤੀਸ਼ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।

ਜਾਣਕਾਰੀ ਮੁਤਾਬਕ ਪਹਿਲੀ ਵਾਰ ਪੁਲਿਸ ਨੇ ਸੈਣੀ ਨੂੰ ਖ਼ੁਦ ਉਸ ਦੇ ਹੱਥਾਂ ’ਚ ਸੰਮਨ ਫੜਾਏ ਹਨ। ਜਿਵੇਂ ਹੀ ਪੁਲਿਸ ਸੈਣੀ ਦੇ ਘਰ ਪਹੁੰਚੀ ਤਾਂ ਸੈਣੀ ਉੱਥੇ ਮੌਜੂਦ ਸੀ ਤੇ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਸੰਮਨ ਸੌਂਪੇ। ਇਸ ਤੋਂ ਪਹਿਲਾਂ ਵੀ ਮੁਹਾਲੀ ਪੁਲਿਸ ਸੈਣੀ ਨੂੰ ਸੰਮਨ ਭੇਜ ਕੇ ਜਾਂਚ ਵਿੱਚ ਸ਼ਾਮਲ ਕਰ ਚੁੱਕੀ ਹੈ। ਚਸ਼ਮਦੀਦ ਗਵਾਹਾਂ ਤੇ ਵਾਅਦਾ ਮੁਆਫ਼ ਗਵਾਹ ਬਣੇ ਯੂਟੀ ਪੁਲਿਸ ਦੇ ਦੋ ਸਾਬਕਾ ਇੰਸਪੈਕਟਰਾਂ ਜਗੀਰ ਸਿੰਘ ਤੇ ਕੁਲਦੀਪ ਸਿੰਘ ਸੰਧੂ ਦੇ ਬਿਆਨ ਦਰਜ ਹੋਣ ਮਗਰੋਂ ਪੁਲਿਸ ਵੱਲੋਂ ਸੈਣੀ ਦੇ ਖ਼ਿਲਾਫ਼ 21 ਅਗਸਤ ਨੂੰ ਧਾਰਾ 302 ਦੇ ਤਹਿਤ ਕਤਲ ਦੇ ਜੁਰਮ ਦਾ ਵਾਧਾ ਕੀਤਾ ਗਿਆ ਸੀ।

ਸੈਣੀ ਨੇ ਉਨ੍ਹਾਂ ਖ਼ਿਲਾਫ਼ ਦਰਜ ਅਪਰਾਧਿਕ ਕੇਸ ਨੂੰ ਮੁੱਢੋਂ ਰੱਦ ਕਰਵਾਉਣ ਤੇ ਪੱਕੀ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ ਹੈ ਅਤੇ ਇਨ੍ਹਾਂ ਦੋਵਾਂ ਮਾਮਲਿਆਂ ਦੀ 27 ਅਕਤੂਬਰ ਨੂੰ ਸੁਣਵਾਈ ਹੋਣੀ ਹੈ। ਇਸ ਤੋਂ ਇਲਾਵਾ ਮੁਹਾਲੀ ਅਦਾਲਤ ਵੱਲੋਂ ਸੈਣੀ ਖ਼ਿਲਾਫ਼ ਜਾਰੀ ਕੀਤੇ ਗ੍ਰਿਫ਼ਤਾਰੀ ਵਾਰੰਟ ਵਾਪਸ ਲੈਣ ਅਤੇ ਉਸ ਨੂੰ ਦਿੱਤੀ ਜ਼ਮਾਨਤ ਰੱਦ ਕਰਨ ਲਈ ਸਰਕਾਰ ਦੀ ਪਟੀਸ਼ਨ ਵੀ ਵਿਚਾਰ ਅਧੀਨ ਹੈ। ਇਸ ਕੇਸ ਦੀ ਸੁਣਵਾਈ ਵੀ 27 ਅਕਤੂਬਰ ਨੂੰ ਹੋਣੀ ਹੈ।