Punjab

ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ ਸ਼੍ਰੋਮਣੀ ਕਮੇਟੀ ਦਾ 100 ਸਾਲਾ ਸਥਾਪਨਾ ਦਿਵਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਜੀ ਆਰੰਭ ਕਰਕੇ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ ਹੈ। 17 ਨਵੰਬਰ ਨੂੰ ਭੋਗ ਤੋਂ ਬਾਅਦ ਮੰਜੀ ਸਾਹਿਬ, ਦੀਵਾਨ ਹਾਲ ਵਿੱਚ ਵਿਸ਼ਾਲ ਸਮਾਗਮ ਕਰਵਾਇਆ ਜਾਵੇਗਾ ਅਤੇ ਇਸ ਸਮਾਗਮ ਵਿੱਚ ਕਈ ਪੰਥਕ ਸ਼ਖਸੀਅਤਾਂ ਸ਼ਾਮਿਲ ਹੋਣਗੀਆਂ। ਪੂਰਾ ਸਾਲ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਏ ਜਾਣਗੇ।

SGPC ਵੱਲੋਂ ਇਸ ਮੌਕੇ ਸੰਗਤਾਂ ਨੂੰ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਕੁਰਬਾਨੀਆਂ ਭਰੇ ਇਤਿਹਾਸ ਦੇ ਰੂਬਰੂ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਚਿੱਤਰ ਪ੍ਰਦਰਸ਼ਨੀ ਨਾਲ ਸ਼ਤਾਬਦੀ ਸਮਾਗਮਾਂ ਦੀ ਵੀ ਆਰੰਭਤਾ ਕੀਤੀ ਗਈ ਹੈ। ਸ੍ਰੀ ਦਰਬਾਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਵਿਸ਼ੇਸ਼ ਪੰਡਾਲ ‘ਚ ਚਿੱਤਰ ਪ੍ਰਦਰਸ਼ਨੀ ਲਗਾਈ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਵਿਸ਼ੇਸ਼ ਰੁਚੀ ਨਾਲ ਇਸ ਪ੍ਰਦਰਸ਼ਨੀ ਲਈ ਬੀਤੇ ਦਿਨੀਂ ਲਗਾਈ ਗਈ ਚਿੱਤਰਕਲਾ ਵਰਕਸ਼ਾਪ ਦੌਰਾਨ ਪੰਜਾਬ ਭਰ ਦੇ ਚਿੱਤਰਕਾਰਾਂ ਵੱਲੋਂ 32 ਚਿੱਤਰ ਤਿਆਰ ਕੀਤੇ ਗਏ ਸਨ। ਇਨ੍ਹਾਂ ਚਿੱਤਰਾਂ ਰਾਹੀਂ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਤੋਂ ਪਹਿਲਾਂ ਕੀਤੇ ਗਏ ਸੰਘਰਸ਼ ਦੇ ਨਾਲ-ਨਾਲ ਸਾਕਿਆਂ ਅਤੇ ਮੋਰਚਿਆਂ ਦੇ ਇਤਿਹਾਸ ਨੂੰ ਵੀ ਦਰਸਾਇਆ ਗਿਆ ਹੈ।

ਚਿੱਤਰ ਪ੍ਰਦਰਸ਼ਨੀ ਪ੍ਰਤੀ ਸੰਗਤਾਂ ਵੱਲੋਂ ਭਰਵਾਂ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਪ੍ਰਦਰਸ਼ਨੀ ’ਚ ਲਗਾਏ ਗਏ ਚਿੱਤਰਾਂ ਵਿੱਚ ਮਹੰਤਾਂ ਪਾਸੋਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪ੍ਰਬੰਧ ਖ਼ਾਲਸਾ ਪੰਥ ਵੱਲੋਂ ਆਪਣੇ ਹੱਥਾਂ ‘ਚ ਲੈਣ, ਸਾਕਾ ਨਨਕਾਣਾ ਸਾਹਿਬ, ਸਾਕਾ ਗੁਰੂ ਕਾ ਬਾਗ, ਜੈਤੋ ਦਾ ਮੋਰਚਾ, ਕਿਰਪਾਨ ਦਾ ਮੋਰਚਾ, ਨਾਭਾ ਦੀ ਖੂਨੀ ਜੇਲ੍ਹ ਦੇ ਦ੍ਰਿਸ਼ਾਂ ਦੇ ਨਾਲ-ਨਾਲ ਕਈ ਪ੍ਰਮੁੱਖ ਸ਼ਖ਼ਸੀਅਤਾਂ, ਜਿਨ੍ਹਾਂ ਵਿੱਚ ਜਥੇਦਾਰ ਤੇਜਾ ਸਿੰਘ ਸਮੁੰਦਰੀ, ਤੇਜਾ ਸਿੰਘ ਭੁੱਚਰ ਆਦਿ ਸ਼ਾਮਲ ਹਨ, ਦੇ ਭਾਵਪੂਰਤ ਚਿੱਤਰ ਸੰਗਤ ਦੀ ਉਤਸੁਕਤਾ ਦਾ ਕੇਂਦਰ ਬਣੇ ਹੋਏ ਹਨ।

ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਰਹੇ ਪ੍ਰਧਾਨ ਸਾਹਿਬਾਨਾਂ ਨੂੰ ਇੱਕ ਚਿੱਤਰ ‘ਚ ਦਿਖਾ ਕੇ ਸਿੱਖ ਸੰਸਥਾ ਦੀ ਵਿਸ਼ਾਲਤਾ ਨੂੰ ਦਰਸਾਇਆ ਗਿਆ ਹੈ। ਪ੍ਰਦਰਸ਼ਿਤ ਕੀਤੇ ਗਏ ਚਿੱਤਰਾਂ ਦੇ ਨਾਲ ਪੰਜਾਬੀ ਅਤੇ ਅੰਗਰੇਜ਼ੀ ਵਿੱਚ ਸਬੰਧਤ ਇਤਿਹਾਸ ਨੂੰ ਵੀ ਸੰਖੇਪ ਰੂਪ ‘ਚ ਦਿੱਤਾ ਗਿਆ ਹੈ ਤਾਂ ਜੋ ਸੰਗਤਾਂ ਆਸਾਨੀ ਨਾਲ ਚਿੱਤਰ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਣ।

ਇਹ ਚਿੱਤਰ ਪ੍ਰਦਰਸ਼ਨੀ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਨੂੰ ਸਮਰਪਿਤ ਸਮਾਗਮਾਂ ਦੌਰਾਨ ਜਾਰੀ ਰਹੇਗੀ। ਸ਼੍ਰੋਮਣੀ ਕਮੇਟੀ ਦੀ ਸ਼ਤਾਬਦੀ ਸਮੇਂ ਚਿੱਤਰ ਪ੍ਰਦਰਸ਼ਨੀ ਤਿਆਰ ਕਰਨ ਦਾ ਇਹ ਦੂਸਰਾ ਮੌਕਾ ਹੈ। ਇਸ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਵੀ ਸੁਲਤਾਨਪੁਰ ਲੋਧੀ ਵਿਖੇ ਵਿਸ਼ੇਸ਼ ਤੌਰ ’ਤੇ ਚਿੱਤਰ ਤਿਆਰ ਕਰਵਾ ਕੇ ਪ੍ਰਦਰਸ਼ਨੀ ਲਗਾਈ ਗਈ ਸੀ।