India Punjab

ਕਿਸਾਨੀ ਅੰਦੋਲਨ ਦੌਰਾਨ ਗ੍ਰਿਫਤਾਰ ਹੋਏ ਕਿਸਾਨਾਂ ਦੀ ਰਿਹਾਈ ਲਈ ਗ੍ਰਿਫਤਾਰੀਆਂ ਦੇਣ ਲਈ ਦਿੱਲੀ ਨੂੰ ਤੁਰਿਆ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਪਹਿਲਾ ਜਥਾ

‘ਦ ਖ਼ਾਲਸ ਬਿਊਰੋ :- ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਮੀਤ ਪ੍ਰਧਾਨ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਹੇਠ ਕਿਸਾਨੀ ਅੰਦੋਲਨ ਨਾਲ ਸਬੰਧਿਤ ਸਾਰੇ ਸਿਆਸੀ ਅਤੇ ਸਮਾਜਿਕ ਜਥੇਬੰਦੀਆਂ ਦੇ ਲੀਡਰਾਂ ਦਾ ਪਹਿਲਾ ਜਥਾ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਕੇ ਦਿੱਲੀ ਵਿੱਚ ਕਿਸਾਨੀ ਅੰਦੋਲਨ ਦੌਰਾਨ ਗ੍ਰਿਫਤਾਰ ਹੋਏ ਨੌਜਵਾਨਾਂ, ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਤੋਂ ਦਿੱਲੀ ਪਾਰਲੀਮੈਂਟ ਹਾਊਸ ਵਿਖੇ ਗ੍ਰਿਫਤਾਰੀ ਦੇਣ ਲਈ ਰਵਾਨਾ ਹੋਇਆ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਸਾਰਿਆਂ ਨੂੰ ਕਿਸਾਨੀ ਅੰਦੋਲਨ ਦੀ ਹਮਾਇਤ ਵਿੱਚ ਗ੍ਰਿਫਤਾਰੀਆਂ ਦੇਣ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਣ ਦਾ ਖੁੱਲ੍ਹਾ ਸੱਦਾ ਦਿੱਤਾ ਸੀ। ਮਾਨ ਨੇ ਕਿਹਾ ਕਿ ‘ਦਿੱਲੀ ‘ਚ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਦੀ ਟਰੈਕਟਰ ਪਰੇਡ ਵਾਲੇ ਦਿਨ ਲਾਲ ਕਿਲ੍ਹੇ ਉੱਤੇ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾਉਣ ਦੀ ਨੌਜਵਾਨੀ ਵੱਲੋਂ ਕੀਤੀ ਗਈ ਫ਼ਖਰ ਵਾਲੀ ਕਾਰਵਾਈ ਨੂੰ ਹੁਕਮਰਾਨਾਂ ਵੱਲੋਂ ਮੰਦਭਾਵਨਾ ਅਧੀਨ ਨਿਸ਼ਾਨਾ ਬਣਾਉਂਦੇ ਹੋਏ ਕਰੀਬ 177 ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਉੱਤੇ ਝੂਠੇ ਕੇਸ ਦਰਜ ਕਰਕੇ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਅਸੀਂ ਸਖਤ ਸ਼ਬਦਾ ਵਿੱਚ ਨਿੰਦਾ ਕਰਦੇ ਹਾਂ’।