Punjab

SGPC ਨੇ ਕਈ ਅਹਿਮ ਫੈਸਲਿਆਂ ‘ਤੇ ਲਾਈ ਮੋਹਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਗਾਈ ਗਈ ਹੈ। SGPC ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸੋਲਰ ਸਿਸਟਮ ਲਗਾਉਣ ਦੀ ਸੇਵਾ ਕੈਲੋਫੋਰਨੀਆ ਦੇ ਯੂਨਾਈਟਡ ਸਿੱਖ ਮਿਸ਼ਨ, ਅਮਰੀਕਾ ਨੂੰ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਕਾਰਜ ਵਿੱਚ ਆਉਣ ਵਾਲਾ ਸਾਰਾ ਖ਼ਰਚਾ ਯੂਨਾਈਟਡ ਸਿੱਖ ਮਿਸ਼ਨ ਵੱਲੋਂ ਕੀਤਾ ਜਾਵੇਗਾ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਯੂਨਾਈਟਡ ਸਿੱਖ ਮਿਸ਼ਨ ਨੇ ਖੁਦ ਇਹ ਸੇਵਾ ਮੰਗੀ ਹੈ, ਜੋ ਕਿ ਸਲਾਹੁਣਯੋਗ ਹੈ। ਇਸ ਦੇ ਨਾਲ ਹੀ ਲੰਗਰ ਲਈ ਭਾਫ਼ ਸਿਸਟਮ ਲਗਾਉਣ ਦੀ ਸੇਵਾ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨੂੰ ਸੌਂਪਣ ਦਾ ਵੀ ਫੈਸਲਾ ਕੀਤਾ ਹੈ। ਇਸ ਵਿੱਚ ਆਉਣ ਵਾਲੇ ਖਰਚ ਦਾ ਅੰਕੜਾ ਜਲਦ ਹੀ ਸਾਂਝਾ ਕੀਤਾ ਜਾਵੇਗਾ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਸ਼ਤਾਬਦੀ ਦੇ ਮੁੱਖ ਸਮਾਗਮ ਗੋਧਰਪੁਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਕੀਤੇ ਜਾਣਗੇ। 19 ਤੋਂ 21 ਫ਼ਰਵਰੀ ਤੱਕ ਕਰਵਾਏ ਜਾਣ ਵਾਲੇ ਇਨ੍ਹਾਂ ਗੁਰਮਤਿ ਸਮਾਗਮਾਂ ਵਿੱਚ ਸਿੱਖ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਉਨ੍ਹਾਂ ਨੇ ਜਾਣਕਾਰੀ ਦਿੰਦਿਆੰ ਦੱਸਿਆ ਕਿ ਗੋਧਰਪੁਰ ਵਿਖੇ ਸ਼ਹੀਦ ਭਾਈ ਲਸ਼ਮਣ ਸਿੰਘ ਦਾ ਪਰਿਵਾਰ ਵੱਸਿਆ ਸੀ, ਜਿਨ੍ਹਾਂ ਦੀ ਯਾਦ ਵਿੱਚ ਉੱਥੇ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਸਾਕੇ ਦੀ ਸ਼ਤਾਬਦੀ ਨੂੰ ਮੁੱਖ ਰੱਖਦਿਆਂ 15 ਫ਼ਰਵਰੀ ਨੂੰ ਸ਼ਹੀਦ ਭਾਈ ਲਸ਼ਮਣ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਿਤ ਕੀਤੀ ਜਾਵੇਗੀ।

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਾਕਿਸਤਾਨ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਸਬੰਧੀ ਹੋਣ ਵਾਲੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਦਾ ਇੱਕ ਜਥਾ ਭੇਜਿਆ ਜਾਵੇਗਾ ਅਤੇ ਅਸੀਂ ਇਨ੍ਹਾਂ ਦੇ ਪਾਸਪੋਰਟ ਭੇਜ ਦਿੱਤੇ ਹਨ। ਇਸ ਜਥੇ ਦੀ ਅਗਵਾਈ ਲਈ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜਾਣਗੇ ਅਤੇ ਮੈਂ ਇੱਥੇ ਹੋਣ ਵਾਲੇ ਸਮਾਗਮਾਂ ਵਿੱਚ ਹਾਜ਼ਰੀ ਲਗਵਾ ਸਕਾਂ।

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਵਿਸ਼ਾਲ ਸਮਾਗਮਾਂ ਤੋਂ ਇਲਾਵਾ ਨਗਰ ਕੀਰਤਨ ਵੀ ਵਿਸ਼ੇਸ਼ ਤੌਰ ‘ਤੇ ਸਜਾਏ ਜਾਣਗੇ। ਇੱਕ ਨਗਰ ਕੀਰਤਨ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦਿੱਲੀ ਤੱਕ ਸਜਾਇਆ ਜਾਵੇਗਾ।

ਬੀਬੀ ਜਗੀਰ ਕੌਰ ਨੇ ਸਜ਼ਾ ਭੁਗਤ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ਵਿੱਚ ਭਾਰਤ ਸਰਕਾਰ ਨੂੰ ਜਲਦ ਫੈਸਲਾ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਕੇਸ ਦੇ ਮਾਮਲੇ ਵਿੱਚ ਭਾਰਤ ਸਰਕਾਰ ਨੂੰ ਦੇਰੀ ਨਹੀਂ ਕਰਨੀ ਚਾਹੀਦੀ। ਸੁਪਰੀਮ ਕੋਰਟ ਵੱਲੋਂ ਵੀ ਇਸ ਬਾਰੇ ਸਰਕਾਰ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਰਾਜੋਆਣਾ ਦਾ ਕੇਸ ਨਿਰੰਤਰ ਲੜਿਆ ਜਾ ਰਿਹਾ ਹੈ। ਹਰ ਪੇਸ਼ੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ 11 ਲੱਖ ਰੁਪਏ ਦੀ ਰਾਸ਼ੀ ਭੇਜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਕੇਸ ਦੇ ਮਾਮਲੇ ਵਿੱਚ ਮਦਦ ਲਈ ਵਚਨਬੱਧ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸੈਕਸ਼ਨ-87 ਅਧੀਨ ਆਉਂਦੇ ਕਈ ਗੁਰਦੁਆਰਿਆਂ, ਜਿਨ੍ਹਾਂ ਦੀ ਆਮਦਨ ਸਾਲਾਨਾ 35 ਲੱਖ ਤੋਂ ਜ਼ਿਆਦਾ ਹੈ, ਨੂੰ ਸੈਕਸ਼ਨ-85 ਅਧੀਨ ਸਿੱਧੇ ਪ੍ਰਬੰਧ ਲਈ ਭਾਰਤ ਸਰਕਾਰ ਕੋਲ ਕੇਸ ਭੇਜਿਆ ਗਿਆ ਹੈ, ਪਰ ਅਜੇ ਤੱਕ ਸਰਕਾਰ ਵੱਲੋਂ ਕੋਈ ਨੋਟੀਫਿਕੇਸ਼ਨ ਨਹੀਂ ਜਾਰੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਹ ਮਾਮਲਾ ਸੰਜੀਦਗੀ ਨਾਲ ਲੈਣਾ ਚਾਹੀਦਾ ਹੈ ਅਤੇ ਇਹ ਗੁਰਦੁਆਰਾ ਸਾਹਿਬ ਸੈਕਸ਼ਨ-85 ਅਧੀਨ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਗ੍ਰਹਿ ਮੰਤਰਾਲੇ ਨਾਲ ਰਾਬਤਾ ਕੀਤਾ ਜਾਵੇਗਾ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿਕਲੀਗਰ ਸਿੱਖਾਂ ਦੇ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਇੰਦੌਰ ਵਿਖੇ ਖੋਲ੍ਹੇ ਜਾ ਰਹੇ ਸੈਂਟਰ ਲਈ 10 ਲੱਖ ਰੁਪਏ ਦਿੱਤੇ ਜਾਣਗੇ। ਇੰਦੌਰ ਵਿਖੇ ਗੁਰਮਤਿ ਕੇਂਦਰ ਵੀ ਖੋਲ੍ਹਿਆ ਜਾਵੇਗਾ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸੰਤ ਗਿਆਨੀ ਮੋਹਨ ਸਿੰਘ ਭਿੰਡਰਕਲਾਂ ਵਾਲਿਆਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਵੀ ਫੈਸਲਾ ਕੀਤਾ ਹੈ।

ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਨੂੰ ਕਿਸਾਨੀ ਸੰਘਰਸ਼ ਦੌਰਾਨ 26 ਜਨਵਰੀ ਨੂੰ ਕਿਸਾਨਾਂ ’ਤੇ ਕੀਤੇ ਗਏ ਪਰਚੇ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਗੱਲ ਨਹੀਂ ਸੁਣੀ ਜਾ ਰਹੀ ਅਤੇ ਲਗਾਤਾਰ ਮੰਗ ਨੂੰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਮੰਗ ਕੀਤੀ ਕਿ 26 ਜਨਵਰੀ ਵਾਲੇ ਦਿਨ ਕੀਤੇ ਪਰਚੇ ਰੱਦ ਕੀਤੇ ਜਾਣ ਅਤੇ ਜਿਹੜੇ ਕਿਸਾਨ ਗ੍ਰਿਫ਼ਤਾਰ ਕੀਤੇ ਗਏ ਹਨ, ਉਨ੍ਹਾਂ ਨੂੰ ਵੀ ਤੁਰੰਤ ਰਿਹਾਅ ਕੀਤਾ ਜਾਵੇ।

ਨੌਜਵਾਨ ਲੜਕੀ ਨੌਦੀਪ ਕੌਰ ਤੇ ਕੀਤੇ ਗਏ ਪੁਲਿਸ ਤਸ਼ੱਦਦ ਦੀ ਨਿੰਦਾ ਕਰਦਿਆਂ ਬੀਬੀ ਜਗੀਰ ਕੌਰ ਨੇ ਉਸ ਨੂੰ ਇਨਸਾਫ ਦੇਣ ਦੀ ਮੰਗ ਕੀਤੀ। ਦਿੱਲੀ ਵਿਖੇ ਸ਼ਹੀਦ ਹੋਏ ਨਵਦੀਪ ਸਿੰਘ ਸਮੇਤ ਹੋਰ ਕਿਸਾਨ, ਜੋ ਸੰਘਰਸ਼ ਦੌਰਾਨ ਚਲਾਣਾ ਕਰ ਗਏ ਹਨ, ਸਬੰਧੀ ਵੀ ਬੀਬੀ ਜਗੀਰ ਕੌਰ ਨੇ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਦੱਸਿਆ ਕਿ ਸਿੱਖ ਪ੍ਰਚਾਰਕ ਗਿਆਨੀ ਅਮਰਜੀਤ ਸਿੰਘ ਗੁਲਸ਼ਨ ਦੇ ਅਕਾਲ ਚਲਾਣਾ ਸਬੰਧੀ ਵੀ ਸ਼ੋਕ ਮਤਾ ਪਾਸ ਕੀਤਾ ਗਿਆ ਹੈ।