‘ਦ ਖ਼ਾਲਸ ਬਿਊਰੋ ( ਮੁਹਾਲੀ ) :- ਤਿੰਨ ਦਹਾਕੇ ਪਹਿਲਾਂ ਮੁਹਾਲੀ ਦੇ ਵਸਨੀਕ ਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਮਗਰੋਂ ਭੇਤ-ਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਮਾਮਲੇ ਵਿੱਚ ਚੰਡੀਗੜ੍ਹ ਦੇ ਸੈਕਟਰ-17 ਥਾਣਾ ਦੇ ਤਤਕਾਲੀ SHO ਕੇ.ਆਈ.ਪੀ ਸਿੰਘ ਨੇ ਮੁਹਾਲੀ ਅਦਾਲਤ ਤੋਂ ਉਨ੍ਹਾਂ ਖ਼ਿਲਾਫ਼ ਜਾਰੀ ਗ੍ਰਿਫ਼ਤਾਰੀ ਵਾਰੰਟ ਵਾਪਸ ਲੈਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 9 ਨਵੰਬਰ ਤੱਕ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।

ਦੱਸਣਯੋਗ ਹੈ ਕਿ 19 ਅਕਤੂਬਰ ਨੂੰ ਪੀੜਤ ਪਰਿਵਾਰ ਦੀ ਅਪੀਲ ’ਤੇ ਅਦਾਲਤ ਨੇ ਤਤਕਾਲੀ ਥਾਣਾ ਮੁਖੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਸਨ। ਪੀੜਤ ਪਰਿਵਾਰ ਸ਼ੁਰੂ ਤੋਂ ਮੰਗ ਕਰਦਾ ਆ ਰਿਹਾ ਸੀ ਕਿ ਜਿਸ ਥਾਣੇ ਵਿੱਚ ਮੁਲਤਾਨੀ ਨੂੰ ਨਾਜਾਇਜ਼ ਹਿਰਾਸਤ ਵਿੱਚ ਰੱਖ ਕੇ ਗੈਰ-ਕਾਨੂੰਨੀ ਤਰੀਕੇ ਨਾਲ ਤਸ਼ੱਦਦ ਢਾਹਿਆ ਗਿਆ ਹੈ। ਉਸ ਸਮੇਂ ਦੇ SHO ਖ਼ਿਲਾਫ਼ ਹੁਣ ਤੱਕ ਕੋਈ ਕਾਰਵਾਈ ਕਿਉਂ ਨਹੀਂ ਹੋਈ।

ਵਿਦੇਸ਼ ਵਿੱਚ ਬੈਠੇ ਤਤਕਾਲੀ ਥਾਣਾ ਮੁਖੀ ਕੇਆਈਪੀ ਸਿੰਘ ਨੇ ਆਪਣੇ ਵਕੀਲ ਐੱਸਪੀਐੱਸ ਭੁੱਲਰ ਰਾਹੀਂ ਮੁਹਾਲੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਮੰਗ ਕੀਤੀ ਕਿ ਉਸ ਖ਼ਿਲਾਫ਼ ਜਾਰੀ ਗ੍ਰਿਫ਼ਤਾਰੀ ਵਾਰੰਟ ਤੁਰੰਤ ਵਾਪਸ ਲਏ ਜਾਣ। ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਕੇਸ ਦੀ ਪੈਰਵਾਈ ਕਰ ਰਹੇ ਵਕੀਲ ਪਰਦੀਪ ਸਿੰਘ ਵਿਰਕ ਨੇ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕਰਕੇ ਮੰਗ ਕੀਤੀ ਸੀ ਕਿ 29 ਸਾਲ ਪਹਿਲਾਂ 11 ਦਸੰਬਰ 1991 ਨੂੰ ਬਲਵੰਤ ਸਿੰਘ ਮੁਲਤਾਨੀ ਨੂੰ ਇੱਥੋਂ ਦੇ ਫੇਜ਼-7 ਸਥਿਤ ਘਰੋਂ ਚੁੱਕ ਕੇ ਸੈਕਟਰ-17 ਦੇ ਥਾਣੇ ਵਿੱਚ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਗਿਆ ਸੀ, ਜਿੱਥੇ ਉਸ ’ਤੇ ਬੇਤਹਾਸ਼ਾ ਤਸ਼ੱਦਦ ਢਾਹਿਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਤਰ੍ਹਾਂ ਜਦੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕੀਤਾ ਗਿਆ ਤਾਂ ਉਦੋਂ ਪੀੜਤ ਪਰਿਵਾਰ ਦੀ ਸ਼ਿਕਾਇਤ ’ਤੇ ਤਤਕਾਲੀ ਥਾਣਾ ਮੁਖੀ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਪਰ ਉਹ ਹੁਣ ਤੱਕ ਕਾਨੂੰਨੀ ਕਾਰਵਾਈ ਤੋਂ ਬਚਦਾ ਆ ਰਿਹਾ ਸੀ।

ਸੂਤਰਾਂ ਦੇ ਹਵਾਲੇ ਤੋਂ ਇਸ ਮਾਮਲੇ ਵਿੱਚ ਸਾਬਕਾ ਡੀਜੀਪੀ ਸਮੇਤ ਐਸਪੀ ਬਲਦੇਵ ਸਿੰਘ ਸੈਣੀ ਅਤੇ ਪੰਜ ਸੇਵਾਮੁਕਤ ਇੰਸਪੈਕਟਰਾਂ ਸਤਵੀਰ ਸਿੰਘ, ਹਰ ਸਹਾਏ ਸ਼ਰਮਾ, ਜਗੀਰ ਸਿੰਘ, ਅਨੋਖ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਖ਼ਿਲਾਫ਼ ਧਾਰਾ 364, 201, 344, 330 ਅਤੇ 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਸੀ। ਬਾਅਦ ਵਿੱਚ ਕਤਲ ਦੀ ਧਾਰਾ 302 ਵੀ ਜੋੜ ਦਿੱਤੀ ਗਈ ਹੈ। ਐਸਪੀ ਬਲਦੇਵ ਸਿੰਘ ਸੈਣੀ ਅਤੇ  ਇੰਸਪੈਕਟਰ ਸਤਵੀਰ ਸਿੰਘ ਦੀ ਮੌਤ ਹੋ ਚੁੱਕੀ ਹੈ ਅਤੇ ਤਿੰਨ ਮੁਲਜ਼ਮ ਵਾਅਦਾ ਮੁਆਫ਼ ਗਵਾਹ ਬਣ ਚੁੱਕੇ ਹਨ।

Leave a Reply

Your email address will not be published. Required fields are marked *