India

ਨਵੇਂ ਨਿਯਮਾਂ ਵਿੱਚ ਚੰਡੀਗੜ੍ਹੀਆਂ ‘ਤੇ ਹੋਈ ਸਖ਼ਤੀ

‘ਦ ਖ਼ਾਲਸ ਬਿਊਰੋ:- ਕੇਂਦਰ ਸਰਕਾਰ ਵੱਲੋਂ ਅਨਲੌਕ-3 ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਤੋਂ ਬਾਅਦ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਵੱਧ ਰਹੇ ਕੋਰੋਨਾਵਾਇਰਸ ਦੇ ਕੇਸਾਂ ਨੂੰ ਵੇਖਦਿਆਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਦੇ ਕਰਫਿਊ ਵਿੱਚ ਕੋਈ ਵੀ ਢਿੱਲ ਨਾ ਦੇਣ ਦਾ ਫੈਸਲਾ ਕੀਤਾ ਹੈ। ਸੁਖਨਾ ਝੀਲ ’ਤੇ ਸੈਲਾਨੀਆਂ ਦੀ ਭੀੜ ਘਟਾਉਣ ਲਈ 1 ਅਤੇ 2 ਅਗਸਤ ਨੂੰ ਲੋਕਾਂ ਦੇ ਦਾਖਲੇ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਯੂਟੀ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਇਹ ਫ਼ੈਸਲੇ ਲਏ ਗਏ ਹਨ।

ਬਦਨੌਰ ਨੇ ਦੱਸਿਆ ਕਿ ਸ਼ਹਿਰ ਵਿਚਲੇ ਤੰਗ ਅਤੇ ਭੀੜ-ਭਾੜ ਵਾਲੇ ਬਾਜ਼ਾਰਾਂ ਵਿੱਚ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਵਾਉਣ ਲਈ ਮੁੜ ਤੋਂ ਔਡ-ਈਵਨ ਫਾਰਮੂਲਾ ਸ਼ੁਰੂ ਕੀਤਾ ਗਿਆ ਹੈ। ਸ਼ਹਿਰ ਵਿੱਚ ਸਾਰੇ ਬਾਜ਼ਾਰ ਰਾਤ ਨੂੰ 8 ਵਜੇ ਤੱਕ ਖੁੱਲ੍ਹੇ ਰਹਿਣਗੇ ਜਦਕਿ ਖਾਣ-ਪੀਣ ਵਾਲੀਆਂ ਦੁਕਾਨਾਂ ਰਾਤ 9 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ। ਸ਼ਹਿਰ ਵਿਚਲੇ ਦੁਕਾਨਦਾਰਾਂ ਨੂੰ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਮਾਸਕ ਪਹਿਨਣ ਦੇ ਆਦੇਸ਼ ਦਿੱਤੇ ਗਏ ਹਨ।

ਬਦਨੌਰ ਨੇ ਡੀਜੀਪੀ ਚੰਡੀਗੜ੍ਹ ਸੰਜੇ ਬੈਨੀਵਾਲ ਨੂੰ ਆਦੇਸ਼ ਦਿੱਤੇ ਕਿ ਸ਼ਹਿਰ ਵਿੱਚ ਆਉਣ ਵਾਲੇ ਬਾਹਰੀ ਲੋਕਾਂ ’ਤੇ ਨਜ਼ਰ ਰੱਖੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸਿਹਤ ਵਿਭਾਗ ਨੂੰ ਸ਼ਹਿਰ ਵਿੱਚ ਚੌਕਸੀ ਵਧਾਉਣ ਦੇ ਆਦੇਸ਼ ਦਿੱਤੇ ਹਨ। ਸ਼ਹਿਰ ਵਿੱਚ ਸ਼ੱਕੀ ਵਿਅਕਤੀਆਂ ਦੀ ਜਾਂਚ ਲਈ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਨੂੰ ਵਾਲੰਟੀਅਰ, ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਅਤੇ ਸਮਾਜਿਕ ਜਥੇਬੰਦੀਆਂ ਦੀ ਮਦਦ ਲੈਣ ਦੀ ਅਪੀਲ ਕੀਤੀ ਹੈ। ਚੰਡੀਗੜ੍ਹ ਵਿੱਚ ਕੋਰੋਨਾ ਦੇ ਵੱਧ ਰਹੇ ਕੇਸਾਂ ਦੀ ਗਿਣਤੀ ਨੂੰ ਵੇਖਦਿਆਂ ਸ਼ਹਿਰ ਵਿੱਚ ਤਿੰਨ ਨਵੇਂ ਮਾਈਕ੍ਰੋ ਕੰਟੇਨਮੈਂਟ ਜ਼ੋਨ ਬਣਾਏ ਗਏ ਹਨ।