Punjab

ਹਰਿਆਣੇ ਦਾ ਹਾਈਵੇਅ ਤੋਂ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਦਾ ਨਹੀਂ ਬਣਦਾ ਕੋਈ ਹੱਕ – ਦਲਜੀਤ ਚੀਮਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ.ਦਲਜੀਤ ਸਿੰਘ ਚੀਮਾ ਨੇ ਹਰਿਆਣਾ ਵਿੱਚ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਦੀ ਘਟਨਾ ‘ਤੇ ਹਰਿਆਣਾ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ‘ਜਿਸ ਤਰੀਕੇ ਕੇਂਦਰ ਸਰਕਾਰ ਅਤੇ ਹਰਿਆਣਾ ਦੀ ਬੀਜੇਪੀ ਸਰਕਾਰ ਵੱਲੋਂ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਦੇ ਉੱਤੇ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ, ਜਿਸ ਤਰੀਕੇ ਹਰਿਆਣਾ ਦੇ ਸਾਰੇ ਬਾਰਡਰ ਸੀਲ ਕੀਤੇ ਜਾ ਰਹੇ ਹਨ, ਇਹ ਬਹੁਤ ਮੰਦਭਾਗਾ ਅਤੇ ਗੈਰ-ਲੋਕਤੰਤਰੀ ਕਦਮ ਹੈ। ਕੇਂਦਰ ਸਰਕਾਰ ਕਿਸਾਨਾਂ ਦੇ ਲੰਮੇ ਸਮੇਂ ਤੋਂ ਚੱਲ ਰਹੇ ਸ਼ਾਂਤਮਈ ਅੰਦੋਲਨ ਨੂੰ ਧੱਕੇ ਨਾਲ ਗਲਤ ਦਿਸ਼ਾ ਵੱਲ ਧੱਕਣ ਦੀ ਕੋਸ਼ਿਸ਼ ਕਰ ਰਹੀ ਹੈ।

ਕਿਸਾਨਾਂ ਦਾ ਦਿੱਲੀ ਜਾ ਕੇ ਰੋਸ ਪ੍ਰਦਰਸ਼ਨ ਕਰਨ ਦਾ ਹੱਕ ਬਣਦਾ ਹੈ। ਹਰਿਆਣਾ ਸਰਕਾਰ ਦਾ ਕੋਈ ਫਰਜ਼ ਨਹੀਂ ਬਣਦਾ ਕਿ ਉਹ ਹਾਈਵੇਅ ਤੋਂ ਪੰਜਾਬ ਦੇ ਲੋਕਾਂ ਨੂੰ ਲੰਘਣ ਤੋਂ ਰੋਕੇ। ਹਰਿਆਣੇ ਦਾ ਇਹ ਕਦਮ ਬਹੁਤ ਹੀ ਗਲਤ ਹੈ ਅਤੇ ਹਰਿਆਣਾ ਕੇਂਦਰ ਸਰਕਾਰ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਬੈਠ ਕੇ ਗੱਲ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸ ਤਰ੍ਹਾਂ ਕਿਸਾਨਾਂ ‘ਤੇ ਦਬਾਅ ਪਾ ਕੇ ਲੋਕ ਲਹਿਰਾਂ ਖਤਮ ਨਹੀਂ ਹੁੰਦੀਆਂ। ਸ਼੍ਰੋਮਣੀ ਅਕਾਲੀ ਦਲ ਦਿਲੋਂ ਕਿਸਾਨਾਂ ਦੇ ਨਾਲ ਖੜਾ ਹੈ ਅਤੇ ਹਰਿਆਣੇ ਦੇ ਇਸ ਵਤੀਰੇ ਦੀ ਨਿਖੇਧੀ ਕਰਦੇ ਹਾਂ’।