‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਅੰਦੋਲਨ ਪੂਰੇ ਦੇਸ਼ ਦਾ ਜਨ ਅੰਦੋਲਨ ਬਣ ਗਿਆ ਹੈ ਅਤੇ ਇਸ ਅੰਦੋਲਨ ਵਿੱਚ ਹਰ ਵਰਗ ਆਪਣਾ ਪੂਰਾ ਯੋਗਦਾਨ ਪਾ ਰਿਹਾ ਹੈ। ਜਿਨ੍ਹਾਂ ਦੀ ਜ਼ਮੀਨ ਵੀ ਨਹੀਂ ਹੈ, ਉਹ ਵੀ ਇਸ ਸੰਘਰਸ਼ ਵਿੱਚ ਕੁੱਦੇ ਹਨ। ਹਰ ਕੋਈ ਕਿਸਾਨਾਂ ਨੂੰ ਪੂਰੀ ਹਮਾਇਤ ਦੇ ਰਿਹਾ ਹੈ। ਕਿਸਾਨੀ ਅੰਦੋਲਨ ਬਹੁਤ ਹੀ ਸ਼ਾਂਤਮਈ ਢੰਗ ਦੇ ਨਾਲ ਚੱਲ ਰਿਹਾ ਹੈ ਅਤੇ ਇਸ ਅੰਦੋਲਨ ਦੌਰਾਨ ਕਈ ਘਰਾਂ ਦੇ ਦੀਵੇ ਵੀ ਬੁੱਝ ਗਏ ਹਨ।

ਘਰੋਂ ਕਿਸਾਨੀ ਅੰਦੋਲਨ ਵਿੱਚ ਹਿੱਸਾ ਪਾਉਣ ਆਏ ਕਈ ਕਿਸਾਨਾਂ ਦੀਆਂ ਲਾਸ਼ਾਂ ਹੀ ਉਨ੍ਹਾਂ ਦੇ ਪਰਿਵਾਰਾਂ ਨੂੰ ਨਸੀਬ ਹੋਈਆਂ ਹਨ। ਕਿਸਾਨੀ ਅੰਦੋਲਨ ਵਿੱਚ ਕਰੀਬ 23 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਇਹ ਮੌਤਾਂ ਵੱਖ-ਵੱਖ ਕਾਰਨਾਂ ਕਰਕੇ ਹੋਈਆਂ। ਸੜਕ ਹਾਦਸਿਆਂ ਵਿੱਚ, ਦਿਲ ਦਾ ਦੌਰਾ ਪੈਣ ਕਾਰਨ ਕਿਸਾਨਾਂ ਨੇ ਕਿਸਾਨੀ ਅੰਦੋਲਨ ਵਿੱਚ ਦਮ ਤੋੜ ਦਿੱਤਾ ਹੈ। ਕਿਸਾਨਾਂ ਨੇ ਇਨ੍ਹਾਂ ਕਿਸਾਨਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਹੈ। ਸਿਰਸਾ ਵਿੱਚ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ ਹਨ। ਇਸ ਮੌਕੇ ਕਿਸਾਨਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਲੋਕ ਵੀ ਹਾਜ਼ਰ ਸਨ।

 

ਜ਼ੀਰਕਪੁਰ ਨੂੰ ਜਾਂਦੇ ਕੌਮੀ ਮਾਰਗ ’ਤੇ ਅਜੀਜ਼ਪੁਰ ਦੇ ਟੌਲ ਪਲਾਜ਼ੇ ਉੱਤੇ ਚੱਲ ਰਹੇ ਧਰਨੇ ਵਿੱਚ ਕਿਸਾਨ ਸੰਘਰਸ਼ ਦੇ ਸ਼ਹੀਦਾਂ ਨਮਿਤ ਸ਼ਰਧਾਂਜਲੀ ਸਮਾਗਮ ਕੀਤਾ ਗਿਆ। ਕਾਰ ਸੇਵਾ ਵਾਲੇ ਬਾਬਾ ਦਿਲਬਾਗ ਸਿੰਘ ਨੇ ਇਸ ਮੌਕੇ ਵਿਸ਼ੇਸ਼ ਸ਼ਿਰਕਤ ਕੀਤੀ। ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਤੇ ਭੋਗ ਉਪਰੰਤ ਸ਼ਹੀਦ ਕਿਸਾਨਾਂ ਨਮਿਤ ਅਰਦਾਸ ਕਰਦਿਆਂ ਕਿਸਾਨ ਸੰਘਰਸ਼ ਦੀ ਜਿੱਤ ਅਤੇ ਸੰਘਰਸ਼ੀ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।

ਅੱਜ ਦੇਸ਼ ਭਰੇ ਦੇ ਲੋਕਾਂ ਵੱਲੋਂ ਕਿਸਾਨੀ ਸੰਘਰਸ਼ ‘ਚ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਦੇਸ਼ ਭਰ ਦੇ ਵੱਖ-ਵੱਖ ਪਿੰਡਾਂ ਵਿੱਚ ਸ਼ਹੀਦ ਕਿਸਾਨਾਂ ਦੇ ਲਈ ਅਰਦਾਸ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਅੱਜ ਉਨ੍ਹਾਂ ਦੀ ਸ਼ਹਦਾਤ ਨੂੰ ਸ਼ਹੀਦੀ ਦਿਹਾੜੇ ਵਜੋਂ ਮਨਾਇਆ ਗਿਆ ਹੈ। ਸ਼ਾਮ ਨੂੰ ਮੋਮਬੱਤੀਆਂ ਜਗਾ ਕੇ ਮਾਰਚ ਕੀਤਾ ਜਾਵੇਗਾ।

Leave a Reply

Your email address will not be published. Required fields are marked *