ਚੰਡੀਗੜ੍ਹ-(ਪੁਨੀਤ ਕੌਰ) ਡੀਜੀਪੀ ਦਿਨਕਰ ਗੁਪਤਾ ਦੇ ਕਰਤਾਰਪੁਰ ਲਾਂਘੇ ਬਾਰੇ ਕੀਤੇ ਗਏ ਵਿਵਾਦਿਤ ਬਿਆਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਹੰਗਾਮਾ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਡੀਜੀਪੀ ਦਿਨਕਰ ਗੁਪਤਾ,ਕੈਪਟਨ ਅਮਰਿੰਦਰ ਸਿੰਘ ਅਤੇ ਅਰੂਸਾ ਆਲਮ ਦੀਆਂ ਤਸਵੀਰਾਂ ਲੈ ਕੇ ਪ੍ਰਦਰਸ਼ਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪੰਜਾਬ ਸਰਕਾਰ ‘ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਮਾਫ਼ੀਆ ਰਾਜ ਚਲਾਉਣ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਨੇ ਕਿਹਾ ਕਿ ਡੀਜੀਪੀ ਦੇ ਇਸ ਵਿਵਾਦਿਤ ਬਿਆਨ ਨਾਲ ਲੱਖਾਂ ਸ਼ਰਧਾਲੂਆਂ ਨੂੰ ਠੇਸ ਪਹੁੰਚੀ ਹੈ।
ਉਨ੍ਹਾਂ ਨੇ ਪੰਜਾਬ ਸਰਕਾਰ ਅੱਗੇ ਡੀਜੀਪੀ ਦਿਨਕਰ ਗੁਪਤਾ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਹਾਲਾਂਕਿ,ਡੀਜੀਪੀ ਗੁਪਤਾ ਆਪਣੇ ਬਿਆਨ ‘ਤੇ ਸਪੱਸ਼ਟੀਕਰਨ ਦੇ ਚੁੱਕੇ ਹਨ ਤੇ ਆਪਣੇ ਬਿਆਨ ‘ਤੇ ਦੁੱਖ ਦਾ ਪ੍ਰਗਟਾਵਾ ਵੀ ਕਰ ਚੁੱਕੇ ਹਨ। ਡੀਜੀਪੀ ਦਿਨਕਰ ਗੁਪਤਾ ਨੇ ਕਰਤਾਰਪੁਰ ਲਾਂਘੇ ਨੂੰ ਸੰਭਾਵੀ ਖ਼ਤਰਾ ਦੱਸਿਆ ਸੀ। ਉਨ੍ਹਾਂ ਨੇ ਕਰਤਾਰਪੁਰ ਸਾਹਿਬ ਦਰਸ਼ਨ ਕਰਨ ਜਾਂਦੇ ਸ਼ਰਧਾਲੂਆਂ ‘ਤੇ ਟਿੱਪਣੀ ਕਰਦਿਆਂ ਕਿਹਾ ਸੀ ਕਿ ਸਵੇਰ ਦਾ ਗਿਆ ਹੋਇਆ ਆਦਮੀ ਸ਼ਾਮ ਤੱਕ ਅੱਤਵਾਦੀ ਬਣ ਕੇ ਆ ਸਕਦਾ ਹੈ। ਡੀਜੀਪੀ ਨੇ ਕਿਹਾ ਕਿ ਸ਼ਰਧਾਲੂ ਪਾਕਿਸਤਾਨ ਵਿੱਚ 6 ਘੰਟਿਆਂ ਤੱਕ ਰਹਿੰਦਾ ਹੈ ਤੇ ਇਨ੍ਹਾਂ 6 ਘੰਟਿਆਂ ਵਿੱਚ ਬੰਬ ਬਨਾਉਣ ਦੀ ਟਰੇਨਿੰਗ ਦਿੱਤੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਸੀ ਕਿ ਖ਼ਤਰੇ ਦੇ ਕਰਕੇ ਹੀ ਕਈ ਸਾਲਾਂ ਤੋਂ ਕੋਈ ਵੀ ਲਾਂਘਾ ਨਹੀਂ ਖੋਲਿਆ ਜਾ ਰਿਹਾ ਸੀ।