‘ਦ ਖ਼ਾਲਸ ਬਿਊਰੋ:- ਸਿਟਕੋ ਦੇ ਜੂਨੀਅਰ ਇੰਜਨੀਅਰ (JE) ਬਲਵੰਤ ਸਿੰਘ ਮੁਲਤਾਨੀ ਨੂੰ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਕਿਤੇ ਲੁਕ ਗਏ ਹਨ। ਸਿਆਸੀ ਹਲਕਿਆਂ ਵਿੱਚ ਇਹ ਚਰਚਾ ਜ਼ੋਰਾਂ ’ਤੇ ਹੈ ਕਿ ਉਨ੍ਹਾਂ ਨੇ ਦਿੱਲੀ ਵਿੱਚ ਕਿਸੇ ‘ਰਸੂਖ਼ਦਾਰ’ ਦੇ ਘਰ ਪਨਾਹ ਲਈ ਹੋਈ ਹੈ, ਜਿਸ ਕਰਕੇ ਪੁਲੀਸ ਦੇ ਲੰਮੇ ਹੱਥ ਉਨ੍ਹਾਂ ਤੱਕ ਨਹੀਂ ਪਹੁੰਚ ਰਹੇ। ਇਸ ਸਬੰਧੀ ਕੋਈ ਵੀ ਅਧਿਕਾਰੀ ਬੋਲਣ ਲਈ ਤਿਆਰ ਨਹੀਂ ਹੈ। ਅਧਿਕਾਰੀ ਬੱਸ ਇਹੀ ਕਹਿ ਰਹੇ ਹਨ ਕਿ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ।
ਸੈਣੀ ਸਿੱਖਾਂ ਤੇ ਖਾੜਕੂਵਾਦ ਲਹਿਰ ਦੇ ਨਿਸ਼ਾਨੇ ‘ਤੇ ਵੀ ਰਹੇ
ਸੈਣੀ ਸ਼ੁਰੂ ਤੋਂ ਹੀ ਵਿਵਾਦਾਂ ਵਿੱਚ ਘਿਰੇ ਰਹੇ ਹਨ। ਤਿੰਨ ਦਹਾਕੇ ਪਹਿਲਾਂ ਐੱਸਐੱਸਪੀ ਹੁੰਦਿਆਂ ਉਹ ਸਿੱਖਾਂ ਅਤੇ ਖਾੜਕੂਵਾਦ ਲਹਿਰ ਦੇ ਨਿਸ਼ਾਨੇ ’ਤੇ ਰਹੇ ਹਨ। ਧੱਕੇਸ਼ਾਹੀ ਅਤੇ ਨਾ-ਇਨਸਾਫ਼ੀ ਦੇ ਦੋਸ਼ਾਂ ਨੇ ਉਨ੍ਹਾਂ ਦਾ ਡੀਜੀਪੀ ਬਣਨ ਤੋਂ ਬਾਅਦ ਵੀ ਪਿੱਛਾ ਨਹੀਂ ਛੱਡਿਆ। ਆਮ ਲੋਕਾਂ ਨੂੰ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਵਾਲਾ ਸੈਣੀ ਮੌਜੂਦਾ ਸਮੇਂ ਵਿੱਚ ਹੁਣ ਉਸੇ ਕਾਨੂੰਨ ਦਾ ਕਥਿਤ ‘ਭਗੌੜਾ’ ਹੋ ਗਿਆ ਹੈ।
ਮੁਹਾਲੀ ਅਦਾਲਤ ਵੱਲੋਂ ਉਸ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ, ਜਿਸ ਕਰਕੇ ਹੁਣ ਉਹ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਹੈ। ਪਿਛਲੇ ਸਮੇਂ ਦੌਰਾਨ ਸੈਣੀ ਨੂੰ ਡੀਜੀਪੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਜਾਂਦੀ ਰਹੀ ਹੈ ਪਰ ਸਮੇਂ ਦੇ ਹੁਕਮਰਾਨਾਂ ਨੇ ਉਸ ਨੂੰ ‘ਬਚਾਈ’ ਰੱਖਿਆ।
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਐੱਸਜੀਪੀਸੀ ਦੇ ਸਾਬਕਾ ਮੈਂਬਰ ਮੱਖਣ ਸਿੰਘ ਨੰਗਲ ਅਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਸੀਨੀਅਰ ਆਗੂ ਗੁਰਸੇਵ ਸਿੰਘ ਹਰਪਾਲਪੁਰ ਨੇ ਕਿਹਾ ਕਿ ਸੈਣੀ ਮਾਮਲੇ ਵਿੱਚ ਪੁਲਿਸ ਮਹਿਜ਼ ਖਾਨਾਪੂਰਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੈਣੀ ਖ਼ਿਲਾਫ਼ ਗੰਭੀਰ ਦੋਸ਼ ਹਨ। ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ-ਪੜਤਾਲ ਕੀਤੀ ਜਾਣੀ ਚਾਹੀਦੀ ਹੈ।
ਪੇਸ਼ਗੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਅੱਜ
ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਹਾਈ ਕੋਰਟ ਦੇ ਜਸਟਿਸ ਫਤਿਹਦੀਪ ਸਿੰਘ ਦੇ ਸਿੰਗਲ ਬੈਂਚ ਵੱਲੋਂ ਸੈਣੀ ਦੀ ਅਰਜ਼ੀ ’ਤੇ ਸੁਣਵਾਈ ਕੀਤੀ ਜਾਵੇਗੀ।