Punjab

ਕੀ ਅੱਜ ਤੋਂ ਦਰਬਾਰ ਸਾਹਿਬ ਵਿਖੇ ਪ੍ਰਸ਼ਾਦ ਤੇ ਲੰਗਰ ਮਿਲਣਾ ਬੰਦ ਹੋ ਗਿਆ ਹੈ?

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਤੋਂ ਧਾਰਮਿਕ ਸਥਾਨਾਂ ਨੂੰ ਖੋਲ੍ਹ ਦਿੱਤਾ ਗਿਆ ਹੈ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵੀ ਸੰਗਤ ਦਰਸ਼ਨਾਂ ਲਈ ਵੱਡੀ ਗਿਣਤੀ ਵਿੱਚ ਪਹੁੰਚ ਰਹੀ ਹੈ। ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਦਰਵਾਜਿਆਂ ਦੇ ਬਾਹਰ ਜਾਂਚ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਅੰਦਰ ਦਾਖਲ ਹੋਣ ਤੋਂ ਪਹਿਲਾਂ ਸੰਗਤ ਨੂੰ ਸੈਨੇਟਾਈਜ਼ਰ ਟਨਲ ਵਿੱਚੋਂ ਲੰਘਣਾ ਪੈਂਦਾ ਹੈ। ਜਿਸ ਵਿੱਚ ਹਰ ਵਿਅਕਤੀ ਉੱਪਰ ਸੈਨੇਟਾਈਜ਼ਰ ਦਾ ਛਿੜਕਾਅ ਕੀਤਾ ਜਾਂਦਾ ਹੈ। ਸਾਰੀ ਸੰਗਤ ਦਾ ਇਨਫਰਾਰੈੱਡ ਥਰਮਾਮੀਟਰ ਨਾਲ ਤਾਪਮਾਨ ਚੈੱਕ ਕੀਤਾ ਜਾਂਦਾ ਹੈ।

ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਪਰਿਸਰ ਅੰਦਰ ਸੰਗਤ ਨੂੰ ਮਾਸਕ ਪਾਉਣ ਤੋਂ ਰੋਕਿਆ ਜਾ ਰਿਹਾ ਹੈ। ਮਰਿਯਾਦਾ ਅਨੁਸਾਰ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਨੂੰ ਪ੍ਰਸ਼ਾਦ ਵੀ ਵਰਤਾਇਆ ਜਾ ਰਿਹਾ ਹੈ। ਲੰਗਰ ਹਾਲ ਵਿੱਚ ਸਰੀਰਕ ਦੂਰੀ ਦੇ ਨਿਯਮਾਂ ਦਾ ਧਿਆਨ ਵਿੱਚ ਰੱਖਦੇ ਹੋਏ ਸਾਵਧਾਨੀ ਨਾਲ ਲੰਗਰ ਦੀ ਸੇਵਾ ਵੀ ਨਿਭਾਈ ਜਾ ਰਹੀ ਹੈ।

ਸ੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਰਕਾਰ ਦੁਆਰਾ ਦਿੱਤੇ ਦਿਸ਼ਾ-ਨਿਰਦੇਸ਼ਾਂ ਅਧੀਨ ਲੰਗਰ ਤੇ ਪ੍ਰਸ਼ਾਦ ਦੀ ਮਨਾਹੀ ‘ਤੇ ਇਤਰਾਜ਼ ਜਤਾਇਆ ਸੀ, ਉਹਨਾਂ ਕਿਹਾ ਕਿ ਸਰਕਾਰ ਨੂੰ ਇਸ ਫੈਸਲੇ ਬਾਰੇ ਮੁੜ ਵਿਚਾਰ ਕਰਨੀ ਚਾਹੀਦੀ ਹੈ।