ਚੰਡੀਗੜ੍ਹ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਬਾਗੀ ਵਿਧਾਇਕ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪਰਗਟ ਸਿੰਘ ਨੂੰ ਵੱਖ-ਵੱਖ ਮੁੱਦਿਆਂ ਦਾ ਹੱਲ ਕਰਨ ਲਈ ਜਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।
ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕਈ ਮਸਲਿਆਂ ’ਤੇ ਮੁੱਖ ਮੰਤਰੀ ਨਾਲ ਲਗਭਗ ਪੌਣਾ ਘੰਟਾ ਚਰਚਾ ਕੀਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਕੋਲੋਂ ਬਹੁਤ ਆਸਾਂ ਸਨ ਪਰ ਉਹ ਇਸ ਦਿਸ਼ਾ ਵਿਚ ਕੁੱਝ ਨਹੀਂ ਕਰ ਰਹੇ, ਜਿਸ ਕਰਕੇ ਸਥਿਤੀ ਹੱਥੋਂ ਨਿਕਲਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੇ ਮੁੱਦੇ ’ਤੇ ਐੱਸ.ਟੀ.ਐੱਫ. ਮੁਖੀ ਦੀ ਰਿਪੋਰਟ ਅਤੇ ਇੱਕ ਹੋਰ ਪੁਲਿਸ ਅਧਿਕਾਰੀ ਦੀ ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਬੰਦ ਲਿਫਾਫੇ ਵਿੱਚ ਪਈ ਹੋਈ ਹੈ। ਇਸ ਮਾਮਲੇ ਵਿਚ ਦੋਵਾਂ ਧਿਰਾਂ ਦੇ ਵਕੀਲ ਆਪਸੀ ਸਹਿਮਤੀ ਨਾਲ ਤਰੀਕਾਂ ਲੈ ਰਹੇ ਹਨ, ਅਜਿਹੀ ਸਥਿਤੀ ਵਿਚ ਕੀ ਇਨਸਾਫ ਹੋਵੇਗਾ? ਇਸ ਮਾਮਲੇ ਵਿਚ ਕਾਰਵਾਈ ਕਰਨ ਦੀ ਫੌਰੀ ਲੋੜ ਹੈ।
ਹੋਰ ਮਾਮਲਿਆਂ ‘ਤੇ ਵੀ ਇਹੀ ਹਾਲਾਤ ਬਣੇ ਹੋਏ ਹਨ। ਸ਼ਰਾਬ ਮਾਫ਼ੀਆ, ਰੇਤ ਮਾਫ਼ੀਆ, ਕੇਬਲ ਮਾਫ਼ੀਆ ਅਤੇ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਿਲ ਪੁਲਿਸ ਅਧਿਕਾਰੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਹੋਈ ਹੈ। ਸਿੰਜਾਈ ਵਿਭਾਗ ਵਿੱਚ ਪਿਛਲੀ ਅਕਾਲੀ ਸਰਕਾਰ ਸਮੇਂ ਹੋਏ ਵੱਡੇ ਘੁਟਾਲੇ ਵਿਚ ਸ਼ਾਮਲ ਅਧਿਕਾਰੀਆਂ ਅਤੇ ਹੋਰਾਂ ਤੋਂ ਪੁੱਛ-ਪੜਤਾਲ ਨਹੀਂ ਕੀਤੀ ਗਈ ਹੈ। ਵਿਜੀਲੈਂਸ ਨੇ ਮਾਮਲੇ ਅੱਗੇ ਨਹੀਂ ਤੋਰੇ ਅਤੇ ਹਰ ਪਾਸੇ ਇਹੀ ਸਵਾਲ ਕੀਤਾ ਜਾ ਰਿਹਾ ਹੈ ਕਿ ਇਕੱਲਾ ਵਿਅਕਤੀ ਸਿੰਜਾਈ ਵਿਭਾਗ ਵਿਚ 1200 ਕਰੋੜ ਰੁਪਏ ਦਾ ਘਪਲਾ ਕਰ ਗਿਆ ਹੈ, ਕਿਸੇ ਹੋਰ ਦਾ ਕੋਈ ਕਸੂਰ ਨਹੀਂ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਘਪਲੇ ਦੇ ਮੁਲਜ਼ਮ ਕੋਲੋਂ ਪੁੱਛ-ਪੜਤਾਲ ਕਰਨੀ ਚਾਹੀਦੀ ਸੀ। ਟਰਾਂਸਪੋਰਟ ਮਾਫ਼ੀਏ ਦੇ ਮਾਮਲੇ ਵਿਚ ਵੀ ਹਾਲਾਤ ਪਹਿਲਾਂ ਨਾਲੋਂ ਬਦਤਰ ਹਨ। ਇਸ ਲਈ ਸਰਕਾਰ ਨੂੰ ਜ਼ਰੂਰੀ ਕਦਮ ਚੁੱਕਣ ਦੀ ਲੋੜ ਹੈ।
‘ਆਵੇਗੀ ਹਿਟਲਰ ਦੀਆਂ ਨੀਤੀਆਂ ਵਾਲੀ ਸਰਕਾਰ’
ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ, ‘‘ਤੁਸੀਂ ਪਿਛਲੇ ਦਿਨੀਂ ਹਿਟਲਰ ਬਾਰੇ ਇੱਕ ਪੁਸਤਕ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੂੰ ਦਿੱਤੀ ਸੀ, ਅਤੇ ਜੇਕਰ ਤੁਸੀਂ ਕੋਈ ਕਾਰਵਾਈ ਨਾ ਕੀਤੀ ਤਾਂ ਜਿਹੜੀ ਪਾਰਟੀ ਹਿਟਲਰ ਦੀਆਂ ਨੀਤੀਆਂ ’ਤੇ ਚੱਲ ਰਹੀ ਹੈ, ਉਹ ਹੀ ਦੋ ਸਾਲਾਂ ਬਾਅਦ ਪੰਜਾਬ ਵਿੱਚ ਆਵੇਗੀ।’’