Punjab

ਕੈਪਟਨ ਵੱਲੋਂ ਪੰਜਾਬੀਆਂ ਨੂੰ ਢਿੱਲ ਮਿਲਣ ਦੇ ਸੰਕੇਤ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਉਂਦੇ ਦਿਨਾਂ ਵਿੱਚ ਸ਼ਰਤਾਂ ਤਹਿਤ ਕੁੱਝ ਛੋਟਾਂ ਦੇਣ ਦੇ ਸੰਕੇਤ ਦਿੰਦਿਆਂ ਐਲਾਨ ਕੀਤਾ ਹੈ ਕਿ ਕੋਵਿਡ ਦੇ ਫੈਲਾਅ ਦੀ ਰੋਕਥਾਮ ਲਈ ਹੋਰਨਾਂ ਥਾਵਾਂ ਤੋਂ ਪੰਜਾਬ ਆਉਣ ਵਾਲੇ ਹਰੇਕ ਨਾਗਰਿਕ ਨੂੰ ਲਾਜ਼ਮੀ 21 ਦਿਨਾਂ ਦੇ ਇਕਾਂਤਵਾਸ ’ਤੇ ਭੇਜਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਨਾਂਦੇੜ ਸਾਹਿਬ ਤੋਂ ਆਉਣ ਵਾਲੇ ਸ਼ਰਧਾਲੂਆਂ ਤੇ ਰਾਜਸਥਾਨ ਤੋਂ ਆਉਣ ਵਾਲੇ ਵਿਦਿਆਰਥੀਆਂ ਤੇ ਮਜ਼ਦੂਰਾਂ ਨੂੰ ਸਰਹੱਦ ’ਤੇ ਹੀ ਰੋਕ ਕੇ ਸਰਕਾਰੀ ਇਕਾਂਤਵਾਸ ਕੇਂਦਰਾਂ ’ਚ ਭੇਜਿਆ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ 21 ਦਿਨਾਂ ਲਈ ਉਹ ਦੂਜੇ ਲੋਕਾਂ ਨਾਲ ਘੁਲ-ਮਿਲ ਨਾ ਸਕਣ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਦਿਨਾਂ ਤੋਂ ਪਰਤ ਰਹੇ ਲੋਕਾਂ ਲਈ ਰਾਧਾ ਸੁਆਮੀ ਸਤਿਸੰਗ ਡੇਰਿਆਂ ਨੂੰ ਵੀ ਏਕਾਂਤਵਾਸ ਸਥਾਨ ਵਜੋਂ ਵਰਤਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ-19 ਕਰਫਿਊ ਤੇ ਲੌਕਡਾਊਨ ਦੀ ਸਥਿਤੀ ’ਚੋਂ ਬਾਹਰ ਕੱਢਣ ਦੀ ਨੀਤੀ ਘੜਨ ਵਾਸਤੇ ਬਣਾਈ ਮਾਹਿਰਾਂ ਦੀ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਪਾੰਬਦੀਆਂ ’ਚ ਕੁਝ ਢਿੱਲ ਦਿੱਤੀ ਜਾ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਵੀਡਿਓ ਕਾਨਫਰੰਸ ਰਾਹੀਂ ਸੂਬੇ ਦੇ ਕਾਂਗਰਸੀ ਵਿਧਾਇਕਾਂ ਦੇ ਨਾਲ ਕੋਵਿਡ ਅਤੇ ਲੌਕਡਾਊਨ ਦੀ ਸਥਿਤੀ ਦੇ ਨਾਲ ਸੂਬੇ ਵਿੱਚ ਚੱਲ ਰਹੇ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਚਰਚਾ ਕਰ ਰਹੇ ਸਨ।ਵਿਧਾਇਕਾਂ ਵਿੱਚ ਵੱਡੇ ਪੱਧਰ ’ਤੇ ਇਸ ਗੱਲ ਉਤੇ ਸਹਿਮਤੀ ਸੀ ਕਿ ਸਿਰਫ ਕੁਝ ਖੇਤਰਾਂ ’ਚ ਬਹੁਤ ਸੀਮਤ ਛੋਟਾਂ ਨਾਲ ਪਾਬੰਦੀਆਂ ਕੁੱਝ ਹੋਰ ਹਫ਼ਤਿਆਂ ਲਈ ਜਾਰੀ ਰੱਖੀਆਂ ਜਾਣ ਅਤੇ ਸੂਬੇ ਦੀਆਂ ਸਰਹੱਦਾਂ ਦੇ ਨਾਲ ਜ਼ਿਲ੍ਹਿਆਂ ਅਤੇ ਪਿੰਡਾਂ ਦੀਆਂ ਸਰਹੱਦਾਂ ਨੂੰ ਵੀ ਸੀਲ ਰੱਖਿਆ ਜਾਵੇ। ਉਨ੍ਹਾਂ ਬਾਹਰੀ ਸੰਪਰਕ ਤੇ ਫੈਲਾਅ ਸੀਮਤ ਕਰਨ ਲਈ ਕਿਸੇ ਵੀ ਕੋਵਿਡ ਮਰੀਜ਼ ਦਾ ਇਲਾਜ ਉਸ ਦੇ ਸਬੰਧਤ ਜ਼ਿਲ੍ਹੇ ਵਿੱਚ ਹੀ ਕਰਨ ਦੀ ਗੱਲ ਕੀਤੀ। ਜਾਖੜ ਨੇ ਪੇਂਡੂ ਖੇਤਰਾਂ ਵਿੱਚ ਸਥਿਤ ਸਨਅਤਾਂ ਨੂੰ ਰਾਤ ਸਮੇਂ ਚਲਾਉਣ ਦੀ ਇਜਾਜ਼ਤ ਦੇਣ ਦਾ ਸੁਝਾਅ ਪੇਸ਼ ਕੀਤਾ ਤਾਂ ਜੋ ਵਰਕਰਾਂ ਦਾ ਆਪਸ ਵਿੱਚ ਰਲੇਵਾਂ ਰੋਕਿਆ ਜਾ ਸਕੇ।