ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫ਼ਿਰੋਜ਼ਪੁਰ ਰੈਲੀ ਵਿੱਚ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਿਆ ਹੈ। ਸੁਖਬੀਰ ਸਿੰਘ ਬਾਦਲ ਨੇ ਫ਼ਿਰੋਜ਼ਪੁਰ ਵਿੱਚ ਪਾਰਟੀ ਦੀ ਸੂਬਾ ਪੱਧਰੀ ਰੈਲੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦਾ ਸਭ ਤੋਂ ਨਿਕੰਮਾ ਮੁੱਖ ਮੰਤਰੀ ਸਾਬਿਤ ਹੋਇਆ ਹੈ। ਸਰਕਾਰ ਦੀਆਂ ਖ਼ਰਾਬ ਨੀਤੀਆਂ ਕਾਰਨ ਸੂਬਾ ਦੀਵਾਲੀਆ ਹੋਣ ਕੰਢੇ ਪੁੱਜ ਗਿਆ ਹੈ ਅਤੇ ਹਰ ਵਰਗ ਦੇ ਲੋਕ ਮਜ਼ਬੂਰ ਹੋ ਕੇ ਸਰਕਾਰ ਖ਼ਿਲਾਫ਼ ਸੜਕਾਂ ’ਤੇ ਪ੍ਰਦਰਸ਼ਨ ਕਰ ਰਹੇ ਹਨ।

ਇਸ ਰੈਲੀ ਵਿੱਚ ਪੁੱਜੇ ਸਾਰੇ ਆਗੂਆਂ ਨੇ ਪੰਜਾਬ ਸਰਕਾਰ ਦੀ ਪਿਛਲੇ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਦੀ ਨਿੰਦਾ ਕੀਤੀ ਅਤੇ ਸਾਬਕਾ ਅਕਾਲੀ-ਭਾਜਪਾ ਸਰਕਾਰ ਵੱਲੋਂ ਚਲਾਈਆਂ ਗਈਆਂ ਲੋਕ ਭਲਾਈ ਸਕੀਮਾਂ ਬੰਦ ਕਰਨ ’ਤੇ ਰੋਸ ਜ਼ਾਹਰ ਕੀਤਾ। ਛਾਉਣੀ ਦੀ ਦਾਣਾ ਮੰਡੀ ਵਿਚ ਹੋਈ ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਜਨਤਾ ਨਾਲ ਝੂਠੇ ਵਾਅਦੇ ਕਰ ਕੇ ਵੱਡਾ ਧੋਖਾ ਕੀਤਾ ਹੈ। ਜਨਤਾ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰੇਗੀ। ਸੂਬੇ ਦੀ ਆਰਥਿਕ ਹਾਲਤ ’ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਆਖਿਆ ਕਿ ਸਰਕਾਰ ਟੈਕਸਾਂ ਦੇ ਰੂਪ ਵਿਚ ਕਰੀਬ 42 ਹਜ਼ਾਰ ਕਰੋੜ ਰੁਪਏ ਸਾਲਾਨਾ ਇਕੱਠੇ ਕਰ ਰਹੀ ਹੈ, ਇਸ ਦੇ ਬਾਵਜੂਦ ਸਰਕਾਰ ਕੋਲ ਵਿਕਾਸ ਕਾਰਜਾਂ ’ਤੇ ਖਰਚ ਕਰਨ ਵਾਸਤੇ ਇੱਕ ਧੇਲਾ ਵੀ ਨਹੀਂ ਬਚਦਾ। ਇਹ ਸਭ ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਹਰ ਮੁੱਦੇ ’ਤੇ ਫ਼ੇਲ੍ਹ ਸਾਬਤ ਹੋਈ ਹੈ ਤੇ ਪੰਜਾਬ ਦੀ ਜਨਤਾ ਹੁਣ ਇਸ ਨੂੰ ਬਦਲਣਾ ਚਾਹੁੰਦੀ ਹੈ। ਸੁਖਬੀਰ ਬਾਦਲ ਨੇ ਕਾਂਗਰਸੀ ਆਗੂਆਂ ਵੱਲੋਂ ਅਕਾਲੀ ਵਰਕਰਾਂ ਉੱਪਰ ਕਥਿਤ ਧੱਕੇਸ਼ਾਹੀ ਦੇ ਦੋਸ਼ ਵੀ ਲਾਏ ਹਨ। ਉਨ੍ਹਾਂ ਆਖਿਆ ਕਿ ਉਨ੍ਹਾਂ ਦੀ ਸਰਕਾਰ ਆਉਣ ’ਤੇ ਸਾਰੀਆਂ ਸਕੀਮਾਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ।

ਇਸ ਰੈਲੀ ਵਿਚ ਭਾਜਪਾ ਆਗੂ ਸੁਖਪਾਲ ਸਿੰਘ ਨੰਨੂ ਦੀ ਅਗਵਾਈ ਹੇਠ ਭਾਜਪਾ ਵਰਕਰ ਵੀ ਪੁੱਜੇ ਹੋਏ ਸਨ। ਪ੍ਰਕਾਸ਼ ਸਿੰਘ ਬਾਦਲ ਸਿਹਤ ਠੀਕ ਨਾ ਹੋਣ ਕਾਰਨ ਰੈਲੀ ਵਿਚ ਨਹੀਂ ਪੁੱਜ ਸਕੇ। ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਥੇਦਾਰ ਤੋਤਾ ਸਿੰਘ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ ਅਤੇ ਜਗਮੀਤ ਸਿੰਘ ਬਰਾੜ ਨੇ ਸੰਬੋਧਨ ਕੀਤਾ। ਸਥਾਨਕ ਲੀਡਰਸ਼ਿਪ ਵਿੱਚੋਂ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਗੁਰੂਹਰਸਹਾਏ ਤੋਂ ਵਰਦੇਵ ਸਿੰਘ ਨੋਨੀ ਮਾਨ ਅਤੇ ਜ਼ੀਰਾ ਤੋਂ ਹਰੀ ਸਿੰਘ ਜ਼ੀਰਾ ਆਪੋ-ਆਪਣੇ ਵਰਕਰਾਂ ਸਮੇਤ ਸ਼ਾਮਿਲ ਹੋਏ ਸਨ।