Punjab

ਗੁਰੂਘਰਾਂ ‘ਚ ਪ੍ਰਸ਼ਾਦ ਵੰਡਣ ‘ਤੇ ਵੱਡੇ ਪੱਧਰ ਦੀ ਸਿਆਸਤ

‘ਦ ਖ਼ਾਲਸ ਬਿਊਰੋ:- 8 ਜੂਨ ਤੋਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਖੋਲ੍ਹੇ ਗਏ ਧਾਰਮਿਕ ਅਸਥਾਨਾਂ ਵਿੱਚ ਲੰਗਰ, ਪ੍ਰਸ਼ਾਦ ਅਤੇ ਹੋਰ ਕਿਸੇ ਵੀ ਚੀਜ਼ ਨੂੰ ਵਰਤਾਉਣ ਦੀ ਮਨਾਹੀ ਕੀਤੀ ਗਈ ਹੈ। ਪਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਰਕਾਰ ਦੀ ਇਸ ਮਨਾਹੀ ‘ਤੇ ਇਤਰਾਜ਼ ਜਤਾਇਆ ਹੈ। ਲੌਂਗੋਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਗੁਰੂਘਰਾਂ ਵਿੱਚ ਪ੍ਰਸ਼ਾਦ ਅਤੇ ਲੰਗਰ ਵਰਤਾਉਣ ਦੀ ਪ੍ਰਵਾਨਗੀ ਦਿੱਤੀ ਜਾਵੇ ਅਤੇ ਇਨ੍ਹਾਂ ਨੂੰ ਕੋਵਿਡ ਪ੍ਰੋਟੋਕੋਲ ਦੇ ਦਾਇਰੇ ’ਚੋਂ ਬਾਹਰ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਦ ਅਤੇ ਲੰਗਰ ਵਰਤਾਉਣਾ ਸਿੱਖ ਮਰਿਯਾਦਾ ਦਾ ਹਿੱਸਾ ਹੈ।

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਵਿਖੇ ਹੋਈ ਇਕੱਤਰਤਾ ਮਗਰੋਂ ਸ੍ਰੀ ਲੌਂਗੋਵਾਲ ਨੇ ਕਿਹਾ ਕਿ ਉਹ ਕੇਂਦਰ ਦੇ ਹੁੰਗਾਰੇ ਦੀ ਉਡੀਕ ਕਰਨਗੇ। ਇਸ ਮੌਕੇ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਵਿੱਦਿਅਕ ਅਦਾਰਿਆਂ ਅਤੇ ਸੰਸਥਾ ਨਾਲ ਸਬੰਧਤ ਹੋਰ ਸ਼ਾਖਾਵਾਂ ਦੇ 30 ਸਤੰਬਰ 2020 ਤੱਕ ਦੇ ਹੋਣ ਵਾਲੇ ਖ਼ਰਚਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ ਨਾ ਹੋ ਸਕਣ ਕਾਰਨ 1 ਜੁਲਾਈ ਤੋਂ 30 ਸਤੰਬਰ ਤੱਕ ਦੇ ਖ਼ਰਚਿਆਂ ਨੂੰ ਪ੍ਰਵਾਨਗੀ ਦਿੱਤੀ ਗਈ।

ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਸਬੰਧੀ 15 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮੁੱਖ ਸਮਾਗਮ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਇਤਿਹਾਸਕ ਪਿਛੋਕੜ, ਵਿਕਾਸ, ਯੋਗਦਾਨ ਅਤੇ ਪ੍ਰਾਪਤੀਆਂ ਬਾਰੇ ਦਸਤਾਵੇਜ਼ੀ ਫ਼ਿਲਮ ਤੇ ਪੁਸਤਕਾਂ ਛਾਪਣ ਤੋਂ ਇਲਾਵਾ ਸੈਮੀਨਾਰ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਕੌਮਾਂਤਰੀ ਪੱਧਰ ’ਤੇ ਮਨਾਉਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ। ਇਸੇ ਤਰ੍ਹਾਂ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦਾ 400 ਸਾਲਾ ਪ੍ਰਕਾਸ਼ ਪੁਰਬ ਵੀ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ, ਜਿਸ ਸਬੰਧੀ ਮੁੱਖ ਸਮਾਗਮ ਅੰਮ੍ਰਿਤਸਰ ਵਿੱਚ 1 ਮਈ 2021 ਨੂੰ ਹੋਵੇਗਾ। ਸ਼ਤਾਬਦੀਆਂ ਲਈ ਉੱਚ ਤਾਕਤੀ ਸਬ-ਕਮੇਟੀਆਂ ਜਲਦੀ ਬਣਾਈਆਂ ਜਾਣਗੀਆਂ। ਇਸ ਮੌਕੇ ਫ਼ੈਸਲਾ ਹੋਇਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਿਆਂ ’ਚ ਇੱਕ-ਇੱਕ ਏਕੜ ’ਚ ਵਿਰਾਸਤੀ ਦਰੱਖ਼ਤ ਲਾਏ ਜਾਣਗੇ।

ਜਾਣਕਾਰੀ ਲਈ ਦੱਸ ਦੇਈਏ ਕਿ ਬੀਤੇ ਕੱਲ੍ਹ (8 ਜੂਨ) ਤੋਂ ਧਾਰਮਿਕ ਸਥਾਨ ਖੋਲ੍ਹਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸੰਗਤ ਨੂੰ ਲੰਗਰ ਅਤੇ ਪ੍ਰਸ਼ਾਦ ਵਰਤਾਇਆ ਜਾ ਰਿਹਾ ਹੈ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਰਕਾਰ ਨੂੰ ਲੰਗਰ ਤੇ ਪ੍ਰਸ਼ਾਦ ਦੀ ਮਨਾਹੀ ਵਾਲੇ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ।

 

ਲੰਗਰ ਤੇ ਪ੍ਰਸ਼ਾਦ ਵਰਤਾਉਣ ਬਾਰੇ ਫੈਸਲਾ ਕੇਂਦਰ ਸਰਕਾਰ ਦਾ: ਕੈਪਟਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਧਾਰਮਿਕ ਅਸਥਾਨਾਂ ‘ਤੇ ਲੰਗਰ ਤੇ ਪ੍ਰਸ਼ਾਦ ਨਾ ਵਰਤਾਉਣ ਦਾ ਫੈਸਲਾ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦਾ ਹਿੱਸਾ ਹੈ। ਇਸ ਵਿੱਚ ਪੰਜਾਬ ਸਰਕਾਰ ਦਾ ਕੋਈ ਰੋਲ ਨਹੀਂ ਹੈ। ਹਾਲਾਂਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਸਪੱਸ਼ਟ ਕੀਤਾ ਜਾ ਚੁੱਕਿਆ ਹੈ ਕਿ ਸੂਬਾ ਸਰਕਾਰਾਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਨੂੰ ਆਪਣੇ ਸੂਬੇ ਦੇ ਹਾਲਾਤਾਂ ਅਨੁਸਾਰ ਲਾਗੂ ਕਰ ਸਕਦੇ ਹਨ। ਇਸ ਕਰਕੇ ਸ਼ਪੱਸ਼ਟ ਹੈ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਚਾਹੁਣ ਤਾਂ ਪੰਜਾਬ ਦੇ ਗੁਰੂਘਰਾਂ ਵਿੱਚ ਲੰਗਰ ਤੇ ਪ੍ਰਸ਼ਾਦ ਵਰਤਾਉਣ ਦੀ ਆਗਿਆ ਖ਼ੁਦ ਦੇ ਸਕਦੇ ਹਨ।