‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਵੱਲੋਂ 8 ਜੂਨ ਤੋਂ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦੇ ਫੈਸਲੇ ਤੋਂ ਬਾਅਦ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਵਿੱਚ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਸਮੇਂ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ/ਸਾਵਧਾਨੀਆਂ ਦੀ ਪਾਲਣਾ ਕਰਨ ਬਾਰੇ ਚਰਚਾ ਕੀਤੀ ਗਈ।

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੋਰੋਨਾ ਸੰਬੰਧੀ ਸੁਚੇਤ ਰਹਿਣ ਦੀ ਲੋੜ ਹੈ। 8 ਜੂਨ ਤੋਂ ਖੁੱਲ੍ਹਣ ਵਾਲੇ ਸਾਰੇ ਗੁਰੂਘਰਾਂ ਵਿੱਚ ਲੋੜੀਂਦੀਆਂ ਸਾਵਧਾਨੀਆਂ ਦੀ ਵਰਤੋਂ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਵੀ ਸਾਰੇ ਗੁਰੂਘਰਾਂ ਵਿੱਚ ਸਮਾਜਿਕ ਦੂਰੀ ਵਾਲੇ ਨਿਯਮ ਦਾ ਪੂਰਾ ਧਿਆਨ ਰੱਖਿਆ ਜਾਵੇਗਾ ਅਤੇ ਹੈਂਡ ਸੈਨੇਟਾਈਜ਼ਰ ਦੀ ਵਰਤੋਂ ਵੀ ਯਕੀਨੀ ਬਣਾਈ ਜਾਵੇਗੀ। ਸਾਰੇ ਗੁਰੂਘਰਾਂ ਨੂੰ ਸਿਹਤ ਵਿਭਾਗ ਵੱਲੋਂ ਦੱਸੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।

ਇਸ ਮੀਟਿੰਗ ਵਿੱਚ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਜਨਰਲ ਸਕੱਤਰ ਹਰਜਿੰਦਰ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਮੈਂਬਰ ਅਮਰਜੀਤ ਸਿੰਘ ਚਾਵਲਾ ਆਦਿ ਸ਼ਾਮਿਲ ਸਨ।

 

ਲੰਗਰ ਤੇ ਕੜ੍ਹਾਹ ਪ੍ਰਸ਼ਾਦ ਦੀ ਮਨਾਹੀ ‘ਤੇ ਇਤਰਾਜ਼

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 8 ਜੂਨ ਤੋਂ ਖੁੱਲ੍ਹਣ ਵਾਲੇ ਧਾਰਮਿਕ ਅਸਥਾਨਾਂ ਵਿੱਚ ਲੰਗਰ ਤੇ ਕੜ੍ਹਾਹ ਪ੍ਰਸ਼ਾਦ ਦੀ ਵਰਤੋਂ ਕਰਨ ਦੀ ਮਨਾਹੀ ਕੀਤੀ ਗਈ ਹੈ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਰਕਾਰ ਦੇ ਇਸ ਫੈਸਲੇ ‘ਤੇ ਇਤਰਾਜ਼ ਜਤਾਇਆ ਹੈ। ਉਹਨਾਂ ਕਿਹਾ ਕਿ “ਲੰਗਰ ਤੇ ਪ੍ਰਸ਼ਾਦ ਨਾਲ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ, ਇਸਦੀ ਮਨਾਹੀ ਕਰਨਾ ਸਹੀ ਨਹੀਂ ਹੈ। ਸਰਕਾਰ ਨੂੰ ਇਸ ਫੈਸਲੇ ‘ਤੇ ਮੁੜ ਵਿਚਾਰ ਕਰਨੀ ਚਾਹੀਦੀ ਹੈ”। ਉਹਨਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਦੌਰ ‘ਚ ਗੁਰੂਘਰਾਂ ਵੱਲੋਂ ਲੋੜਵੰਦਾਂ ਤੱਕ ਲਗਾਤਾਰ ਲੰਗਰ ਪਹੁੰਚਾਇਆ ਜਾ ਰਿਹਾ ਹੈ।

 

ਧਾਰਮਿਕ ਅਸਥਾਨਾਂ ਸੰਬੰਧੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼

  • ਧਾਰਮਿਕ ਅਸਥਾਨ ਸਵੇਰੇ 5 ਵਜੇ ਤੋਂ ਰਾਤ 8 ਵਜੇ ਤੱਕ ਖੁੱਲ੍ਹੇ ਰਹਿਣਗੇ
  • 20 ਤੋਂ ਵੱਧ ਵਿਅਕਤੀ ਇੱਕ ਵਾਰ ‘ਚ ਦਾਖਲ ਨਹੀਂ ਹੋ ਸਕਦੇ
  • ਸੰਗਤ ਦੇ ਗਰੁੱਪ ਬਣਾ ਕੇ ਦਾਖਲ ਹੋਣ ਦੀ ਆਗਿਆ ਹੋਵੇਗੀ
  • ਪ੍ਰਸ਼ਾਦ, ਲੰਗਰ ਜਾਂ ਹੋਰ ਕਿਸੇ ਵੀ ਤਰ੍ਹਾਂ ਦੀ ਚੀਜ਼ ਨਹੀਂ ਵਰਤਾਈ ਜਾਵੇਗੀ
  • ਹੈਂਡ ਸੈਨੇਟਾਈਜ਼ਰ ਰੱਖਣਾ, ਸਰੀਰਕ ਦੂਰੀ ਦਾ ਨਿਯਮ ਅਤੇ ਮਾਸਕ ਪਹਿਨਣਾ ਜ਼ਰੂਰੀ

Leave a Reply

Your email address will not be published. Required fields are marked *