ਚੰਡੀਗੜ੍ਹ- ਪੰਜਾਬ ਪੁਲਿਸ ਦੇ ਮੁਖੀ ਡੀਜੀਪੀ ਦਿਨਕਰ ਗੁਪਤਾ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਸੰਬੰਧੀ ਦਿੱਤੇ ਵਿਵਾਦਿਤ ਬਿਆਨ ਤੋਂ ਬਾਅਦ ਸੂਬੇ ਦੀ ਸਿਆਸਤ ਭਖ ਗਈ ਹੈ। ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ (‘ਆਪ’), ਅਕਾਲੀ ਦਲ ਟਕਸਾਲੀ ਅਤੇ ਹੋਰਨਾਂ ਪਾਰਟੀਆਂ ਨੇ ਡੀਜਪੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਪੰਜਾਬ ਪੁਲਿਸ ਦੇ ਡੀਜਪੀ ਦਿਨਕਰ ਗੁਪਤਾ ਨੇ ਉਨ੍ਹਾਂ ਦੀਆਂ ਟਿੱਪਣੀਆਂ ਤੋਂ ਪੈਦਾ ਹੋਏ ਵਿਵਾਦ ’ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀਆਂ ਟਿੱਪਣੀਆਂ ਨੂੰ ਗਲਤ ਤਰੀਕੇ ਨਾਲ ਸਮਝਿਆ ਗਿਆ ਹੈ ਜਾਂ ਇਸਨੂੰ ਜਾਣ-ਬੁੱਝ ਕੇ ਗਲਤ ਪੇਸ਼ ਕੀਤਾ ਜਾ ਰਿਹਾ ਹੈ। ਡੀਜੀਪੀ ਗੁਪਤਾ ਨੇ ਕਿਹਾ ਕਿ ਉਨ੍ਹਾਂ ਨੇ ਸਿਰਫ਼ ਭਾਰਤ ਨਾਲ ਦੁਸ਼ਮਣੀ ਦੇ ਮੱਦੇਨਜ਼ਰ ਸ਼ਰਾਰਤੀ ਅਨਸਰਾਂ ਵੱਲੋਂ ਦੇਸ਼ ਦੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਢਾਹ ਲਾਉਣ ਲਈ ਹਰ ਮੌਕੇ ਦੀ ਦੁਰਵਰਤੋਂ ਕਰ ਸਕਣ ਦੀ ਸੰਭਾਵੀ ‘ਸਮਰੱਥਾ’ ਬਾਰੇ ਚਿਤਾਵਨੀ ਦਿੱਤੀ ਸੀ। ਇੱਥੋਂ ਤੱਕ ਕਿ ਅਜਿਹੇ ਸ਼ਰਾਰਤੀ ਅਨਸਰ ਸੱਚੇ-ਸੁੱਚੇ ਅਤੇ ਪਵਿੱਤਰ ਮੌਕਿਆਂ ਨੂੰ ਵੀ ਆਪਣੇ ਹੱਕ ਵਿਚ ਭੁਗਤਾਉਣ ਲਈ ਵਰਤਦੇ ਹਨ।’’

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੇਵਲ ਪੰਜਾਬ ਅਤੇ ਭਾਰਤ ਦੀ ਸੁਰੱਖਿਆ ਅਤੇ ਅਮਨ-ਸ਼ਾਂਤੀ ਦੇ ਮੱਦੇਨਜ਼ਰ ਹੀ ਇਹ ਟਿੱਪਣੀਆਂ ਕੀਤੀਆਂ ਸਨ। ਉਨ੍ਹਾਂ ਦੀਆਂ ਟਿੱਪਣੀਆਂ ਵਿੱਚ ਕਿਸੇ ਧਰਮ ਜਾਂ ਭਾਈਚਾਰੇ ਦਾ ਕੋਈ ਹਵਾਲਾ ਨਹੀਂ ਦਿੱਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਜਦੋਂ ਇਸ ਲਾਂਘੇ ਤੋਂ ਪਹਿਲਾ ਜਥਾ ਲੰਘਿਆ ਸੀ ਤਾਂ ਉਹ ਖ਼ੁਦ ਉੱਥੇ ਮੌਜੂਦ ਸਨ ਅਤੇ ਪਿਛਲੇ ਚਾਰ ਮਹੀਨਿਆਂ ਦੌਰਾਨ ਕਰੀਬ 51 ਹਜ਼ਾਰ ਸ਼ਰਧਾਲੂਆਂ ਦੇ ਲਾਂਘੇ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਗੁਰਦੁਆਰੇ ਜਾ ਕੇ ਦਰਸ਼ਨ ਕਰਨ ਦੌਰਾਨ ਪੰਜਾਬ ਪੁਲਿਸ ਉੱਥੇ ਕਾਰਜਸ਼ੀਲ ਰਹੀ ਹੈ ਅਤੇ ਭਵਿੱਖ ਵਿੱਚ ਵੀ ਰਹੇਗੀ। ਪੰਜਾਬ ਪੁਲੀਸ ਦੇ ਮੁਖੀ ਦਿਨਕਰ ਗੁਪਤਾ ਨੇ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਛੇ ਘੰਟਿਆਂ ਦੇ ਸਮੇਂ ਵਿੱਚ ਹੀ ਪਾਕਿਸਤਾਨ ਵੱਲੋਂ ਅੱਤਵਾਦੀ ਗਤੀਵਿਧੀਆਂ ਦੀ ਸਿਖਲਾਈ ਦਿੱਤੀ ਜਾ ਸਕਦੀ ਹੈ।

Leave a Reply

Your email address will not be published. Required fields are marked *