ਚੰਡੀਗੜ੍ਹ- ਡੀਜੀਪੀ ਦੇ ਬਿਆਨ ਤੋਂ ਬਾਅਦ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਪਰਤੇ ਪਿੰਡ ਡੇਅਰੀਵਾਲ ਦੇ ਕੁੱਝ ਸਿੱਖ ਸ਼ਰਧਾਲੂਆਂ ਦੀ ਪੁਲਿਸ ਵੱਲੋਂ ਕੀਤੀ ਜਾ ਰਹੀ ਪੁੱਛ-ਪੜਤਾਲ ਤੋਂ ਸਿੱਖ ਸੰਗਤ ’ਚ ਭਾਰੀ ਰੋਸ ਹੈ। ਇਹ ਸ਼ਰਧਾਲੂ ਪਿਛਲੇ ਦਿਨੀਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨਾਂ ਲਈ ਗਏ ਸਨ। ਪਿੰਡ ਵਾਸੀ ਰਣਜੀਤ ਸਿੰਘ ਅਤੇ ਹਰਦੀਪ ਸਿੰਘ ਨੇ ਦੱਸਿਆ ਕਿ ਉਹ ਬੀਤੇ ਦਿਨੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ ਸਨ। ਜਦੋਂ ਉਹ ਦਰਸ਼ਨ ਕਰਕੇ ਵਾਪਿਸ ਪਰਤੇ ਤਾਂ ਡੇਰਾ ਬਾਬਾ ਨਾਨਕ ਦੀ ਸਰਹੱਦ ’ਤੇ ਕੁੱਝ ਖੁਫ਼ੀਆ ਏਜੰਸੀਆਂ ਦੇ ਅਧਿਕਾਰੀਆਂ ਨੇ ਉਨ੍ਹਾਂ ਕੋਲੋਂ ਪੁੱਛ-ਪੜਤਾਲ ਕੀਤੀ। ਉਪਰੰਤ ਉਹ ਘਰ ਆ ਗਏ ਸਨ। ਪਰ ਕੁੱਝ ਦਿਨਾਂ ਬਾਅਦ ਥਾਣਾ ਧਾਰੀਵਾਲ ਦੀ ਪੁਲਿਸ ਉਨ੍ਹਾਂ ਦੇ ਘਰ ਆ ਪੁੱਜੀ ਤੇ ਉਨ੍ਹਾਂ ਨੂੰ ਪਾਕਿਸਤਾਨ ਫੇਰੀ ਬਾਰੇ ਪੁੱਛ-ਪੜਤਾਲ ਕਰਨ ਲਈ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ।

ਸਿੱਖ ਨੌਜਵਾਨਾਂ ਨੇ ਆਖਿਆ ਕਿ ਪੁਲਿਸ ਨੇ ਉਨ੍ਹਾਂ ਕੋਲੋਂ ਪੁੱਛਿਆ,‘ਪਾਕਿਸਤਾਨ ਦੀ ਪੁਲਿਸ ਅਤੇ ਫ਼ੌਜ ਨੇ ਤੁਹਾਡੇ ਨਾਲ ਕਿਹੋ ਜਿਹਾ ਵਿਵਹਾਰ ਕੀਤਾ ਹੈ? ਪਾਕਿਸਤਾਨ ਦੇ ਲੋਕਾਂ ਦਾ ਤੁਹਾਡੇ ਨਾਲ ਵਿਵਹਾਰ ਕਿਸ ਤਰ੍ਹਾਂ ਦਾ ਸੀ?’’ ਸਿੱਖ ਨੌਜਵਾਨਾਂ ਨੇ ਪੁਲਿਸ ਨੂੰ ਦੱਸਿਆ ਕਿ ਪਾਕਿਸਤਾਨੀ ਫੌਜ ਤੇ ਪੁਲਿਸ ਦਾ ਵਿਵਹਾਰ ਨਿਮਰਤਾ ਤੇ ਮਹਿਮਾਨ-ਨਿਵਾਜ਼ੀ ਵਾਲਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਥਾਣੇ ਵਿੱਚ ਬੁਲਾ ਕੇ ਵੀ ਵਾਰ-ਵਾਰ ਪੁੱਛ ਪੜਤਾਲ ਕੀਤੀ ਗਈ ਕਿ ਪਾਕਿਸਤਾਨ ਵਿੱਚ ਉਨ੍ਹਾਂ ਨੂੰ ਕੌਣ-ਕੌਣ ਲੋਕ ਮਿਲੇ ਅਤੇ ਪੁਲਿਸ ਤੇ ਹੋਰ ਸੁਰੱਖਿਆ ਏਜੰਸੀਆਂ ਨੇ ਉਨ੍ਹਾਂ ਨਾਲ ਕਿਸ ਤਰ੍ਹਾਂ ਦਾ ਵਿਵਹਾਰ ਕੀਤਾ। ਪਿੰਡ ਦੇ ਮੋਹਤਬਰ ਨਾਜ਼ਰ ਸਿੰਘ ਅਤੇ ਸਿੱਖ ਆਗੂ ਭਾਈ ਮਨਿੰਦਰਪਾਲ ਸਿੰਘ ਨੇ ਕਿਹਾ ਕਿ ਖ਼ੁਫ਼ੀਆ ਏਜੰਸੀਆਂ ਦਾ ਇਹ ਵਤੀਰਾ ਨਿੰਦਣਯੋਗ ਹੈ ਅਤੇ ਪਾਕਿਸਤਾਨ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਵਿੱਚ ਡਰ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਆਖਿਆ ਕਿ ਜਦੋਂ ਪੰਜਾਬ ਪੁਲਿਸ ਦਾ ਮੁਖੀ ਹੀ ਸਿੱਖ ਸ਼ਰਧਾਲੂਆਂ ਪ੍ਰਤੀ ਮਾੜੀ ਸੋਚ ਰੱਖਦਾ ਹੋਵੇ ਤਾਂ ਵਿਭਾਗ ਤੋਂ ਕੀ ਆਸ ਰੱਖੀ ਜਾ ਸਕਦੀ ਹੈ? ਉਨ੍ਹਾਂ ਆਖਿਆ ਕਿ ਉਹ ਇਹ ਮਾਮਲਾ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਕੋਲ ਉਠਾਉਣਗੇ। ਪਿੰਡ ਵਾਸੀ ਮਨਿੰਦਰਪਾਲ ਸਿੰਘ ਘੁੰਮਣ ਨੇ ਕਿਹਾ ਕਿ ਇਸ ਘਟਨਾ ਕ੍ਰਮ ਤੋਂ ਬਾਅਦ ਉਨ੍ਹਾਂ ਦੇ ਪਿੰਡ ਦੇ ਕਰਤਾਰਪੁਰ ਸਾਹਿਬ ਜਾਣ ਦੇ ਇਛੁੱਕ ਸ਼ਰਧਾਲੂ ਬਹੁਤ ਡਰੇ ਹੋਏ ਹਨ। ਉਨ੍ਹਾਂ ਨੂੰ ਡਰ ਹੈ ਕਿ ਜੇਕਰ ਉਹ ਪਾਕਿਸਤਾਨ ਗਏ ਤਾਂ ਉਨ੍ਹਾਂ ਨੂੰ ਸ਼ਾਇਦ ਅੱਤਵਾਦੀ ਕਰਾਰ ਦਿੱਤਾ ਜਾਵੇਗਾ। ਉਨ੍ਹਾਂ ਖ਼ਦਸ਼ਾ ਜ਼ਾਹਿਰ ਕੀਤਾ ਕਿ ਉਨ੍ਹਾਂ ਨੂੰ ਸ਼ੱਕ ਤਹਿਤ ਕਾਨੂੰਨੀ ਘੇਰੇ ਵਿੱਚ ਫਸਾ ਕੇ ਹੋਰ ਪ੍ਰੇਸ਼ਾਨ ਕੀਤਾ ਜਾ ਸਕਦਾ ਹੈ। ਕੁੱਝ ਨੌਜਵਾਨਾਂ ਨੇ ਆਖਿਆ ਕਿ ਉਹ ਡਰ ਦੇ ਮਾਰੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਦੇ ਦਰਸ਼ਨ ਕਰਨ ਨਹੀਂ ਜਾ ਰਹੇ ਹਨ।

ਪੁਲਿਸ ਥਾਣਾ ਧਾਰੀਵਾਲ ਦੇ ਮੁਖੀ ਮਨਜੀਤ ਸਿੰਘ ਨੇ ਆਖਿਆ ਕਿ ਉਨ੍ਹਾਂ ਨੂੰ ਵਿਭਾਗ ਵੱਲੋਂ ਪੁੱਛ-ਪੜਤਾਲ ਕਰਨ ਦੀ ਹਦਾਇਤ ਪ੍ਰਾਪਤ ਹੋਈ ਹੈ, ਜਿਸ ਦੇ ਆਧਾਰ ’ਤੇ ਉਹ ਨੌਜਵਾਨਾਂ ਕੋਲੋਂ ਪੜਤਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਕਿਸੇ ਵੀ ਨਾਗਰਿਕ ਤੋਂ ਪੁੱਛ-ਪੜਤਾਲ ਕਰਨ ਦਾ ਅਧਿਕਾਰ ਰੱਖਦੀ ਹੈ।

ਪਾਕਿਸਤਾਨ ਸਰਕਾਰ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਪ੍ਰਬੰਧ ਕੀਤੇ ਸਨ ਜਿਸ ‘ਤੇ ਪਾਕਿਸਤਾਨ ਸਰਕਾਰ ਦਾ ਕਾਫ਼ੀ ਖ਼ਰਚਾ ਹੋ ਰਿਹਾ ਹੈ ਪਰ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਘੱਟ ਗਿਣਤੀ ਹੋਣ ਕਰਕੇ ਪਾਕਿਸਤਾਨ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।