ਚੰਡੀਗੜ੍ਹ- (ਪੁਨੀਤ ਕੌਰ) ਉੱਤਰ-ਪੂਰਬੀ ਦਿੱਲੀ ਵਿੱਚ ਹੋਈ ਹਿੰਸਾ ਵਿੱਚ ਹੁਣ ਤੱਕ 32 ਲੋਕਾਂ ਦੀ ਮੌਤ ਹੋ ਚੁੱਕੀ ਹੈ,106 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ 18 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਦਿੱਲੀ ਪੁਲਿਸ ਵੱਲੋਂ ਕੀਤੀ ਗਈ ਇੱਕ ਪ੍ਰੈੱਸ ਕਾਨਫਰੰਸ ਵਿੱਚ ਦਿੱਤੀ ਗਈ। ਇਸਦੇ ਨਾਲ ਹੀ ਦਿੱਲੀ ਪੁਲਿਸ ਨੇ ਦੰਗਾ ਪ੍ਰਭਾਵਿਤ ਇਲਾਕਿਆਂ ਦੇ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ। ਇਹ ਹੈਲਪਲਾਈਨ ਨੰਬਰ  011-22829334, 011-22829335 ਹਨ। ਇਹ ਜਾਣਕਾਰੀ ਦਿੱਲੀ ਪੁਲਿਸ ਦੇ ਪੀਆਰਓ ਮੰਦੀਪ ਸਿੰਘ ਰੰਧਾਵਾ ਨੇ ਦਿੱਤੀ। ਮੰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਬੁੱਧਵਾਰ ਨੂੰ ਉੱਤਰ-ਪੂਰਬੀ ਦਿੱਲੀ ਵਿੱਚ ਮਾਹੌਲ ਸ਼ਾਂਤ ਰਿਹਾ ਸੀ ਅਤੇ ਉੱਤਰ-ਪੂਰਬੀ ਦਿੱਲੀ ਤੋਂ ਆਉਣ ਵਾਲੇ ਪੀਸੀਆਰ ਫੋਨ ਵੀ ਘੱਟ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਹਿੰਸਾਗ੍ਰਸਤ ਇਲਾਕਿਆਂ ਵਿੱਚ ਵੱਡੇ ਅਧਿਕਾਰੀ ਮੌਜੂਦ ਹਨ ਅਤੇ ਘਟਨਾਗ੍ਰਸਤ ਸਥਾਨ ‘ਤੇ ਡ੍ਰੋਨ ਨਾਲ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ 112 ਨੰਬਰ ‘ਤੇ ਫੋਨ ਕਰਕੇ ਕੋਈ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਹਿੰਸਾ ਵਿੱਚ 56 ਪੁਲਿਸ ਕਰਮੀਆਂ ਸਮੇਤ 200 ਦੇ ਕਰੀਬ ਲੋਕ ਜ਼ਖਮੀ ਹੋਏ ਹਨ। ਹਿੰਸਾ ਵਿੱਚ ਮਰੇ ਆਈ.ਬੀ. ਦੇ ਇੱਕ ਕਰਮਚਾਰੀ ਦੀ ਲਾਸ਼ ਇੱਕ ਨਾਲੇ ਵਿੱਚੋਂ ਮਿਲੀ। ਉੱਤਰ-ਪੂਰਬ ਦਿੱਲੀ ਵਿੱਚ ਸੁਰੱਖਿਆ ਬਲਾਂ ਨੇ ਫਲੈਗ-ਮਾਰਚ ਕੀਤਾ ਹੈ। ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਬੁੱਧਵਾਰ ਨੂੰ ਉੱਤਰ-ਪੂਰਬੀ ਦਿੱਲੀ ਦੇ ਹਿੰਸਾ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਗੱਲ-ਬਾਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਸੀ।