ਚੰਡੀਗੜ੍ਹ ( ਹਿਨਾ ) ਪੰਜਾਬ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਕੋਰੋਨਾ ਵਾਇਰਸ ਲਗਾਏ ਲਾਕਡਾਊਨ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 11 ਅਪ੍ਰੈਲ ਤੋਂ 10 ਮਈ ਤੱਕ ਕਰਨ ਦਾ ਐਲਾਨ ਤੇ ਨਾਲ ਹੀ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਬਾਕੀ ਰਹਿੰਦੇ ਪੇਪਰ ਕੀਤੇ ਰੱਦ, ਇਨ੍ਹਾਂ ਜਮਾਤਾਂ ਲਈ ਹੋਰ ਪ੍ਰੀਖਿਆ ਲਏ ਬਿਨਾਂ ਨਤੀਜੇ ਐਲਾਨੇਗਾ ਪੰਜਾਬ ਸਕੂਲ ਸਿੱਖਿਆ ਬੋਰਡ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ
ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਰਾਜ ਦੇ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਸਕੂਲਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਕਰਨ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਲਾਕਡਾਊਨ ਕਾਰਨ ਹੋ ਰਹੇ ਪੜ੍ਹਾਈ ਦੇ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ। ਸ਼੍ਰੀ ਸਿੰਗਲਾ ਨੇ ਦੱਸਿਆ ਕਿ ਹੁਣ ਇੱਕ ਮਹੀਨੇ ਲਈ ਗਰਮੀ ਦੀਆਂ ਛੁੱਟੀਆਂ 11 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਤੇ 10 ਮਈ ਤੱਕ ਚੱਲਣਗੀਆਂ। ਸਿੱਖਿਆ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਨੇ ਇਹ ਵੀ ਫੈਸਲਾ ਕੀਤਾ ਕਿ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਰਫਿਊ ਤੋਂ ਪਹਿਲਾਂ ਜਿਹੜੇ ਪੇਪਰ ਦੇ ਦਿੱਤੇ ਸਨ, ਉਨ੍ਹਾਂ ਦੇ ਆਧਾਰ ਉਤੇ ਹੀ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਇਨ੍ਹਾਂ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ਵਿੱਚ ਭੇਜ ਦੇਵੇਗਾ।
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਰਫਿਊ ਕਾਰਨ ਆਪਣੇ ਬੱਚਿਆਂ ਦੀ ਪੜ੍ਹਾਈ ਦੇ ਹੋ ਰਹੇ ਨੁਕਸਾਨ ਕਾਰਨ ਮਾਪੇ ਚਿੰਤਤ ਸਨ ਅਤੇ ਛੁੱਟੀਆਂ ਜਲਦੀ ਕਰਨ ਦੇ ਇਸ ਫੈਸਲੇ ਨਾਲ ਉਨ੍ਹਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਵੀ 11 ਅਪ੍ਰੈਲ ਤੋਂ ਛੁੱਟੀਆਂ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ ਪਰ ਉਹ ਆਪਣੀ ਲੋੜ ਅਨੁਸਾਰ ਇਨ੍ਹਾਂ ਛੁੱਟੀਆਂ ਦੀ ਮਿਆਦ ਵਧਾਉਣ ਲਈ ਆਜ਼ਾਦ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ (ਪੀਐਸਈਬੀ) ਨੇ ਕਰਫਿਊ ਲਗਾਉਣ ਤੋਂ ਪਹਿਲਾਂ ਪੰਜਵੀਂ ਜਮਾਤ ਦੇ ਤਿੰਨ ਪੇਪਰ ਲਏ ਸਨ ਅਤੇ ਹੁਣ ਮੰਤਰੀ ਮੰਡਲ ਨੇ ਬਾਕੀ ਰਹਿੰਦੇ ਦੋ ਪੇਪਰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਠਵੀਂ ਜਮਾਤ ਦੇ ਸਬੰਧ ਵਿੱਚ ਪ੍ਰੈਕਟੀਕਲ ਪ੍ਰੀਖਿਆਵਾਂ ਬਕਾਇਆ ਸਨ ਪਰ ਹੁਣ ਬੋਰਡ ਦੋਵਾਂ ਕਲਾਸਾਂ ਲਈ ਕੋਈ ਹੋਰ ਪੇਪਰ ਲਏ ਬਗ਼ੈਰ ਹੀ ਨਤੀਜਿਆਂ ਦਾ ਐਲਾਨ ਕਰੇਗਾ।