ਚੰਡੀਗੜ੍ਹ- (ਪੁਨੀਤ ਕੌਰ) ਸਾਕਾ ਨਕੋਦਰ ਨੂੰ ਵਾਪਰਿਆਂ 34 ਸਾਲ ਬੀਤ ਚੁੱਕੇ ਹਨ। ਪਾਕਿਸਤਾਨ ਦੇ ਰਹਿਣ ਵਾਲੇ ਡਾ. ਇਕਤਿਦਾਰ ਕਰਾਮਤ ਚੀਮਾ ਨੇ ਯੂਐੱਨਓ ਦੀ 43ਵੀਂ ਮਨੁੱਖੀ ਅਧਿਕਾਰ ਕੌਂਸਲ ਦੇ ਵਿਸ਼ੇਸ਼ ਸੈਸ਼ਨ ਵਿੱਚ ਨਕੋਦਰ ਬੇਅਦਬੀ ਕਾਂਡ ਦੇ ਮੁੱਦੇ ਨੂੰ ਉਠਾਇਆ ਹੈ। ਉਨ੍ਹਾਂ ਨੇ ਯੂਐੱਨਓ ਕੌਂਸਲ ਦੇ ਵਿਸ਼ੇਸ਼ ਸੈਸ਼ਨ ਦੌਰਾਨ ਜਨੇਵਾ ਵਿੱਚ ਹਿੱਸਾ ਲੈਂਦਿਆਂ ਨਕੋਦਰ ’ਚ ਹੋਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਪੰਜਾਬ ਪੁਲਿਸ ਵੱਲੋਂ ਚਲਾਈਆਂ ਗੋਲੀਆਂ ਨਾਲ ਮਾਰੇ ਗਏ ਚਾਰ ਸਿੱਖ ਨੌਜਵਾਨਾਂ ਦੀ ਗੱਲ ਨੂੰ ਬਾਖੂਬੀ ਉਭਾਰਿਆ ਹੈ।
ਡਾ. ਚੀਮਾ ਨੇ ਨਕੋਦਰ ਬੇਅਦਬੀ ਕਾਂਡ ਦੀ ਗੱਲ ਉਦੋਂ ਚੁੱਕੀ ਜਦੋਂ ਉਹ ਦਿੱਲੀ ਦੰਗਿਆਂ ਬਾਰੇ ਗੱਲ ਕਰ ਰਹੇ ਸਨ ਕਿ ਉੱਥੇ ਕੁਰਾਨ ਸ਼ਰੀਫ ਤੇ ਮਸਜਿਦਾਂ ਦੀ ਬੇਅਦਬੀ ਕੀਤੀ ਗਈ ਸੀ। ਡਾ. ਚੀਮਾ ਨੇ ਕਿਹਾ ਕਿ ਭਾਰਤ ਵਿੱਚ ਘੱਟ ਗਿਣਤੀਆਂ ਦੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕੋਈ ਪਹਿਲੀ ਵਾਰ ਨਹੀਂ ਹੋ ਰਹੀ ਸਗੋਂ 34 ਸਾਲ ਪਹਿਲਾਂ ਭਾਰਤੀ ਪੰਜਾਬ ਦੇ ਕਸਬਾ ਨਕੋਦਰ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੰਜ ਬੀੜਾਂ ਸਾੜ ਦਿੱਤੀਆਂ ਗਈਆਂ ਸਨ ਅਤੇ ਰੋਸ ਪ੍ਰਗਟ ਕਰ ਰਹੇ ਸਿੱਖਾਂ ਉੱਪਰ ਪੰਜਾਬ ਪੁਲਿਸ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ। ਇਸ ਗੋਲੀ ਕਾਂਡ ਵਿੱਚ ਚਾਰ ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ, ਜਿਨ੍ਹਾਂ ਵਿੱਚ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਬਲਧੀਰ ਸਿੰਘ ਰਾਮਗੜ੍ਹ, ਭਾਈ ਝਿਲਮਣ ਸਿੰਘ ਗੌਰਸੀਆਂ ਤੇ ਭਾਈ ਹਰਮਿੰਦਰ ਸਿੰਘ ਚਲੂਪਰ ਸ਼ਾਮਲ ਸਨ। ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਪਿਤਾ ਬਲਦੇਵ ਸਿੰਘ ਲਿੱਤਰਾਂ ਨੇ ਦੱਸਿਆ ਕਿ ਉਹ 34 ਸਾਲਾਂ ਤੋਂ ਇਨਸਾਫ ਦੀ ਮੰਗ ਕਰਦੇ ਆ ਰਹੇ ਹਨ।
ਉਨ੍ਹਾਂ ਦੱਸਿਆ ਕਿ 1986 ਵਿੱਚ ਜਦੋਂ ਘਟਨਾ ਵਾਪਰੀ ਸੀ ਉਸ ਵੇਲੇ ਜਲੰਧਰ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਦਰਬਾਰਾ ਸਿੰਘ ਗੁਰੂ ਸਨ, ਜਿਨ੍ਹਾਂ ਕੋਲ ਡਿਪਟੀ ਕਮਿਸ਼ਨਰ ਦੀਆਂ ਤਾਕਤਾਂ ਵਰਤਣ ਦਾ ਅਧਿਕਾਰ ਸੀ ਤੇ ਉਸ ਵੇਲੇ ਐੱਸਐੱਸਪੀ ਇਜ਼ਹਾਰ ਆਲਮ ਸਨ। ਹੁਣ ਇਹ ਦੋਵੇਂ ਆਗੂ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਵੱਡੇ ਅਹੁਦਿਆਂ ’ਤੇ ਬਿਰਾਜਮਾਨ ਹਨ। ਬਲਦੇਵ ਸਿੰਘ ਲਿੱਤਰਾਂ ਨੇ ਦੱਸਿਆ ਕਿ ਅਮਰੀਕਾ ਵਿੱਚ ਫਰਵਰੀ ਮਹੀਨੇ ਵਿੱਚ ਚਾਰ ਸ਼ਹਿਰਾਂ ਵਿੱਚ ਨਕੋਦਰ ਬੇਅਦਬੀ ਕਾਂਡ ਦੀ ਗੰਭੀਰਤਾ ਨਾਲ ਚਰਚਾ ਕੀਤੀ ਗਈ ਸੀ। ਇਸ ਸੰਬੰਧੀ ਫਰੀਮੌਂਟ ਗੁਰਦਵਾਰਾ ਸਾਹਿਬ ਅਮਰੀਕਾ ਬੇ-ਏਰੀਆ ਅਤੇ ਸਟੈਨਫੋਰਡ ਯੂਨੀਵਰਸਿਟੀ ਸਿੱਖ ਸਕਾਲਰਜ਼ ਕਾਨਫਰੰਸ ਅਮਰੀਕਨ ਸਿੱਖ ਵਿਦਿਆਰਥੀ ਜਥੇਬੰਦੀ ਜੈਕਾਰਾ ਵੱਲੋਂ ਸਮਾਗਮ ਕਰਵਾਏ ਗਏ ਸਨ। ਉਨ੍ਹਾਂ ਦੱਸਿਆ ਕਿ ਉਹ34 ਸਾਲਾਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਸੂਬਾ ਸਰਕਾਰ ਨੇ ਤਾਂ ਇਸ ਮੁੱਦੇ ’ਤੇ ਪੰਜਾਬ ਵਿਧਾਨ ਸਭਾ ਵਿੱਚ ਕੋਈ ਚਰਚਾ ਨਹੀਂ ਕਰਵਾਈ ਪਰ ਇਸ ਦੀ ਗੂੰਜ ਯੂਐੱਨਓ ਵਿੱਚ ਪੈ ਗਈ ਹੈ।
ਬਲਦੇਵ ਸਿੰਘ ਲਿੱਤਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪਿੰਡ ਵਿੱਚ ਲੰਘੀ 9 ਫਰਵਰੀ ਨੂੰ ਚਾਰੇ ਸਿੱਖ ਨੌਜਵਾਨਾਂ ਦੀ 34ਵੀਂ ਬਰਸੀ ਮਨਾਈ ਸੀ। ਪਿੰਡ ਵਾਲਿਆਂ ਨੇ ਵੀ ਮੰਗ ਕੀਤੀ ਸੀ ਕਿ ਇਸ ਮਾਮਲੇ ਦੀ ਜਾਂਚ ਬਰਗਾੜੀ ਬੇਅਦਬੀ ਕਾਂਡ ਵਾਂਗ ਕਰਵਾਈ ਜਾਵੇ। ਸਾਲ 2001 ਵਿੱਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਰਿਪੋਰਟ ਦਾ ਇੱਕ ਹਿੱਸਾ ਸਦਨ ਵਿੱਚ ਰੱਖਿਆ ਸੀ ਪਰ ਇਸ ਬਾਰੇ 116 ਵਿਧਾਇਕ ਅਣਜਾਣ ਸਨ। ਪੇਸ਼ ਕੀਤੀ ਗਈ ਅਧੂਰੀ ਰਿਪੋਰਟ ’ਤੇ ਵੀ ਕੋਈ ਕਾਰਵਾਈ ਨਹੀਂ ਹੋਈ।
ਵਿਦੇਸ਼ਾਂ ਵਿੱਚ ਵੱਸਦੇ ਸਿੱਖ ਭਾਈਚਾਰੇ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ 1986 ਵਿੱਚ ਵਾਪਰੇ ਨਕੋਦਰ ਕਾਂਡ ਦੀ ਰਿਪੋਰਟ ਵਿਧਾਨ ਸਭਾ ਵਿਚ ਰੱਖਣ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਵਾਅਦਾ ਕੀਤਾ ਸੀ ਕਿ ਉਹ ਚੋਣਾਂ ਤੋਂ ਬਾਅਦ ਇਸ ਮਾਮਲੇ ’ਤੇ ਕਾਰਵਾਈ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਵਾਅਦਾ ਨਿਭਾ ਕਿ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਦਾ ਦੂਸਰਾ ਭਾਗ ਜਨਤਕ ਕਰਨ ਅਤੇ ਰਿਪੋਰਟ ਨੂੰ ਆਉਂਦੇ ਵਿਧਾਨ ਸਭਾ ਸੈਸ਼ਨ ਵਿਚ ਪੇਸ਼ ਕਰਕੇ ਬਹਿਸ ਕਰਵਾਉਣ ਅਤੇ ਇਸ ਉੱਤੇ ਕਾਰਵਾਈ ਰਿਪੋਰਟ ਵਿਧਾਨ ਸਭਾ ਵਿੱਚ ਰੱਖਣ ਲਈ ਅਪੀਲ ਕੀਤੀ ਗਈ। ਸਰਕਾਰ ਨੂੰ ਸਾਕੇ ਦੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਲਈ ਕਿਹਾ ਗਿਆ।
Comments are closed.