‘ਦ ਖ਼ਾਲਸ ਬਿਊਰੋ :- ਕੈਪਟਨ ਅਮਰਿੰਦਰ ਸਿੰਘ ਨੇ ਏ ਸੀ.ਪੀ. ਕੋਹਲੀ ਅਤੇ ਕਾਨੂੰਗੋ ਗੁਰਮੇਲ ਸਿੰਘ ਦੇ ਵਾਰਸਾਂ ਲਈ 50-50 ਲੱਖ ਐਕਸ-ਗ੍ਰੇਸ਼ੀਆ ਦਾ ਐਲਾਨ ਕਰਦੀਆਂ ਕੋਵਿਡ-19 ਕਾਰਨ ਦੋਹਾਂ ਯੋਧਿਆਂ ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਏ.ਸੀ.ਪੀ. ਉਤਰੀ ਲੁਧਿਆਣਾ ਅਨਿਲ ਕੋਹਲੀ ਅਤੇ ਕਾਨੂੰਗੋ ਗੁਰਮੇਲ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਹ ਦੋਵੇਂ ਅਧਿਕਾਰੀ ਕੋਵਿਡ-19 ਤੋਂ ਪੀੜਤ ਸਨਤ ਤੇ ਦੋਵਾਂ ਅਧਿਕਾਰੀਆਂ ਦੇ ਵਾਰਸਾਂ ਨੂੰ 50-50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ ਅਤੇ ਨਾਲ ਹੀ ਕਿਹਾ ਕਿ ਕੋਰੋਨਾਵਾਇਰਸ ਕਰਕੇ ਕਿਸੇ ਵੀ ਅਧਿਕਾਰੀ ਦੀ ਡਿਊਟੀ ਦੌਰਾਨ ਮੌਤ ਹੋਣ ‘ਤੇ ਉਸਦੇ ਮੈਂਬਰਾਂ ਨੂੰ ਇੰਨੀ ਹੀ ਰਾਸ਼ੀ ਅਦਾ ਕੀਤੀ ਜਾਵੇਗੀ।

ਉਨ੍ਹਾਂ ਟਵੀਟ ਕਰਦਿਆਂ ਕਿਹਾ, “ਕੋਵਿਡ-19 ਕਰਕੇ ਆਪਣੇ ਦੋ ਅਧਿਕਾਰੀਆਂ ਨੂੰ ਗੁਆਉਣ ਦਾ ਗਹਿਰਾ ਦੁੱਖ ਹੋਇਆ। ਇਨ੍ਹਾਂ ਅਧਿਕਾਰੀਆਂ ਦੇ ਵਾਰਸਾਂ ਨੂੰ 50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਫੈਸਲਾ ਕੀਤਾ ਹੈ। ਮੈਂ ਅਰਦਾਸ ਕਰਦਾ ਹਾਂ ਕਿ ਅਜਿਹੀ ਕੋਈ ਘਟਨਾ ਨਾ ਵਾਪਰੇ ਪਰ ਜੇ ਅਜਿਹਾ ਹੁੰਦਾ ਹੈ ਤਾਂ ਸੂਬਾ ਸਰਕਾਰ ਵੱਲੋਂ ਕੋਵਿਡ-19 ਕਰਕੇ ਡਿਊਟੀ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਅਧਿਕਾਰੀਆਂ ਦੇ ਵਾਰਸਾਂ ਨੂੰ 50 ਲੱਖ ਰੁਪਏ ਦਿੱਤੇ ਜਾਣਗੇ।”

ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਏ.ਸੀ.ਪੀ. ਨੂੰ ਇੱਕ ਦਲੇਰ ਅਧਿਕਾਰੀ ਵਜੋਂ ਯਾਦ ਕੀਤਾ, ਜਿਨ੍ਹਾਂ ਨੇ ਹਮੇਸ਼ਾ ਪੂਰੀ ਲਗਨ, ਇਮਾਨਦਾਰੀ ਅਤੇ ਪੇਸ਼ੇਵਾਰ ਵਚਨਬੱਧਤਾ ਨਾਲ ਆਪਣੇ ਫ਼ਰਜ਼ ਨਿਭਾਏ। ਪੰਜਾਬ ਪੁਲਿਸ ਫੋਰਸ ਵਿਚ ਉਨ੍ਹਾਂ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਹਲੀ ਨੌਜਵਾਨ ਅਧਿਕਾਰੀਆਂ ਲਈ ਪ੍ਰੇਰਣਾ ਬਣੇ ਰਹਿਣਗੇ। ਏ.ਸੀ.ਪੀ. ਅਨਿਲ ਕੋਹਲੀ ਨੇ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿਖੇ ਆਖ਼ਰੀ ਸਾਹ ਲਿਆ ਜਿਨ੍ਹਾਂ ਦੀ ਅੱਜ ਦੁਪਿਹਰ ਕੋਵਿਡ-19 ਕਰਕੇ ਮੌਤ ਹੋ ਗਈ। ਉਹ ਆਪਣੇ ਪਿੱਛੇ ਪਤਨੀ ਤੇ ਦੋ ਪੁੱਤਰ ਛੱਡ ਗਏ ਹਨ।

ਇਸ ਦੌਰਾਨ ਇੱਕ ਟਵੀਟ ਵਿੱਚ ਕੈਪਟਨ ਅਮਰਿੰਦਰ ਨੇ ਕਿਹਾ, ”ਇਹ ਦੱਸਦਿਆਂ ਦੁੱਖ ਹੋ ਰਿਹਾ ਹੈ ਕਿ ਅਸੀਂ ਕੋਵਿਡ-19 ਕਰਕੇ ਕੱਲ੍ਹ ਗੁਰਮੇਲ ਸਿੰਘ ਕਾਨੂੰਗੋ ਅਤੇ ਅੱਜ ਲੁਧਿਆਣਾ ਵਿਖੇ ਏ.ਸੀ.ਪੀ. ਅਨਿਲ ਕੋਹਲੀ ਨੂੰ ਗੁਆ ਦਿੱਤਾ ਹੈ। ਸੰਕਟ ਦੀ ਇਸ ਘੜੀ ਵਿੱਚ ਸਾਡੇ ਕੋਰੋਨਾ ਜੰਗ ਦੇ ਯੋਧਿਆਂ ਨੂੰ ਗੁਆਉਣਾ ਸੂਬੇ ਲਈ ਇੱਕ ਵੱਡਾ ਨੁਕਸਾਨ ਹੈ। ਮੈਂ ਇਸ ਦੁੱਖ ਦੀ ਘੜੀ ਵਿੱਚ ਅਸੀਂ ਉਨ੍ਹਾਂ ਦੇ ਪਰਿਵਾਰਾਂ ਨਾਲ ਸ਼ਰੀਕ ਹਾਂ ਅਤੇ ਭਰੋਸਾ ਦਿੰਦਾ ਹਾਂ ਕਿ ਪੰਜਾਬ ਉਨ੍ਹਾਂ ਨਾਲ ਖੜ੍ਹਾ ਹੈ।”