‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੈਪਟਨ ਸਰਕਾਰ ਨੂੰ ਸ਼੍ਰੀ ਹਜ਼ੂਰ ਸਾਹਿਬ ਤੋਂ ਲਿਆਂਦੀ ਸਾਰੀ ਸੰਗਤ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਾਵਾਂ ਦੀਆਂ ਵਿੱਚ ਭੇਜਣ ਲਈ ਕਿਹਾ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਸੰਗਤ ਨੂੰ ਗੰਦੀਆਂ ਸਰਕਾਰੀ ਇਮਾਰਤਾਂ ਅੰਦਰ ਇਕਾਂਤਵਾਸ ਕੀਤਾ ਗਿਆ ਹੈ, ਉਨ੍ਹਾਂ ਨੂੰ ਤੁਰੰਤ ਉਸ ਮਾੜੇ ਪ੍ਰਬੰਧ ਤੋਂ ਕੱਢ ਕੇ SGPC ਦੀਆਂ ਸਰਾਵਾਂ ‘ਚ ਭੇਜਿਆ ਜਾਵੇ ਜਿੱਥੇ ਸਿੱਖ ਜਥੇਬੰਦੀਆਂ ਤੇ ਅਕਾਲੀ ਦਲ ਉਨ੍ਹਾਂ ਦੀ ਦੇਖਭਾਲ ਕਰੇਗਾ।
ਪੰਜਾਬ ਅਤੇ ਬਾਹਰੋਂ ਕਾਂਗਰਸੀ ਮੰਤਰੀਆਂ ਵੱਲੋਂ ਕੀਤੀ ਜਾ ਰਹੀ ਘਟੀਆ ਰਾਜਨੀਤੀ ਦੀ ਨਿਖੇਧੀ ਕਰਦਿਆਂ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਿੱਖ 10 ਜਨਪਥ ਨੂੰ ਆਪਣੇ ਦਿਗਵਿਜੇ ਸਿੰਘ ਜਾਂ ਸਥਾਨਕ ਕਾਂਗਰਸੀ ਆਗੂਆਂ ਵਰਗੇ ਪਿਆਦਿਆਂ ਦੇ ਜ਼ਰੀਏ ਸ਼ਰਧਾਲੂਆਂ ਨੂੰ ਬਦਨਾਮ ਨਹੀਂ ਕਰਨ ਦੇਣਗੇ। ਸਥਾਨਕ ਕਾਂਗਰਸੀ ਆਗੂ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਸ਼ਰਧਾਲੂਆਂ ਨੂੰ ਬਲੀ ਦੇ ਬੱਕਰੇ ਬਣਾਉੁਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਨੂੰ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਜਾਂ ਸੰਗਤ ਦਾ ਅਪਮਾਨ ਨਹੀਂ ਕਰਨ ਦਿਆਂਗੇ, ਜੋਕਿ ਉਸ ਪਾਵਨ ਧਰਤੀ ਉੱਤੇ ਮੱਥਾ ਟੇਕ ਕੇ ਵਾਪਸ ਪਰਤੀ ਹੈ, ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਨੂੰ ਗੁਰਗੱਦੀ ਦਿੱਤੀ ਸੀ।
ਸਰਦਾਰ ਮਜੀਠੀਆ ਨੇ ਕਿਹਾ ਕਿ ਐਸਜੀਪੀਸੀ ਪ੍ਰਧਾਨ ਨੇ ਸਰਾਵਾਂ ਬਾਰੇ ਬਿਆਨ ਦੇ ਦਿੱਤਾ ਹੈ ਕਿ ਇਨ੍ਹਾਂ ਨੂੰ ਸ਼ਰਧਾਲੂਆਂ ਨੂੰ ਠਹਿਰਾਉਣ ਲਈ ਇਸਤੇਮਾਲ ਕਰ ਲਿਆ ਜਾਵੇ। ਉਹਨਾਂ ਕਿਹਾ ਕਿ ਸ਼ਰਧਾਲੂਆਂ ਨੂੰ ਤੁਰੰਤ ਇਹਨਾਂ ਸਰਾਂਵਾਂ ਵਿਚ ਤਬਦੀਲ ਕਰਨਾ ਚਾਹੀਦਾ ਹੈ, ਕਿਉਂਕਿ ਜਿਹਨਾਂ ਸਰਕਾਰੀ ਇਮਾਰਤਾਂ ਅੰਦਰ ਸ਼ਰਧਾਲੂਆਂ ਨੂਂੰ ਰੱਖਿਆ ਗਿਆ ਹੈ, ਉਹ ਬਹੁਤ ਹੀ ਗੰਦੀਆਂ ਹਨ ਅਤੇ ਉੱਥੇ ਮੁੱਢਲੀਆਂ ਸਹੂਲਤਾਂ ਵੀ ਨਹੀਂ ਹਨ। ਉਨ੍ਹਾਂ ਨੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਇਹ ਕਹਿਣ ਲਈ ਸਖ਼ਤ ਨਿਖੇਧੀ ਕੀਤੀ ਕਿ ਸ਼ਰਧਾਲੂਆਂ ਨੂੰ ਡੇਰਾ ਬਾਬਾ ਨਾਨਕ ਗੁਰਦੁਆਰਾ ਵਿਖੇ ਜਗ੍ਹਾ ਨਹੀਂ ਦਿੱਤੀ ਗਈ। ਸਰਦਾਰ ਮਜੀਠੀਆ ਨੇ ਕਿਹਾ ਕਿ ਰੰਧਾਵਾ ਇੱਕ ਅਜਿਹਾ ਝੂਠਾ ਵਿਅਕਤੀ ਹੈ, ਜਿਸ ਦੇ ਪਿਤਾ ਨੇ ਇੰਦਰਾ ਗਾਂਧੀ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਢਾਹੁਣਾ ਸਹੀ ਠਹਿਰਾਇਆ ਸੀ।
ਬਲਬੀਰ ਸਿੰਘ ਸਿੱਧੂ ਦੀ ਛੁੱਟੀ ਕਰਕੇ ਸਿਹਤ ਮੰਤਰਾਲੇ ਦਾ ਕਾਰਜਭਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਭਾਲਣ ਲਈ ਆਖਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਸਿੱਧੂ ਨੇ ਇਹ ਬਿਆਨ ਦੇ ਕੇ ਕਿ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੀ ਰੋਕਥਾਮ ਲਈ ਕੀਤੇ ਸਾਰੇ ਚੰਗੇ ਕੰਮ ਉਤੇ ਪਾਣੀ ਫੇਰ ਦਿੱਤਾ ਹੈ, ਸ਼ਰਧਾਲੂਆਂ ਦਾ ਅਪਮਾਨ ਕਰਨਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੀਤੇ ਚੰਗੇ ਕੰਮ ਦੀ ਪੋਲ ਸਿਹਤ ਕਾਮਿਆਂ ਦੁਆਰਾ ਪਹਿਲਾਂ ਹੀ ਖੋਲ੍ਹੀ ਜਾ ਚੁੱਕੀ ਹੈ, ਜਿਨ੍ਹਾਂ ਨੂੰ ਅਜੇ ਤੀਕ ਪੀਪੀਈ ਕਿਟਾਂ, ਐਂਬੂਲੈਂਸਾਂ ਅਤੇ ਵੈਟੀਲੇਟਰ ਵਰਗੀਆਂ ਮੁੱਢਲੀਆਂ ਸਹੂਲਤਾਂ ਵੀ ਨਹੀਂ ਮਿਲੀਆਂ ਹਨ। ਉਹਨਾਂ ਕਿਹਾ ਕਿ ਬਲਬੀਰ ਸਿੱਧੂ ਇੱਕ ਬੇਹੱਦ ਨਿਕੰਮਾ ਮੰਤਰੀ ਸਾਬਿਤ ਹੋ ਚੁੱਕਿਆ ਹੈ, ਇਸ ਲਈ ਉਸ ਨੂੰ ਤੁਰੰਤ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ।