ਚੰਡੀਗੜ੍ਹ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਤੋਂ ਕਰਤਾਰਪੁਰ ਸਾਹਿਬ ਲਾਂਘੇ ਤੱਕ ਮੁਫ਼ਤ ਬੱਸ–ਸੇਵਾ ਦੀ ਸ਼ੁਰੂਆਤ ਕਰਨ ਦੇ ਐਲਾਨ ਤੋਂ ਚਾਰ ਮਹੀਨੇ ਬਾਅਦ ਅੱਜ ਇਸਦੀ ਸ਼ੁਰੂਆਤ ਕੀਤੀ ਗਈ ਹੈ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਸਥਿਤ ਕੋਰੀਡੋਰ ਟਰਮੀਨਲ ਤੱਕ ਮੁਫ਼ਤ ਬੱਸ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ ਹੈ। ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਸ਼੍ਰੋਮਣੀ ਕਮੇਟੀ ਅਧਿਕਾਰੀ ਵੀ ਮੌਜੂਦ ਸਨ। ਇਹ ਬੱਸ ਸਵੇਰੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਦੇ ਨਜ਼ਦੀਕ ਭਾਈ ਗੁਰਦਾਸ ਹਾਲ ਤੋਂ ਰੋਜ਼ਾਨਾ ਚੱਲੇਗੀ ਅਤੇ ਸ਼ਾਮ ਸਮੇਂ ਡੇਰਾ ਬਾਬਾ ਨਾਨਕ ਤੋਂ ਸੰਗਤਾਂ ਨੂੰ ਅੰਮ੍ਰਿਤਸਰ ਤੱਕ ਵਾਪਸ ਲਿਆਉਣ ਦੀ ਸਹੂਲਤ ਵੀ ਦੇਵੇਗੀ।
ਇਸ ਬੱਸ ਸੇਵਾ ਦਾ ਲਾਭ ਸ਼੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਬਹੁਤ ਸਾਰੇ ਸ਼ਰਧਾਲੂ ਉਠਾ ਸਕਣਗੇ। ਉਹ ਨਾਲ ਹੀ ਕਰਤਾਰਪੁਰ ਸਾਹਿਬ ਸਥਿਤ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਦੇ ਦਰਸ਼ਨ ਵੀ ਕਰ ਸਕਣਗੇ। ਅੰਮ੍ਰਿਤਸਰ ਤੋਂ ਕਰਤਾਰਪੁਰ ਸਾਹਿਬ ਲਾਂਘੇ ਦੀ ਦੂਰੀ 60 ਕਿਲੋਮੀਟਰ ਤੋਂ ਵੱਧ ਹੈ। ਹੁਣ ਤੱਕ ਉੱਥੇ ਜਾਣ ਲਈ ਸ਼ਰਧਾਲੂਆਂ ਨੂੰ ਆਪਣੇ ਖ਼ੁਦ ਦੇ ਵਾਹਨ ਜਾਂ ਸਰਕਾਰੀ ਵਾਹਨਾਂ ਦੀ ਵਰਤੋਂ ਕਰਨੀ ਪੈਂਦੀ ਰਹੀ ਹੈ ਪਰ ਅੰਮ੍ਰਿਤਸਰ ਤੋਂ ਇਸ ਮੁਫ਼ਤ ਬੱਸ ਸੇਵਾ ਦਾ ਲਾਭ ਸਹੀ ਅਰਥਾਂ ’ਚ ਸ਼ਰਧਾਲੂਆਂ ਨੂੰ ਮਿਲ ਸਕੇਗਾ। ਇਸ ਤਹਿਤ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਰਿਹਾਇਸ਼ ਅਤੇ ਲੰਗਰ ਦੀ ਸੁਵਿਧਾ ਨਿਰੰਤਰ ਜਾਰੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਇਹ ਵੀ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਤੰਗ-ਪ੍ਰੇਸ਼ਾਨ ਕਰਨਾ ਮੰਦਭਾਗਾ ਹੈ। ਇਹ ਪੰਜਾਬ ਦੇ ਲੋਕਾਂ ਨੂੰ ਸ਼ੱਕ ਦੀ ਨਿਗ੍ਹਾ ਨਾਲ ਵੇਖਣ ਵਾਲੀ ਪ੍ਰਕਿਰਿਆ ਹੈ। ਪੰਜਾਬ ਸਰਕਾਰ ਇਸ ’ਤੇ ਤੁਰੰਤ ਰੋਕ ਲਗਾ ਕੇ ਅੱਗੇ ਤੋਂ ਯਕੀਨੀ ਬਣਾਏ ਕਿ ਅਜਿਹਾ ਨਹੀਂ ਹੋਵੇਗਾ। ਭਾਈ ਲੌਂਗੋਵਾਲ ਨੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ’ਤੇ ਮੁੜ ਵਿਚਾਰ ਕਰਨ ਦੀ ਗੱਲ ਵੀ ਆਖੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ. ਭਗਵੰਤ ਸਿੰਘ ਸਿਆਲਕਾ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਸੁਲੱਖਣ ਸਿੰਘ ਭੰਗਾਲੀ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸਕੱਤਰ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਸ. ਸਿਮਰਜੀਤ ਸਿੰਘ ਕੰਗ, ਸ. ਤੇਜਿੰਦਰ ਸਿੰਘ ਪੱਡਾ, ਸ. ਦਰਸ਼ਨ ਸਿੰਘ ਪੀ.ਏ., ਮੈਨੇਜਰ ਸ. ਮੁਖਤਾਰ ਸਿੰਘ, ਸਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਸੁਖਬੀਰ ਸਿੰਘ, ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਨਿਸ਼ਾਨ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ ਆਦਿ ਹਾਜ਼ਰ ਸਨ।