ਚੰਡੀਗੜ੍ਹ- ਡੀਜੀਪੀ ਦਿਨਕਰ ਗੁਪਤਾ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਅਤੇ ਕਰਤਾਰਪੁਰ ਲਾਂਘੇ ਸੰਬੰਧੀ ਦਿੱਤੇ ਵਿਵਾਦਿਤ ਬਿਆਨ ‘ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਸਖ਼ਤ ਪ੍ਰਤੀਕਰਮ ਦਿੰਦਿਆਂ ਇਸ ਨੂੰ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਨੇ ਇਸ ਮਾਮਲੇ ਵਿਚ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਡੀਜੀਪੀ ਖ਼ਿਲਾਫ਼ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਕਾਰਵਾਈ ਕਰਨ ਲਈ ਆਖਿਆ ਹੈ। ਉਹ ਇਸ ਸਮੇਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ਼੍ਰੀ ਨਨਕਾਣਾ ਸਾਹਿਬ ਵਿਖੇ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਗਏ ਹੋਏ ਹਨ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਜੇਕਰ ਮੱਕੇ ਦੇ ਦਰਸ਼ਨ ਕਰਨ ਮਗਰੋਂ ਮੁਸਲਮਾਨ, ਕਟਾਸ ਰਾਜ ਦੀ ਯਾਤਰਾ ਕਰਨ ਮਗਰੋਂ ਹਿੰਦੂ ਅਤੇ ਯੇਰੂਸ਼ਲਮ ਦੀ ਯਾਤਰਾ ਮਗਰੋਂ ਕੋਈ ਈਸਾਈ ਅੱਤਵਾਦੀ ਨਹੀਂ ਬਣਦਾ ਤਾਂ ਕਰਤਾਰਪੁਰ ਦੇ ਦਰਸ਼ਨ ਕਰਨ ਮਗਰੋਂ ਕੋਈ ਸਿੱਖ ਕਿਵੇਂ ਅੱਤਵਾਦੀ ਬਣ ਸਕਦਾ ਹੈ। ਉਨ੍ਹਾਂ ਆਖਿਆ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਸਿੱਖਾਂ ਲਈ ਇੱਕ ਅਹਿਮ ਸਥਾਨ ਹੈ ਅਤੇ ਜੇਕਰ ਉਨ੍ਹਾਂ ਨੂੰ ਇਸ ਦੇ ਦਰਸ਼ਨ ਕਰਨ ਲਈ ਅੱਤਵਾਦੀ ਕਹਾਉਣਾ ਪਵੇਗਾ ਤਾਂ ਸਿੱਖ ਇਸ ਵਾਸਤੇ ਵੀ ਤਿਆਰ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਸਮੁੱਚੇ ਕੈਂਪਸ ਨੂੰ ਵੇਖਿਆ ਹੈ। ਇੱਥੇ ਕਿਸੇ ਵੀ ਤਰ੍ਹਾਂ ਦੀ ਕੋਈ ਦੇਸ਼ ਵਿਰੋਧੀ ਗਤੀਵਿਧੀ ਨਹੀਂ ਚਲ ਰਹੀ ਹੈ। ਇੱਥੋਂ ਸਿਰਫ਼ ਗੁਰੂ ਸਾਹਿਬ ਵੱਲੋਂ ਦਿੱਤਾ ਆਪਸੀ ਪ੍ਰੇਮ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਗਤ ਨਿਡਰ ਹੋ ਕੇ ਵੱਡੀ ਗਿਣਤੀ ਵਿਚ ਆਪਣੇ ਬੱਚਿਆਂ ਸਮੇਤ ਇਸ ਧਾਰਮਿਕ ਸਥਾਨ ਦੇ ਦਰਸ਼ਨਾਂ ਲਈ ਆਵੇ। ਉਨ੍ਹਾਂ ਗੁਰਦੁਆਰਾ ਕਰਤਾਰਪੁਰ ਲਾਂਘਾ ਖੋਲ੍ਹਣ ਅਤੇ ਗੁਰਦੁਆਰੇ ਦੇ ਕੈਂਪਸ ਨੂੰ ਅਤਿ ਸੁੰਦਰ ਬਣਾਉਣ ਵਾਸਤੇ ਪਾਕਿਸਤਾਨ ਸਰਕਾਰ ਅਤੇ ਪੀਜੀਪੀਸੀ ਦੀ ਭਰਵੀਂ ਸ਼ਲਾਘਾ ਕੀਤੀ ਹੈ। ਉਨ੍ਹਾਂ ਆਖਿਆ ਕਿ ਇੱਥੇ ਸਿੱਖ ਹੀ ਨਹੀਂ ਸਗੋਂ ਪਾਕਿਸਤਾਨ ਵਿੱਚ ਰਹਿੰਦੇ ਮੁਸਲਿਮ ਭਾਈਚਾਰੇ ਦੇ ਲੋਕ ਵੀ ਦਰਸ਼ਨਾਂ ਲਈ ਆ ਰਹੇ ਹਨ, ਜੋ ਆਪਸੀ ਸਾਂਝ ਲਈ ਇਕ ਚੰਗੀ ਗੱਲ ਹੈ।
ਪੀਜੀਪੀਸੀ ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਨੇ ਆਖਿਆ ਕਿ ਪਹਿਲੇ ਗੁਰੂ ਨੇ ਇੱਥੋਂ ਆਪਸੀ ਭਾਈਚਾਰਕ ਸਾਂਝ ਅਤੇ ਪ੍ਰੇਮ ਪਿਆਰ ਦਾ ਸੁਨੇਹਾ ਦਿੱਤਾ ਸੀ। ਇਸ ਸਥਾਨ ਦਾ ਅੱਤਵਾਦ ਨਾਲ ਕੋਈ ਸਬੰਧ ਨਹੀਂ ਹੈ ਅਤੇ ਨਾ ਹੀ ਇੱਥੇ ਆਉਣ ਨਾਲ ਕੋਈ ਅੱਤਵਾਦੀ ਬਣੇਗਾ। ਇਸ ਤੋਂ ਪਹਿਲਾਂ ਜਥੇਦਾਰ ਦਾ ਗੁਰਦੁਆਰੇ ਵਿਚ ਪੁੱਜਣ ’ਤੇ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ ਅਤੇ ਮਗਰੋਂ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਦਰਸ਼ਨਾਂ ਤੋਂ ਬਾਅਦ ਕਰਤਾਰਪੁਰ ਸਾਹਿਬ ਤੋਂ ਮੁੜੀ ਸੰਗਤ ਵਿੱਚ ਰੋਸ
ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਦਿੱਤੇ ਗਏ ਬਿਆਨ ਤੋਂ ਬਾਅਦ ਸਿੱਖ ਸੰਗਤ ਵਿੱਚ ਰੋਸ ਪਾਇਆ ਜਾ ਰਿਹਾ ਹੈ। ਪੁਲਿਸ ਮੁਖੀ ਵੱਲੋਂ ਦਿੱਤੇ ਗਏ ਇਸ ਬਿਆਨ ’ਤੇ ਅੱਜ ਪਾਕਿਸਤਾਨ ਤੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਕੇ ਪਰਤੇ ਕਪੂਰਥਲਾ ਦੇ ਨੌਜਵਾਨ ਪਰਦੀਪ ਸਿੰਘ ਅਤੇ ਦਿੱਲੀ ਤੋਂ ਆਏ ਜਸਪਾਲ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਪਾਕਿਸਤਾਨ ਵਿਚ ਬਹੁਤ ਪਿਆਰ ਤੇ ਸਤਿਕਾਰ ਮਿਲਿਆ ਪਰ ਡੀਜੀਪੀ ਦਾ ਬਿਆਨ ਸੁਣ ਕੇ ਉਨ੍ਹਾਂ ਦਾ ਮਨ ਦੁਖੀ ਹੋਇਆ ਹੈ| ਬੰਗਲੌਰ ਤੋਂ ਆਏ ਸ਼ਰਧਾਲੂ ਚੰਦਰ ਸ਼ੇਖਰ ਨੇ ਪੰਜਾਬ ਦੇ ਡੀਜੀਪੀ ਦੇ ਇਸ ਬਿਆਨ ਨੂੰ ਉਨ੍ਹਾਂ ਦੀ ਨਿੱਜੀ ਰਾਏ ਦੱਸਿਆ ਹੈ। ਇਸ ਦੌਰਾਨ ਡੇਰਾ ਬਾਬਾ ਨਾਨਕ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਨੇ ਵੀ ਪੁਲਿਸ ਮੁਖੀ ਦੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਸ ਬਿਆਨ ਨਾਲ ਸਿੱਖ ਭਾਈਚਾਰੇ ਨੂੰ ਵੱਡੀ ਸੱਟ ਲੱਗੀ ਹੈ|