ਚੰਡੀਗੜ੍ਹ- ਕੇਂਦਰੀ ਗ੍ਰਹਿ ਮੰਤਰਾਲੇ ਨੇ 31 ਮਾਰਚ ਨੂੰ ਦੱਸਿਆ ਕਿ ਦੇਸ਼ ’ਚ ਚੱਲ ਰਹੇ 21 ਹਜ਼ਾਰ ਤੋਂ ਵੱਧ ਰਾਹਤ ਕੈਂਪਾਂ ’ਚ 6.6 ਲੱਖ ਤੋਂ ਵੱਧ ਬੇਆਸਰੇ ਤੇ ਕਰੋਨਾਵਾਇਰਸ ਕਾਰਨ ਫਸੇ ਲੋਕਾਂ ਨੇ ਸ਼ਰਨ ਲਈ ਹੋਈ ਹੈ।
ਮੰਤਰਾਲੇ ’ਚ ਸਕੱਤਰ ਪੁਨਯ ਸਲਿਲਾ ਸ਼੍ਰੀਵਾਸਤਵ ਨੇ ਕਰੋਨਾਵਾਇਰਸ ਤੇ ਲੌਕਡਾਊਨ ਬਾਰੇ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਕਿਹਾ ਕਿ ਇਨ੍ਹਾਂ ਕੈਂਪਾਂ ਤੇ ਹੋਰਨਾਂ ਥਾਵਾਂ ’ਤੇ 23 ਲੱਖ ਤੋਂ ਵੱਧ ਲੋਕਾਂ ਨੂੰ ਭੋਜਨ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲਾ ਦੇਸ਼ ’ਚ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਤਾਲਮੇਲ ਨਾਲ ਲੌਕਡਾਊਨ ਲਾਗੂ ਕਰਵਾਉਣ ’ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ ਅਤੇ ਅਜੇ ਤੱਕ ਸਥਿਤੀ ਤਸੱਲੀ ਵਾਲੀ ਹੈ। ਉਨ੍ਹਾਂ ਕਿਹਾ, ‘ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਮੁਹੱਈਆ ਕਰਵਾਈ ਗਈ ਸੂਚਨਾ ਅਨੁਸਾਰ ਤਕਰੀਬਨ 21,064 ਰਾਹਤ ਕੈਂਪ ਬਣਾਏ ਗਏ ਹਨ ਤੇ ਇਨ੍ਹਾਂ ’ਚ 6.66 ਲੱਖ ਤੋਂ ਵੱਧ ਲੋਕਾਂ ਨੇ ਸ਼ਰਨ ਲਈ ਹੋਈ ਹੈ। 23 ਲੱਖ ਤੋਂ ਵੱਧ ਵਿਅਕਤੀਆਂ ਨੂੰ ਭੋਜਨ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ।’ ਅਧਿਕਾਰੀ ਨੇ ਕਿਹਾ, ‘ਇਹ ਸਹੂਲਤ ਗਰੀਬ, ਬੇਸਹਾਰਾ ਲੋਕਾਂ ਤੇ ਫਸੇ ਹੋਏ ਪਰਵਾਸੀ ਮਜ਼ਦੂਰਾਂ ਲਈ ਹੈ ਜਿਨ੍ਹਾਂ ਨੂੰ ਸਿਰਫ਼ ਰੋਟੀ ਦੀ ਲੋੜ ਹੈ। ਇਹ ਸਹੂਲਤ ਉਨ੍ਹਾਂ ਲੋਕਾਂ ਲਈ ਵੀ ਹੈ ਜੋ ਆਪਣੀਆਂ ਥਾਵਾਂ ’ਤੇ ਪਹੁੰਚ ਚੁੱਕੇ ਹਨ ਪਰ ਨਿਯਮਾਂ ਅਨੁਸਾਰ ਉਨ੍ਹਾਂ ਨੂੰ ਵੱਖ ਰੱਖਿਆ ਗਿਆ ਹੈ।’ ਉਨ੍ਹਾਂ ਕਿਹਾ ਕਿ ਪਰਵਾਸੀ ਮਜ਼ਦੂਰਾਂ ਦੀ ਸਥਿਤੀ ਵੀ ਕਾਬੂ ਹੇਠ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ’ਚ ਜ਼ਰੂਰੀ ਵਸਤਾਂ ਦਾ ਪ੍ਰਬੰਧ ਕਰਨ ਦਾ ਕੰਮ ਵੀ ਸਹੀ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ, ‘ਸਾਨੂੰ ਉਮੀਦ ਹੈ ਕਿ ਲੌਕਡਾਊਨ ਦਾ ਪੂਰਾ ਅਸਰ ਹੋਵੇਗਾ ਤੇ ਅਸੀਂ ਮਿਲ ਕੇ ਕੋਵਿਡ-19 ਦੀ ਚੁਣੌਤੀ ਨਾਲ ਨਜਿੱਠ ਸਕਾਂਗੇ।’
ਉਨ੍ਹਾਂ ਨੂੰ ਜਦੋਂ ਪੁੱਛਿਆ ਗਿਆ ਕਿ ਕੀ ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨੇ ਗਏ ਤਿੰਨ ਹਫ਼ਤਿਆਂ ਦੇ ਲੌਕਡਾਊਨ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਕੇਂਦਰੀ ਨੀਮ ਸੈਨਿਕ ਦਸਤੇ (ਸੀਆਰਪੀਐੱਫ) ਤਾਇਨਾਤ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ ਤਾਂ ਉਨ੍ਹਾਂ ਕਿਹਾ ਕਿ ਜੇਕਰ ਕੋਈ ਸੂਬਾ ਕੇਂਦਰੀ ਗ੍ਰਹਿ ਮੰਤਰੀ ਤੋਂ ਅਜਿਹੀ ਮਦਦ ਮੰਗਦਾ ਹੈ ਤਾਂ ਕਾਰਵਾਈ ਕੀਤੀ ਜਾਵੇਗੀ।