The Khalas Tv Blog Punjab ਕੰਮ ਤੋਂ ਖਾਲੀ ਹੋਏ ਮਜ਼ਦੂਰਾਂ ਨੂੰ ਕੈਪਟਨ ਨੇ ਤਿੰਨ-ਤਿੰਨ ਹਜ਼ਾਰ ਰੁਪਏ ਦੇਣ ਦਾ ਕੀਤਾ ਐਲਾਨ
Punjab

ਕੰਮ ਤੋਂ ਖਾਲੀ ਹੋਏ ਮਜ਼ਦੂਰਾਂ ਨੂੰ ਕੈਪਟਨ ਨੇ ਤਿੰਨ-ਤਿੰਨ ਹਜ਼ਾਰ ਰੁਪਏ ਦੇਣ ਦਾ ਕੀਤਾ ਐਲਾਨ

ਚੰਡੀਗੜ੍ਹ- ਕੋਰੋਨਾਵਾਇਰਸ ਦੇ ਫੈਲਣ ਕਾਰਨ ਲੋਕਾਂ ਦੇ ਲਈ ਰੁਜ਼ਗਾਰ ਦੇ ਮੌਕੇ ਘੱਟ ਗਏ ਹਨ। ਇਸ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬਾ ਭਰ ਵਿੱਚ ਉਸਾਰੀ ਕਿਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੂਰ ਕਰਨ ਦੇ ਯਤਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਦੇ ਕਾਰਨ ਰੁਜ਼ਗਾਰ ਦੇ ਮੌਕੇ ਘਟਣ ਕਰਕੇ ਸਾਰੇ ਰਜਿਸਟਰਡ ਉਸਾਰੀ ਕਾਮਿਆਂ ਲਈ ਤਿੰਨ-ਤਿੰਨ ਹਜ਼ਾਰ ਰੁਪਏ ਦੀ ਫੌਰੀ ਰਾਹਤ ਦੇਣ ਦਾ ਐਲਾਨ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਗਰੀਬ ਪੱਖੀ ਕਦਮ ਨਾਲ ਸੂਬਾ ਭਰ ਵਿੱਚ 3.2 ਲੱਖ ਉਸਾਰੀ ਕਾਮਿਆਂ ਦੇ ਬੈਂਕ ਖਾਤਿਆਂ ਵਿੱਚ ਇਹ ਪੈਸੇ ਪਾ ਦਿੱਤੇ ਜਾਣਗੇ। ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਉਦੇਸ਼ ਲਈ 96 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਰਤ ਵਿਭਾਗ ਨੂੰ ਹੁਕਮ ਦਿੱਤੇ ਕਿ ਸੋਮਵਾਰ ਤੱਕ ਸਾਰੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਇਹ ਰਾਸ਼ੀ ਪੈ ਜਾਣੀ ਚਾਹੀਦੀ ਹੈ। ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਸੰਕਟ ਦੀ ਇਸ ਘੜੀ ਵਿੱਚ ਸਮਾਜ ਦੇ ਅਜਿਹੇ ਤਬਕਿਆਂ ਦੀ ਸਹਾਇਤਾ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾ ਚੁੱਕੇ ਹਨ। ਇਸੇ ਦੌਰਾਨ ਮੁੱਖ ਮੰਤਰੀ ਨੇ ਕਿਰਤੀ ਕਾਮਿਆਂ ਨੂੰ ਵੀ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਅਤੇ ਸਾਰੇ ਸਾਵਧਾਨੀ ਵਾਲੇ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਨ੍ਹਾਂ ਕਾਮਿਆਂ ਨੂੰ ਭਰੋਸਾ ਦਿਵਾਇਆ ਕਿ ਇਸ ਔਖੀ ਘੜੀ ਵਿੱਚ ਸਰਕਾਰ ਉੁਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ।

Exit mobile version