India

ਖੇਤੀ ਆਰਡੀਨੈਂਸ ਮਾਮਲਾ : ਹਰਿਆਣਾ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਤਾਂ ਅੰਬਾਲਾ ਬਾਰਡਰ ‘ਤੇ ਹੀ ਲਾ ਦਿੱਤਾ ਧਰਨਾ

‘ਦ ਖ਼ਾਲਸ ਬਿਊਰੋ:- ਖੇਤੀ ਆਰਡੀਨੈਂਸ ਬਿੱਲਾਂ ਨੂੰ ਰੱਦ ਕਰਵਾਉਣ ਲਈ ਅੱਜ ਯੂਥ ਕਾਂਗਰਸ ਵੱਲੋਂ ਟਰੈਕਟਰ ਮਾਰਚ ਕੱਢ ਕੇ ਦਿੱਲੀ ਵੱਲ ਕੂਚ ਕੀਤਾ ਜਾ ਰਿਹਾ ਹੈ।  ਇਸ ਦੌਰਾਨ ਪੁਲਿਸ ਨੇ ਉਹਨਾਂ ਨੂੰ ਅੰਬਾਲਾ ਬਾਰਡਰ ‘ਤੇ ਹੀ ਰੋਕ ਲਿਆ,  ਜਿਸ ਦੌਰਾਨ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਅਤੇ ਵਰਕਰ ਧਰਨੇ ‘ਤੇ ਹੀ ਬੈਠ ਗਏ ਹਨ।  ਫਿਲਹਾਲ, ਅੰਬਾਲਾ ਬਾਰਡਰ ‘ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ, ਜਿਨ੍ਹਾਂ ਵੱਲੋਂ ਯੂਥ ਕਾਂਗਰਸ ਦੇ ਵਰਕਰਾਂ ਨੂੰ ਅੱਗੇ ਜਾਣ ਤੋਂ ਰੋਕਿਆ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਕਿਸਾਨਾਂ ਨੇ ਟਰੈਕਟਰ ਨੂੰ ਅੱਗ ਲਗਾ ਦਿੱਤੀ ਸੀ।  ਉੱਥੇ ਪੁਲਿਸ ਵੱਲੋਂ ਕਾਂਗਰਸੀ ਵਰਕਰਾਂ ‘ਤੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ ਗਈਆਂ,  ਜਿਸ ਕਾਰਨ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।  ਇਸ ਮੌਕੇ ਕਿਸਾਨਾਂ ਅਤੇ ਯੂਥ ਕਾਂਗਰਸ ਦੇ ਵਰਕਰਾਂ ਵੱਲੋਂ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਲਗਾਤਾਰ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।