‘ਦ ਖ਼ਾਲਸ ਬਿਊਰੋ:- ਨਵੇਂ ਖੇਤੀ ਬਿੱਲਾਂ ਖਿਲਾਫ ਬੈਂਸ ਭਰਾ ਵੀ ਮੈਦਾਨ ਵਿੱਚ ਉੱਤਰੇ ਹਨ। ਲੋਕ ਇਨਸਾਫ਼ ਪਾਰਟੀ ਵੱਲੋਂ ਪਾਰਟੀ ਦੇ ਲੀਡਰ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਨੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਦਿੱਲੀ ਪਾਰਲੀਮੈਂਟ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।
ਬੈਂਸ ਭਰਾਵਾਂ ਦੀ ਅਗਵਾਈ ਵਿੱਚ ਖੇਤੀ ਬਿੱਲਾਂ ਦੇ ਵਿਰੋਧ ‘ਚ ਮੋਟਰਸਾਈਕਲ ਰੈਲੀ ਕੱਢ ਕੇ ਦਿੱਲੀ ਵੱਲ ਕੂਚ ਕਰ ਰਹੇ ਸਨ ਕਿ ਉਹਨਾਂ ਨੂੰ ਅੰਬਾਲਾ ਬਾਰਡਰ ‘ਤੇ ਰੋਕ ਲਿਆ ਗਿਆ। ਹਰਿਆਣਾ ਪੁਲਿਸ ਨੇ ਬੈਂਸ ਭਰਾਵਾਂ ਨੂੰ ਸ਼ੰਭੂ ਬਾਰਡਰ ਤੋਂ ਰੋਕ ਲਿਆ ਹੈ।
ਇਸ ਦੌਰਾਨ ਹਰਿਆਣਾ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ‘ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਤੇ ਉਹਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਗਿਆ। ਹਰਿਆਣਾ ਵਿੱਚ ਐਂਟਰੀ ਕਰਨ ਤੋਂ ਰੋਕਣ ਲਈ ਬੈਰੀਕੇਡਿੰਗ ਕੀਤੀ ਗਈ ਹੈ। ਬਲਵਿੰਦਰ ਬੈਂਸ ਨੇ ਕਿਹਾ ਕਿ ਦੇਸ਼ ਵਿੱਚ ਲੋਕਤੰਤਰ ਖਤਮ ਹੋ ਗਿਆ ਹੈ। ਉੱਥੇ ਹੀ ਪ੍ਰਦਰਸ਼ਨਕਾਰੀਆਂ ਨੇ ਖੇਤੀ ਬਿੱਲਾਂ ਦੇ ਵਿਰੋਧ ‘ਚ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਇਸ ਬਿੱਲ ਨੂੰ ਰੱਦ ਕਰਨ ਦੀ ਮੰਗ ਕੀਤੀ।
ਫ਼ਤਿਹਗੜ੍ਹ ਸਾਹਿਬ ਤੋਂ ਮੋਟਰਸਾਈਕਲ ਯਾਤਰਾ ਦਿੱਲੀ ਵੱਲ ਨੂੰ ਰਵਾਨਾ ਹੋਈ ਸੀ। ਇਹ ਮੋਟਰਸਾਈਕਲ ਯਾਤਰਾ ਕੇਂਦਰ ਸਰਕਾਰ ਵੱਲੋਂ ਸੰਸਦ ਵਿੱਚ ਪਾਸ ਕੀਤੇ ਗਏ ਖੇਤੀ ਨਾਲ ਸਬੰਧਤ ਤਿੰਨ ਆਰਡੀਨੈਂਸਾਂ ਦੇ ਵਿਰੋਧ ਵਿੱਚ ਸ਼ੁਰੂ ਕੀਤੀ ਗਈ।