India

ਗਿਰਗਿਟ ਵਰਗੇ ਸਿਆਸਤਦਾਨ, ਕਾਂਗਰਸ ਛੱਡ ਕੇ ਬੀਜੇਪੀ ਦੇ ਹੋਏ ਸਿੰਧੀਆ ਨੇ ਕਿਹਾ, ਦੇਸ਼ ਸੇਵਾ ਦਾ ਮੌਕਾ ਮਿਲੂਗਾ

ਚੰਡੀਗੜ੍ਹ- (ਪੁਨੀਤ ਕੌਰ) ਬੀਜੇਪੀ ਹੈਡਕੁਆਰਟਰ ਵਿੱਚ ਕਾਂਗਰਸ ਦੇ ਆਗੂ ਰਹੇ ਜੋਤੀਰਾਦਿੱਤਿਆ ਸਿੰਧੀਆ ਨੂੰ ਅੱਜ ਬੀਜੇਪੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨੇ ਭਾਜਪਾ ਵਿੱਚ ਸ਼ਾਮਿਲ ਕੀਤਾ ਹੈ। ਜੇ.ਪੀ.ਨੱਡਾ ਨੇ ਜੋਤੀਰਾਦਿੱਤਿਆ ਸਿੰਧੀਆ ਦਾ ਪਾਰਟੀ ਵਿੱਚ ਸ਼ਾਮਿਲ ਹੋਣ ‘ਤੇ ਨਿੱਘਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜੋਤੀਰਾਦਿੱਤਿਆ ਸਿੰਧੀਆ ਉਨ੍ਹਾਂ ਦੀ ਪਾਰਟੀ ਵਿੱਚ ਪਰਿਵਾਰ ਦੇ ਮੈਂਬਰ ਦੀ ਤਰ੍ਹਾਂ ਹਨ। ਉਨ੍ਹਾਂ ਨੂੰ ਕੇਂਦਰ ਵਿੱਚ ਮੰਤਰੀ ਬਣਾਇਆ ਜਾ ਸਕਦਾ ਹੈ। ਜੋਤੀਰਾਦਿੱਤਿਆ ਸਿੰਧੀਆ 18 ਸਾਲ ਤੱਕ ਕਾਂਗਰਸ ਪਾਰਟੀ ਵਿੱਚ ਰਹੇ ਸਨ। ਉਨ੍ਹਾਂ ਨੇ ਬੀਜੇਪੀ ਵਿੱਚ ਸ਼ਾਮਿਲ ਹੁੰਦਿਆਂ ਹੀ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਪਾਰਟੀ ਹੁਣ ਪਹਿਲਾ ਵਾਲੀ ਨਹੀਂ ਰਹੀ ਹੈ।

ਉਨ੍ਹਾਂ ਕਿਹਾ ਕਿ ਮੱਧ-ਪ੍ਰਦੇਸ਼ ‘ਚ ਸਰਕਾਰ ਬਣਨ ਦੇ 18 ਮਹੀਨਿਆਂ ਬਾਅਦ ਉਨ੍ਹਾਂ ਦੇ ਸੁਪਨੇ ਟੁੱਟੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਉਨ੍ਹਾਂ ਦੇ ਪਿਤਾ ਜੀ ਦੀ 75ਵੀਂ ਵਰ੍ਹੇਗੰਢ ਹੈ। ਜੋਤੀਰਾਦਿੱਤਿਆ ਸਿੰਧੀਆ ਨੇ ਪਾਰਟੀ ਵਿੱਚ ਸ਼ਾਮਿਲ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ,ਅਮਿਤ ਸ਼ਾਹ ਅਤੇ ਜੇ.ਪੀ.ਨੱਢਾ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਬੀਜੇਪੀ ਨੇ ਦੇਸ਼-ਸੇਵਾ ਲਈ ਚੰਗਾ ਮੰਚ ਸੌਂਪਿਆ ਹੈ। ਮੁੱਖ ਮੰਤਰੀ ਕਮਲ ਨਾਥ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਨਾਰਾਜ਼ ਆਗੂ ਜੋਤੀਰਾਦਿੱਤਿਆ ਸਿੰਧੀਆ ਨੇ ਕੱਲ੍ਹ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫ਼ਾ ਭੇਜਿਆ ਸੀ। ਜੋਤੀਰਾਦਿੱਤਿਆ ਸਿੰਧੀਆ ਨੇ ਕਿਹਾ ਸੀ ਕਿ ਉਹ ਕਾਂਗਰਸ ਵਿੱਚ ਰਹਿ ਕੇ ਦੇਸ਼ ਦੀ ਸੇਵਾ ਨਹੀਂ ਕਰ ਸਕਦੇ ਹਨ।