‘ਦ ਖ਼ਾਲਸ ਬਿਊਰੋ:- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ ਨਾਲ ਗੁਪਤ ਮੀਟਿੰਗ ਕੀਤੀ। ਇਸ ਗੁਪਤ ਬੈਠਕ ਨੇ ਪੰਥਕ ਹਲਕਿਆਂ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਪੰਜਾਬੀ ਟ੍ਰਿਬਿਊਨ ਦੀ ਖ਼ਬਰ ਮੁਤਾਬਿਕ ਗਿਆਨੀ ਹਰਪ੍ਰੀਤ ਸਿੰਘ ਅੱਜ 8 ਜੂਨ ਸਵੇਰੇ ਸਾਢੇ ਦਸ ਵਜੇ ਦੇ ਕਰੀਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਦੀ ਗੈਰ ਹਾਜ਼ਰੀ ਵਿੱਚ ਹੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇ ਅਤੇ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸਿੱਧਾ ਪ੍ਰੋ. ਮਨਜੀਤ ਸਿੰਘ ਦੀ ਰਿਹਾਇਸ਼ ਵਿਖੇ ਮੁਲਾਕਾਤ ਲਈ ਚਲੇ ਗਏ। ਸਵੇਰ ਦੇ ਗਏ ਜਥੇਦਾਰ ਹਰਪ੍ਰੀਤ ਸਿੰਘ ਪ੍ਰੋ. ਮਨਜੀਤ ਸਿੰਘ ਕੋਲੋਂ ਬਾਅਦ ਦੁਪਹਿਰ ਪਰਤੇ। ਹਾਲਾਂਕਿ ਦੋਵਾਂ ਵਿਚਾਲੇ ਹੋਈ ਗੱਲਬਾਤ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ, ਪਰ ਇਸ ਮੁਲਾਕਾਤ ਦੀ ਕਾਫੀ ਚਰਚਾ ਹੋ ਰਹੀ ਹੈ। ਉਧਰ ਪੰਜਾਬ ਪੁਲਿਸ ਦਾ ਖੁਫੀਆ ਵਿੰਗ ਇਸ ਮੁਲਾਕਾਤ ਤੋਂ ਬਾਅਦ ਭਾਜੜਾਂ ਪੈ ਗਈਆਂ ਪਰ ਕੁਝ ਵੀ ਹੱਥ ਨਹੀਂ ਆਇਆ।