ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖਾਂ ਦੇ ਪਰਿਵਾਰਕ ਮੈਂਬਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਦੀ ਇਜਾਜ਼ਤ ਨਾ ਦੇਣ ’ਤੇ ਇਸ ਗੱਲ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਵਿੱਚ ਹਰੇਕ ਨਾਗਰਿਕ ਮੌਲਿਕ ਹੱਕਾਂ ਨੂੰ ਸੁਰੱਖਿਅਤ ਰੱਖਿਆ ਗਿਆ । ਜਦੋਂ ਤੱਕ ਕਿਸੇ ਵੀ ਵਿਅਕਤੀ ‘ਤੇ ਅਦਾਲਤ ਵਿੱਚ ਦੋਸ਼ ਸਾਬਤ ਨਹੀਂ ਹੋ ਜਾਂਦਾ, ਉਦੋਂ ਤੱਕ ਉਸ ਵਿਅਕਤੀ ਨੂੰ ਨਾ ਤੇ ਦੋਸ਼ੀ ਐਲਾਨਿਆ ਜਾ ਸਕਦਾ ਹੈ ਤੇ ਨਾ ਹੀ ਸਮਝਿਆ ਜਾਣਾ ਚਾਹੀਦਾ ਹੈ । ਇਸ ਤਰ੍ਹਾਂ ਹੀ ਸਾਡੇ ਸੰਵਿਧਾਨ ਦੇ ਆਰਟੀਕਲ 22 ਰਾਹੀਂ ਕਿਸੇ ਵੀ ਬੰਦੀ ਨੂੰ ਆਪਣੇ ਵਕੀਲ ਨੂੰ ਮਿਲਣ ਤੇ ਸਲਾਹ ਮਸ਼ਵਰਾ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ ।
ਉਨ੍ਹਾਂ ਨੇ ਕਿਹਾ ਕਿ ਪਰ ਸਿੱਖ ਨੌਜਵਾਨ ਆਗੂ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਦੇ ਇਹਨਾਂ ਅਧਿਕਾਰਾਂ ਨੂੰ ਪੰਜਾਬ ਸਰਕਾਰ ਕੁਚਲ ਰਹੀ ਹੈ । ਜੋ ਕਿ ਬੇਹੱਦ ਮੰਦਭਾਗਾ ਹੈ । ਜਿਵੇਂ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਿਆ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਨੇ ਚਿੱਠੀ ਰਾਹੀਂ ਇਹ ਦੋਸ਼ ਲਗਾਏ ਹਨ ਕਿ ਪੰਜਾਬ ਸਰਕਾਰ ਦੇ ਦਖਲ ਕਾਰਨ ਉਹਨਾਂ ਨੂੰ ਵਕੀਲਾਂ ਨਾਲ ਮਿਲਣ ਨਹੀ ਦਿੱਤਾ ਜਾ ਰਿਹਾ । ਇਹ ਸਿੱਧੇ ਤੇ ਸਪੱਸ਼ਟ ਰੂਪ ਵਿੱਚ ਸੰਵਿਧਾਨ ਦੀ ਉਲੰਘਣਾ ਹੈ । ਜੋ ਪੰਜਾਬ ਸਰਕਾਰ ਆਪਣੇ ਨਿੱਜੀ ਰੰਜਿਸ਼ ਤਹਿਤ ਕਰ ਰਹੀ ਹੈ ।
ਸਰਨਾ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਦੀ ਕੋਈ ਵੀ ਵਿਚਾਰਧਾਰਾ ਹੋ ਸਕਦੀ ਹੈ । ਸਾਡਾ ਸੰਵਿਧਾਨ ਹਰ ਕਿਸੇ ਨੂੰ ਆਪਣੇ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦਿੰਦਾ ਹੈ । ਕਿਸੇ ਦੇ ਵੱਖਰੇ ਸਿਆਸੀ ਵਿਚਾਰਾਂ ਕਰਕੇ ਉਸਨੂੰ ਨਿਸ਼ਾਨਾ ਬਣਾਉਣਾ ਬੇਇਨਸਾਫ਼ੀ ਤੇ ਹੈ ਹੀ ਅਤੇ ਇਹ ਸੰਵਿਧਾਨ ਦੀ ਮੂਲ ਭਾਵਨਾ ਦੇ ਵੀ ਉਲਟ ਹੈ ।
ਉਨ੍ਹਾਂ ਨੇ ਕਿਹਾ ਕਿ ਇਹ ਨਿੱਜੀ ਰੰਜਿਸ਼ ਹੀ ਕਹੀ ਜਾ ਸਕਦੀ ਹੈ ਕਿ ਉਹਨਾਂ ਸਾਰੇ ਸਿੱਖ ਨੌਜਵਾਨਾਂ ਨੂੰ ਮਾਨਸਿਕ ਤੌਰ ਤੇ ਪਰੇਸ਼ਾਨ ਕਰਨ ਲਈ ਸਰਕਾਰ ਨੂੰ ਪੰਜਾਬ ਤੋਂ ਬੇਹੱਦ ਦੂਰ ਜੇਲ੍ਹ ਵਿੱਚ ਰੱਖਿਆ ਹੋਇਆ ਹੈ ਤੇ ਹੁਣ ਵਕੀਲਾਂ ਨੂੰ ਵੀ ਮਿਲਣ ਨਹੀ ਦਿੱਤਾ ਜਾ ਰਿਹਾ ਤਾਂ ਜੋ ਉਹ ਆਪਣੇ ਤੇ ਲਗਾਏ ਗਏ ਦੋਸ਼ਾਂ ਦੀ ਸਹੀ ਪੈਰਵੀ ਕਰ ਸਕਣ । ਇਹ ਧੱਕੇਸ਼ਾਹੀ ਬੰਦ ਹੋਣੀ ਚਾਹੀਦੀ ਹੈ ।
ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਧੱਕੇਸ਼ਾਹੀ ਵਾਲੀ ਗੌਰ ਕਰਦਿਆਂ ਬਿਨਾ ਕਿਸੇ ਦੇਰੀ ਦੇ ਭਾਈ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਨੂੰ ਪੰਜਾਬ ਦੇ ਕਿਸੇ ਜੇਲ੍ਹ ਵਿੱਚ ਤਬਦੀਲ ਕਰੇ ਅਤੇ ਉਹਨਾਂ ਸਾਰੇ ਨੌਜਵਾਨਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਤੇ ਵਕੀਲਾਂ ਨਾਲ ਨਿਯਮਾਂ ਅਨੁਸਾਰ ਮੁਲਾਕਾਤ ਯਕੀਨੀ ਬਣਾਵੇ ਤਾਂ ਜੋ ਆਪਣੇ ਆਪਣੇ ਕੇਸਾਂ ਦੀ ਸਹੀ ਰੂਪ ਵਿੱਚ ਪੈਰਵੀ ਕਰ ਸਕਣ । ਜਿੱਥੇ ਇਹ ਇਨਸਾਫ਼ ਲਈ ਵੀ ਜ਼ਰੂਰੀ ਹੈ । ਉੱਥੇ ਹੀ ਇਹ ਸਾਡੀ ਸੰਵਿਧਾਨ ਦੀ ਮੂਲ ਭਾਵਨਾ ਨੂੰ ਜਿਉਂਦੇ ਰੱਖਣ ਲਈ ਵੀ ਅਤਿ ਜ਼ਰੂਰੀ ਹੈ ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਇਸ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖਾਂ ਦੇ ਪਰਿਵਾਰਕ ਮੈਂਬਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਦੀ ਇਜਾਜ਼ਤ ਨਾ ਦੇਣ ’ਤੇ ਇਤਰਾਜ਼ ਪ੍ਰਗਟਾਇਆ ਸੀ।