ਚੰਡੀਗੜ੍ਹ-(ਪੁਨੀਤ ਕੌਰ) ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ,ਐੱਮ.ਐੱਸ. ਬਲਾਕ ਹਰੀ ਨਗਰ (ਨਵੀਂ ਦਿੱਲੀ) ਦੇ ਮਾਮਲੇ ਸੰਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ,ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਗਿਆ ਸੀ।
ਇਨ੍ਹਾਂ ਸਾਰਿਆਂ ਦੇ ਵਿਚਾਰ ਸੁਣ ਕੇ ਸਿੰਘ ਸਾਹਿਬ ਨੇ ਇੱਕ ਕਮੇਟੀ ਗਠਿਤ ਕਰਨ ਦਾ ਐਲਾਨ ਕੀਤਾ ਹੈ ਜੋ ਥੋੜ੍ਹੇ ਸਮੇਂ ਦੇ ਅੰਦਰ ਹੀ ਪੂਰੇ ਮਾਮਲੇ ਦੀ ਛਾਣਬੀਨ ਕਰਕੇ ਰਿਪੋਰਟ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੇਵੇਗੀ ਅਤੇ ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ,ਉਸ ਉੱਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਜਥੇਦਾਰ ਨੇ ਦਿੱਲੀ ਦੇ ਪ੍ਰਧਾਨਾਂ ਨੂੰ ਤਾੜਨਾ ਵੀ ਕੀਤੀ ਹੈ ਕਿ ਜਦੋਂ ਤੱਕ ਕਮੇਟੀ ਰਿਪੋਰਟ ਨਹੀਂ ਦਿੰਦੀ ਉਦੋਂ ਤੱਕ ਇੱਕ-ਦੂਸਰੇ ਖਿਲਾਫ਼ ਕੋਈ ਦੂਸ਼ਣ ਬਿਆਨਬਾਜ਼ੀ ਨਾ ਕੀਤੀ ਜਾਵੇ।