ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਵਾਲੀਆਂ ਖ਼ਬਰਾਂ ਵਧਦੀਆਂ ਜਾ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ (Canada) ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬ ਦੀ ਨੌਜਵਾਨ ਲੜਕੇ ਦੀ ਸੜਕ ਹਾਦਸੇ ‘ਚ ਮੌਤ ਹੋ ਗਈ।
ਇੱਕ ਵਾਰ ਫਿਰ ਵਿਦੇਸ਼ ਤੋਂ ਆਈ ਮੰਦਭਾਗੀ ਖ਼ਬਰ ਨੇ ਪੰਜਾਬ ਵਿੱਚ ਬੈਠੇ ਪਰਿਵਾਰ ਦੇ ਪੈਰੋਂ ਹੇਠਾਂ ਜ਼ਮੀਨ ਖਿਸਕਾ ਦਿੱਤੀ, ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦਾ ਪੁੱਤ ਇਸ ਦੁਨੀਆ ਵਿੱਚ ਨਹੀਂ ਰਿਹਾ। ਚਾਵਾਂ ਨਾਲ ਕੈਨੇਡਾ ਭੇਜਿਆ ਪੁੱਤ ਉਥੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਉਸ ਦੀ ਦਰਦਨਾਕ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਅਮਿਤ ਬਹਿਲ (28) ਪੁੱਤਰ ਰੌਣਕ ਬਹਿਲ ਵਾਸੀ ਭੁਲੱਥ ਬਲਾਕ ਵਜੋਂ ਹੋਈ ਹੈ। ਉਕਤ ਨੌਜਵਾਨ ਆਪਣੇ ਚੰਗੇ ਭਵਿੱਖ ਲਈ ਉੱਚ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਗਿਆ ਸੀ। ਪਤਾ ਲੱਗਾ ਹੈ ਕਿ ਕੈਨੇਡਾ ਦੇ ਬਰੈਮਟਨ ‘ਚ ਰਹਿਣ ਵਾਲਾ ਅਮਿਤ ਬਹਿਲ ਨਾਂ ਦਾ ਨੌਜਵਾਨ ਜਦੋਂ ਸੜਕ ਪਾਰ ਕਰ ਰਿਹਾ ਸੀ ਤਾਂ ਅਚਾਨਕ ਸਾਹਮਣੇ ਤੋਂ ਆਈ ਇਕ ਬੇਕਾਬੂ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਅਮਿਤ ਮੌਕੇ ‘ਤੇ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਹ ਨੌਜਵਾਨ ਪੜ੍ਹਾਈ ਵਿੱਚ ਬਹੁਤ ਹੁਸ਼ਿਆਰ ਸੀ ਅਤੇ ਚੰਗੇ ਸੁਭਾਅ ਅਤੇ ਨੇਕ ਵਿਚਾਰਾਂ ਦਾ ਮਾਲਕ ਸੀ। ਦੀਵਾਲੀ ਤੋਂ ਪਹਿਲਾਂ ਨੌਜਵਾਨ ਪੁੱਤਰ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਨੌਜਵਾਨ ਦੀ ਬੇਵਕਤੀ ਮੌਤ ’ਤੇ ਕਸਬਾ ਭੁਲੱਥ ਵਿੱਚ ਹਰ ਪਾਸੇ ਸੋਗ ਹੈ ਤੇ ਲੋਕਾਂ ਵੱਲੋਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ।